ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹਾ ਮੁਨਾਫ਼ਾ : ਧਰਮਜੀਤ ਰਾਮੇਆਣਾ
ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹਾ ਮੁਨਾਫ਼ਾ : ਧਰਮਜੀਤ ਰਾਮੇਆਣਾ
Publish Date: Mon, 13 Apr 2026 04:45 PM (IST)
Updated Date: Tue, 14 Apr 2026 04:04 AM (IST)

ਮੁਫਤ ਬਿਜਲੀ ਦੇਣ ਦੇ ਕਾਰਜ ਦੀ ਕੀਤੀ ਸ਼ਲਾਘਾ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਜਲੀ ਖੇਤਰ ਵਿਚ ਵੱਡਾ ਢਾਂਚਾਗਤ ਬਦਲਾਅ ਕੀਤਾ ਗਿਆ ਹੈ। ਕਿਸੇ ਸਮੇਂ ਘਾਟੇ ਵਿਚ ਚੱਲ ਰਿਹਾ ਇਹ ਵਿਭਾਗ ਹੁਣ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਕੇ ਵੀ ਮੁਨਾਫ਼ਾ ਕਮਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਬਹੁਗਿਣਤੀ ਪਰਿਵਾਰਾਂ ਲਈ ਜ਼ੀਰੋ ਬਿਜਲੀ ਬਿੱਲ ਯਕੀਨੀ ਬਣਾਏ, ਸਗੋਂ ਪਿਛਲੀਆਂ ਸਰਕਾਰਾਂ ਵੱਲੋਂ ਜਨਤਕ ਜਾਇਦਾਦਾਂ ਵੇਚਣ ਦੇ ਪੁਰਾਣੇ ਰੁਝਾਨ ਨੂੰ ਬਦਲਦਿਆਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਬਿਜਲੀ ਉਪਲਬਧਤਾ ਵਿਚ ਅਹਿਮ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਸਮੇਤ ਹੋਰ ਸ਼੍ਰੇਣੀਆਂ ਲਈ ਟੈਰਿਫ ਘਟਾਏ ਗਏ ਹਨ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਵੇਂ ਸਬਸਟੇਸ਼ਨਾਂ ਅਤੇ ਟਰਾਂਸਫਾਰਮਰਾਂ ਰਾਹੀਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਿਜਲੀ ਖੇਤਰ ਵਿਚ 9593 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 1750 ਹੋਰ ਅਸਾਮੀਆਂ ਲਈ ਭਰਤੀ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਿਜਲੀ ਵਿਭਾਗ (ਪੀਐੱਸਪੀਸੀਐੱਲ) ਵੱਲੋਂ ਏ-ਪਲੱਸ ਰੇਟਿੰਗ ਹਾਸਲ ਕਰਨਾ, ਰਾਸ਼ਟਰੀ ਪੱਧਰ ’ਤੇ ਦੂਜਾ ਸਥਾਨ ਮਿਲਣਾ ਪੰਜਾਬ ਨੂੰ ਬਿਜਲੀ ਵਿਚ ਆਤਮ-ਨਿਰਭਰ ਬਣਾਉਣ ਅਤੇ ਲੋਕਾਂ ਲਈ 24 ਘੰਟੇ ਮੁਫ਼ਤ ਬਿਜਲੀ ਸਪਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਧਰਮਜੀਤ ਸਿੰਘ ਰਾਮੇਆਣਾ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਨੇ ਹਰ ਖੇਤਰ ਨੂੰ ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਵਾ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਪਹਿਲੀ ਵਾਰ ਲੋਕਾਂ ਨੂੰ ਬਿਨਾਂ ਕਿਸੇ ਵਾਧੂ ਵਿੱਤੀ ਬੋਝ ਤੋਂ ਬਿਜਲੀ ਦੀ ਨਿਰੰਤਰ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਵਿਚ ਮਾਨ ਸਰਕਾਰ ਨੇ ਵਾਂਗਡੋਰ ਸੰਭਾਲੀ ਸੀ ਤਾਂ ਸਿੰਚਾਈ ਲਈ ਸਿਰਫ਼ 22 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਪਰ ਅੱਜ ਇਹ ਪ੍ਰਤੀਸ਼ਤ ਵਧ ਕੇ 78 ਫ਼ੀਸਦੀ ਹੋ ਗਿਆ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 90 ਫ਼ੀਸਦੀ ਤੱਕ ਵਧਾ ਦਿੱਤਾ ਜਾਵੇਗਾ। ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਬਿਜਲੀ ਸਪਲਾਈ ਮਿਲੀ ਅਤੇ ਦਿਨ ਵੇਲੇ 95 ਫ਼ੀਸਦ ਸਪਲਾਈ ਯਕੀਨੀ ਬਣਾਈ ਗਈ। ਉਨ੍ਹਾਂ ਅੱਗੇ ਕਿਹਾ ਕਿ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਲਗਪਗ 90 ਫ਼ੀਸਦ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ।