- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੋਬਿੰਦਰ ਸਿੰਘ ਵਾਲੀਆ ਨੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੇਣ ਦੀ ਕੀਤੀ ਸ਼ਲਾਘਾ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ ਅਤੇ ਪੰਜਾਬ ਦੇ ਲੋਕਾਂ ਦੇ ਇਲਾਜ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ ਨੇ ਗੱਲਬਾਤ ਕਰਦਿਆਂ ਕੀਤਾ। ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁਹਾਲੀ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਇਤਿਹਾਸਕ ਉਦਘਾਟਨ ਕੀਤਾ ਗਿਆ। ਗੋਬਿੰਦਰ ਸਿੰਘ ਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੋਈ ਆਮਦਨ ਦੀ ਪਾਬੰਦੀ ਜਾਂ ਉਮਰ ਸੀਮਾ ਨਹੀਂ ਹੈ। ਪੰਜਾਬ ਦੇ ਲੋਕਾਂ ਕੋਲ ਆਧਾਰ ਕਾਰਡ ਅਤੇ ਵੋਟਰ ਕਾਰਡ ਹੋਣਾ ਜ਼ਰੂਰੀ ਹੈ ਅਤੇ ਪੂਰਾ ਪਰਿਵਾਰ ਇਸ ਯੋਜਨਾਂ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਇਕ ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਸਪਤਾਲ ਜਾਣ ਵੇਲੇ ਸਾਰੇ ਟੈਸਟਾਂ, ਦਵਾਈਆਂ ਅਤੇ ਸਰਜਰੀਆਂ ਦਾ ਸਾਰਾ ਖ਼ਰਚਾ ਸ਼ਾਮਿਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ’ਚ ਦਾਖਲ ਹੁੰਦੇ ਹੀ ਸਕੀਮ ਕਾਰਡ ਚਾਲੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਨਾਗਰਿਕ, ਪੈਨਸ਼ਨਰ, ਸਰਕਾਰੀ ਕਰਮਚਾਰੀ ਸਾਰੇ ਪੰਜਾਬ ਵਾਸੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੀ ਬਿਮਾਰੀ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਪਹਿਲਾਂ ਬੀਮਾ ਲਾਭ ਦਿੰਦੀਆਂ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੀਆਂ ਸ਼ਰਤਾਂ ਖ਼ਤਮ ਕਰ ਦਿੱਤੀਆਂ ਹਨ ਅਤੇ ਪੰਜਾਬ ਦੇ ਹਰ ਵਾਸੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ, ਜਿਸ ਦੀ ਸ਼ੁਰੂਆਤ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਲੋਕਾਂ ’ਤੇ ਪੈਣ ਵਾਲਾ ਵੱਡਾ ਬੋਝ ਘਟੇਗਾ। ਆਮ ਆਦਮੀ ਪਾਰਟੀ ਦੇ ਯੂਥ ਵਲੰਟੀਅਰ ਅਤੇ ਸਿਹਤ ਕਰਮਚਾਰੀ ਘਰ-ਘਰ ਜਾਣਗੇ ਅਤੇ ਲੋਕਾਂ ਨੂੰ ਇਸ ਯੋਜਨਾ ਵਿਚ ਰਜਿਸਟਰਡ ਕਰਨਗੇ। ਇਸ ਮੌਕੇ ਗੋਬਿੰਦਰ ਸਿੰਘ ਵਾਲੀਆ ਵੱਲੋਂ ਮਾਨ ਸਰਕਾਰ ਦਾ ਧੰਨਵਾਦ ਕੀਤਾ, ਉੱਥੇ ਹੀ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਇਲਾਜ਼ ਦੀ ਜ਼ਿੰਮੇਵਾਰੀ ਹੁਣ ਮਾਨ ਸਰਕਾਰ ਦੀ ਹੋਵੇਗੀ।