ਮਾਨ ਸਰਕਾਰ ਔਰਤਾਂ ਦੀ ਵਿੱਤੀ ਤਰੱਕੀ ਲਈ ਵਚਨਬੱਧ : ਅਮੋਲਕ ਸਿੰਘ
ਮਾਨ ਸਰਕਾਰ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਵਚਨਬੱਧ : ਵਿਧਾਇਕ ਅਮੋਲਕ ਸਿੰਘ
Publish Date: Sun, 08 Mar 2026 03:54 PM (IST)
Updated Date: Mon, 09 Mar 2026 04:00 AM (IST)

‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਤਹਿਤ ਔਰਤਾਂ ਦਾ ਸਨਮਾਨ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਰਾਮਲੀਲਾ ਗਰਾਉਂਡ ਜੈਤੋ ਵਿਖੇ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਸਿਰਲੇਖ ਹੇਠ ‘ਮਹਿਲਾ ਉੱਦਮੀ ਸਨਮਾਨ ਸਮਾਰੋਹ-2026’ ਕਰਵਾਇਆ ਗਿਆ। ਇਸ ਸਮਾਗਮ ’ਚ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਬਤੌਰ ਮੁੱਖ ਮਹਿਮਾਨ ਅਤੇ ਉਨ੍ਹਾਂ ਦੀ ਧਰਮਪਤਨੀ ਮਨਪ੍ਰੀਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ’ਚ ਉਨ੍ਹਾਂ ਮਿਹਨਤੀ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ, ਜੋ ਆਪਣਾ ਕਾਰੋਬਾਰ ਆਪਣੀ ਪਹਿਚਾਣ ਤਹਿਤ ਸਵੈ-ਸਹਾਇਤਾ ਗਰੁੱਪਾਂ ਰਾਹੀਂ ਸਵੈ-ਰੋਜ਼ਗਾਰ ਚਲਾ ਕੇ ਆਪਣੇ ਪਰਿਵਾਰਾਂ ਦਾ ਸਫ਼ਲਤਾਪੂਰਵਕ ਪਾਲਣ-ਪੋਸ਼ਣ ਕਰ ਰਹੀਆਂ ਹਨ। ਸਨਮਾਨਿਤ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਮੁੱਖ ਮਹਿਮਾਨ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੈਤੋ ਬਲਾਕ ਦੀਆਂ ਇਹ ਔਰਤਾਂ ਅੱਜ ਦੂਜਿਆਂ ਲਈ ਪ੍ਰੇਰਣਾ ਸਰੋਤ ਬਣੀਆਂ ਹਨ, ਜੋ ਘਰ ਦੇ ਕੰਮਾਂ ਦੇ ਨਾਲ-ਨਾਲ ਸਵੈ-ਰੋਜ਼ਗਾਰ ਰਾਹੀਂ ਆਰਥਿਕ ਸੁਤੰਤਰਤਾ ਵੱਲ ਵਧ ਰਹੀਆਂ ਹਨ। ਇਸ ਮੌਕੇ ਵਿਸ਼ੇਸ਼ ਮਹਿਮਾਨ ਮਨਪ੍ਰੀਤ ਕੌਰ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਟੀਚਾ ਇਨ੍ਹਾਂ ਮਹਿਲਾਵਾਂ ਨੂੰ ਸਮਾਜ ਵਿਚ ਇੱਕ ਵੱਖਰੀ ਪਹਿਚਾਣ ਦੇਣਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕਰਨਾ ਹੈ ਤਾਂ ਜੋ ਹੋਰਨਾਂ ਮਹਿਲਾਵਾਂ ਨੂੰ ਵੀ ਪੈਰਾਂ ਸਿਰ ਹੋਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਮਹਿਲਾਵਾਂ ਘਰ ਬੈਠੇ ਟਿਫਿਨ ਸੇਵਾ, ਸੈਲੂਨ, ਸਿਲਾਈ-ਕਢਾਈ, ਬਿਊਟੀ ਵਰਕ ਅਤੇ ਹੋਰ ਛੋਟੇ ਕਾਰੋਬਾਰਾਂ ਰਾਹੀਂ ਆਪਣਾ ਯੋਗਦਾਨ ਪਾ ਰਹੀਆਂ ਹਨ। ਮਨਪ੍ਰੀਤ ਕੌਰ ਨੇ ਕਿਹਾ ਕਿ ਮਹਿਲਾਵਾਂ ਨੂੰ ਖੁਦਮੁਖਤਿਆਰ ਬਣਾਉਣ ਅਤੇ ਉਨ੍ਹਾਂ ਦੇ ਛੋਟੇ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਚਲਾਈ ਜਾ ਰਹੀ ਹੈ। ਸਮਾਗਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਇਕਬਾਲ ਸਿੰਘ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਮਹਿਲਾ ਉੱਦਮੀਆਂ ਦੀ ਚੋਣ ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਹੁਨਰ ਦੇ ਆਧਾਰ ’ਤੇ ਕੀਤੀ ਗਈ ਹੈ। ਜਿਨ੍ਹਾਂ ਨੇ ਸਮਾਗਮ ਦੇ ਪ੍ਰਬੰਧਾਂ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਸਨਮਾਨਿਤ ਹੋਣ ਵਾਲੀਆਂ ਬੀਬੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਮੌਕੇ ਸਨਮਾਨਿਤ ਹੋਈਆਂ ਮਹਿਲਾਵਾਂ ਨੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਨਮਾਨਾਂ ਨਾਲ ਉਨ੍ਹਾਂ ਵਿਚ ਕੰਮ ਪ੍ਰਤੀ ਹੋਰ ਉਤਸ਼ਾਹ ਪੈਦਾ ਹੁੰਦਾ ਹੈ। ਸਮਾਗਮ ਦੇ ਅਖ਼ੀਰ ਵਿਚ ਚੁਣੀਆਂ ਗਈਆਂ 100 ਮਹਿਲਾਵਾਂ ਨੂੰ ਮੁੱਖ ਮਹਿਮਾਨ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ਵਿਸ਼ੇਸ਼ ਮਹਿਮਾਨ ਮਨਪ੍ਰੀਤ ਕੌਰ ਵੱਲੋਂ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਚਾਇਤ ਅਫ਼ਸਰ ਜੈਤੋ ਗੁਰਕੀਰਤ ਸਿੰਘ, ਆਜੀਵਿਕਾ ਮਿਸ਼ਨ ਬਲਾਕ ਜੈਤੋ ਦੇ ਬਲਾਕ ਪ੍ਰੋਗਰਾਮ ਮੈਨੇਜਰ ਨਵਦੀਪ ਸਿੰਘ, ਕਲਸਟਰ ਕੋਆਰਡੀਨੇਟਰ ਜਤਿੰਦਰਪਾਲ ਸਿੰਘ, ਕਲਸਟਰ ਕੋਆਰਡੀਨੇਟਰ ਜਗਮੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀਰਪਾਲ ਕੌਰ ਰਾਮੇਆਣਾ, ‘ਆਪ’ ਇਸਤਰੀ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸਰਬਜੀਤ ਕੌਰ ਪੁੰਨੀ, ‘ਆਪ’ ਇਸਤਰੀ ਵਿੰਗ ਹਲਕਾ ਜੈਤੋ ਦੇ ਕੋਆਰਡੀਨੇਟਰ ਸੀਮਾ ਰਾਣੀ ਆਦਿ ਹਾਜ਼ਰ ਸਨ।