‘ਆਪ’ ਸਰਕਾਰ ਹਰ ਫ਼ਰੰਟ ’ਤੇ ਫੇਲ੍ਹ : ਮਨਤਾਰ ਸਿੰਘ ਬਰਾੜ
‘ਆਪ’ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ, ਪੰਜਾਬ ਦੇ ਹਾਲਾਤ ਚਿੰਤਾਜਨਕ : ਮਨਤਾਰ ਸਿੰਘ ਬਰਾੜ
Publish Date: Wed, 08 Apr 2026 03:54 PM (IST)
Updated Date: Thu, 09 Apr 2026 04:00 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿਚ ਸੱਤਾ ’ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਲੋਕਾਂ ਵਿਚ ਨਾਰਾਜ਼ਗੀ ਲਗਾਤਾਰ ਵਧਦੀ ਜਾ ਰਹੀ ਹੈ। ਚੋਣਾਂ ਤੋਂ ਪਹਿਲਾਂ ਕੀਤੇ ਗਏ ਵੱਡੇ ਵਾਅਦਿਆਂ ’ਤੇ ਵਿਸ਼ਵਾਸ ਕਰਦੇ ਹੋਏ ਲੋਕਾਂ ਨੇ ਵੱਡੀ ਗਿਣਤੀ ਵਿਚ ਇਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਇਆ ਸੀ, ਪਰ ਹੁਣ ਉਹੀ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਪੰਜਾਬ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ, ਬੇਰੁਜ਼ਗਾਰੀ ਘਟਾਉਣ ਅਤੇ ਭਿ੍ਰਸ਼ਟਾਚਾਰ ’ਤੇ ਲਗਾਮ ਲਗਾਉਣ ਦੇ ਵਾਅਦੇ ਕੀਤੇ ਗਏ ਸਨ, ਪਰ ਜ਼ਮੀਨੀ ਪੱਧਰ ’ਤੇ ਕੋਈ ਵੱਡਾ ਬਦਲਾਅ ਨਜ਼ਰ ਨਹੀਂ ਆ ਰਿਹਾ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਨੂੰ ਯਾਦ ਕਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਹੋਈਆਂ ਰੈਲੀਆਂ ’ਚ ਆਪ ਮੁਹਾਰੇ ਪਹੁੰਚ ਕੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ (ਬ) ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜੱਥੇਦਾਰ ਸ਼ੇਰ ਸਿੰਘ ਮੰਡ, ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਸੰਧਵਾਂ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਅਨੂਪ੍ਰਤਾਪ ਸਿੰਘ ਬਰਾੜ ਆਦਿ ਹਾਜ਼ਰ ਸਨ।