‘ਆਪ’ ਸਰਕਾਰ ਸ਼ਾਂਤੀ ਕਾਇਮ ਰੱਖਣ ’ਚ ਨਾਕਾਮ ਰਹੀ : ਬਰਾੜ
‘ਆਪ’ ਸਰਕਾਰ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਸੰਭਾਲਣ ਵਿਚ ਨਾਕਾਮ ਰਹੀ : ਮਨਤਾਰ ਸਿੰਘ ਬਰਾੜ
Publish Date: Fri, 17 Apr 2026 04:56 PM (IST)
Updated Date: Sat, 18 Apr 2026 04:04 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਹੋ ਚੁੱਕੀ ਹੈ, ਜਿਸ ਦੇ ਰਾਜ ਅੰਦਰ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ ਹੈ ਅਤੇ ਨਿੱਤ ਦਿਨ ਗੁੰਡਾਗਰਦੀ ਦੀਆਂ ਹੋ ਰਹੀਆਂ ਵਾਰਦਾਤਾਂ ਨੇ ਆਮ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ, ਜਿਸ ਤੋਂ ਪਤਾ ਲੱਗ ਰਿਹਾ ਹੈ ਕਿ ਸੂਬਾ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਸੰਭਾਲਣ ਵਿਚ ਨਾਕਾਮ ਹੋ ਚੁੱਕੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਪੰਜਾਬ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਅੱਗੇ ਕਿਹਾ ਕਿ ਆਪ ਦੀ ਮਾਨ ਸਰਕਾਰ ਦੇ ਰਾਜ ਅੰਦਰ ਸਾਰੇ ਵਰਗਾਂ ਦੇ ਲੋਕ ਦੁਖੀ ਨਜ਼ਰ ਆ ਰਹੇ ਹਨ ਅਤੇ ‘ਆਪ’ ਸਰਕਾਰ ਨੂੰ ਚਲਦਾ ਕਰਨ ਲਈ ਸਾਰੇ ਲੋਕ ਕਾਹਲੇ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਦੀ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕਹਿੱਤਾਂ ’ਤੇ ਪਹਿਰਾ ਦੇ ਕੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੱਤੀ ਅਤੇ ਸੂਬੇ ਅੰਦਰ ਅਕਾਲੀ ਦਲ ਦੇ ਰਾਜ ਸਮੇਂ ਅਥਾਹ ਵਿਕਾਸ ਕਾਰਜ ਕਰਵਾਏ ਗਏ ਹਨ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਇਕੋ-ਇਕ ਅਜਿਹੀ ਪਾਰਟੀ ਹੈ, ਜੋ ਲੋਕ ਹਿਤਾਂ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਫ਼ੈਸਲੇ ਲੈ ਸਕਦੀ ਹੈ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ-2027 ਦੌਰਾਨ ਸ਼ੋਰਮਣੀ ਅਕਾਲੀ ਦਲ ਦੀ ਸਰਕਾਰ ਬਣਨ ਬਾਅਦ ਜਿੱਥੇ ਸੂਬੇ ਦਾ ਵਿਕਾਸ ਜੰਗੀ ਪੱਧਰ ’ਤੇ ਹੋਵੇਗਾ, ਉਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਕੋਟਕਪੂਰਾ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ (ਬ) ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜੱਥੇਦਾਰ ਸ਼ੇਰ ਸਿੰਘ ਮੰਡ, ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਸੰਧਵਾਂ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਅਨੂਪ੍ਰਤਾਪ ਸਿੰਘ ਬਰਾੜ ਆਦਿ ਹਾਜ਼ਰ ਸਨ।