- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨ ਸਰਕਾਰ ਨੇ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ : ਰੁਪਿੰਦਰ ਜੈਤੋ

ਭੋਲਾ ਸ਼ਰਮਾ (ਪੱਤਰ ਪ੍ਰੇਰਕ), ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ, ਰੁਜ਼ਗਾਰ, ਸਿਹਤ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਇਤਿਹਾਸਕ ਅਤੇ ਲੋਕ-ਪੱਖੀ ਫ਼ੈਸਲੇ ਲੈ ਕੇ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਲਗਾਤਾਰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਇੱਥੇ ਗੱਲਬਾਤ ਕਰਦਿਆਂ ਰੁਪਿੰਦਰ ਸਿੰਘ ਜੈਤੋ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਨਿਰੋਲ ਮੈਰਿਟ ਦੇ ਆਧਾਰ ’ਤੇ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਹਜ਼ਾਰਾਂ ਨੌਜਵਾਨਾਂ ਦੇ ਸੁਪਨੇ ਸਾਕਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਵਿੱਚ ਪੂਰੀ ਪਾਰਦਰਸ਼ਤਾ ਅਪਣਾਈ ਗਈ ਹੈ ਅਤੇ ਭਰਤੀ ਪ੍ਰਕਿਰਿਆ ਨੂੰ ਭ੍ਰਿਸ਼ਟਾਚਾਰ ਅਤੇ ਸਿਫ਼ਾਰਸ਼ ਤੋਂ ਮੁਕਤ ਬਣਾਇਆ ਗਿਆ ਹੈ। ਇਸ ਕਾਰਨ ਯੋਗ ਅਤੇ ਮਿਹਨਤੀ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦੇ ਆਧਾਰ ’ਤੇ ਰੁਜ਼ਗਾਰ ਦੇ ਮੌਕੇ ਮਿਲੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਈ ਯੋਗ ਨੌਜਵਾਨਾਂ ਦੀ ਇੱਕ ਨਹੀਂ, ਸਗੋਂ ਦੋ ਅਤੇ ਤਿੰਨ-ਤਿੰਨ ਸਰਕਾਰੀ ਅਹੁਦਿਆਂ ਲਈ ਚੋਣ ਹੋਈ ਹੈ, ਜੋ ਇਹ ਸਾਬਤ ਕਰਦਾ ਹੈ ਕਿ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਯੋਗਤਾ ਅਧਾਰਿਤ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਨੌਜਵਾਨਾਂ ਨੂੰ ਨੌਕਰੀ ਲਈ ਲੰਮਾ ਇੰਤਜ਼ਾਰ ਕਰਨਾ ਪੈਂਦਾ ਸੀ, ਪਰ ਹੁਣ ਭਰਤੀ ਪ੍ਰਕਿਰਿਆ ਨੂੰ ਸੁਖਾਲਾ, ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕੀਤਾ ਜਾ ਰਿਹਾ ਹੈ। ਰੁਪਿੰਦਰ ਸਿੰਘ ਜੈਤੋ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦੇ ਕੇ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ, ਦਵਾਈਆਂ ਅਤੇ ਵੱਖ-ਵੱਖ ਮੈਡੀਕਲ ਜਾਂਚਾਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ। ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ, ਵਿਦਿਆਰਥੀਆਂ ਨੂੰ ਵਧੀਆ ਸਹੂਲਤਾਂ ਦੇਣ ਅਤੇ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਰੁਪਿੰਦਰ ਸਿੰਘ ਜੈਤੋ ਨੇ ਕਿਹਾ ਕਿ ਸਰਕਾਰ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਦੇ ਨਾਲ-ਨਾਲ ਨਸ਼ਿਆਂ ਦੇ ਖ਼ਾਤਮੇ ਲਈ ਵੀ ਸਖ਼ਤ ਰੁਖ਼ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਨਸ਼ੇ ਦੀ ਲਤ ਨਾਲ ਪੀੜਤ ਲੋਕਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫ਼ਤ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੱਖ ਧਾਰਾ ਨਾਲ ਜੋੜਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨੇ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੋਈ ਹੈ ਅਤੇ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਕਰਨ ਵਾਲੇ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ। ਸਰਕਾਰ ਦਾ ਮੰਤਵ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਇਮਾਨਦਾਰ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਰੁਪਿੰਦਰ ਸਿੰਘ ਜੈਤੋ ਨੇ ਕਿਹਾ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਵਿਕਾਸ ਦੇ ਆਧਾਰ ’ਤੇ ਪੰਜਾਬ ਨੂੰ ਹੋਰ ਤਰੱਕੀ ਦੀ ਰਾਹ ’ਤੇ ਲਿਜਾਣ ਲਈ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ।