
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਰਕਾਰੀ ਮੁਲਾਜ਼ਮਾਂ ਨੂੰ ਸਖ਼ਤ ਕਾਰਵਾਈ ਤੋਂ ਪਹਿਲਾਂ ਮਿਲੇ ਇੱਕ ਮੌਕਾ - ਅਰਸ਼ ਸੱਚਰ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਮਿਤੀ 27 ਅਗਸਤ 2026 ਨੂੰ ਸਰਕਾਰੀ ਦਫ਼ਤਰਾਂ ਵਿੱਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਸਬੰਧੀ ਜਾਰੀ ਪੱਤਰ ਤੋਂ ਬਾਅਦ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਸੰਵੇਦਨਸ਼ੀਲ ਅਤੇ ਨਿਆਂਸੰਗਤ ਪਹੁੰਚ ਅਪਣਾਉਣ ਦੀ ਬੇਨਤੀ ਕੀਤੀ ਹੈ। ਅਰਸ਼ ਸੱਚਰ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਆਮ ਲੋਕ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਆਉਂਦੇ ਹਨ ਅਤੇ ਉਨ੍ਹਾਂ ਨੂੰ ਅਧਿਕਾਰੀਆਂ ਦੀ ਗੈਰ-ਹਾਜ਼ਰੀ ਕਾਰਨ ਖੱਜਲ-ਖੁਆਰ ਨਹੀਂ ਹੋਣਾ ਚਾਹੀਦਾ। ਇਸ ਲਈ ਸਰਕਾਰ ਵੱਲੋਂ ਪ੍ਰਸ਼ਾਸਨ ਵਿੱਚ ਜਵਾਬਦੇਹੀ ਅਤੇ ਅਨੁਸ਼ਾਸਨ ਯਕੀਨੀ ਬਣਾਉਣ ਦੀ ਭਾਵਨਾ ਦਾ ਉਹ ਪੂਰਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਇਹ ਵੀ ਜ਼ਰੂਰੀ ਹੈ ਕਿ ਹਰ ਗੈਰ-ਹਾਜ਼ਰੀ ਨੂੰ ਜਾਣ-ਬੁੱਝ ਕੇ ਕੀਤੀ ਅਨੁਸ਼ਾਸਨਹੀਣਤਾ ਨਾ ਮੰਨਿਆ ਜਾਵੇ। ਕਿਸੇ ਮੁਲਾਜ਼ਮ ਪਿੱਛੇ ਮੈਡੀਕਲ, ਪਰਿਵਾਰਕ, ਫੀਲਡ ਡਿਊਟੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਜਾਇਜ਼ ਕਾਰਨ ਵੀ ਹੋ ਸਕਦਾ ਹੈ। ਇਸ ਲਈ ਕਿਸੇ ਵੀ ਸਖ਼ਤ ਵਿਭਾਗੀ ਕਾਰਵਾਈ ਤੋਂ ਪਹਿਲਾਂ ਸਬੰਧਤ ਮੁਲਾਜ਼ਮ ਨੂੰ ਆਪਣਾ ਪੱਖ ਅਤੇ ਗੈਰ-ਹਾਜ਼ਰੀ ਦਾ ਕਾਰਨ ਦੱਸਣ ਦਾ ਇੱਕ ਨਿਰਪੱਖ ਮੌਕਾ ਜ਼ਰੂਰ ਦਿੱਤਾ ਜਾਣਾ ਚਾਹੀਦਾ ਹੈ। ਸਰਕਾਰ ਅਤੇ ਸਰਕਾਰੀ ਮੁਲਾਜ਼ਮ ਇੱਕੋ ਪ੍ਰਸ਼ਾਸਨਿਕ ਪਰਿਵਾਰ ਦੇ ਹਿੱਸੇ ਹਨ। ਜੇਕਰ ਕਿਸੇ ਤੋਂ ਪਹਿਲੀ ਵਾਰ ਕੋਈ ਗਲਤੀ ਹੋਈ ਹੈ ਤਾਂ ਜਿੱਥੇ ਨਿਯਮ ਇਜਾਜ਼ਤ ਦਿੰਦੇ ਹਨ, ਉਸ ਨੂੰ ਚੇਤਾਵਨੀ, ਕਾਊਂਸਲਿੰਗ ਅਤੇ ਸੁਧਾਰ ਦਾ ਮੌਕਾ ਮਿਲਣਾ ਚਾਹੀਦਾ ਹੈ। ਪਰ ਆਦਤਨ ਗੈਰ-ਹਾਜ਼ਰੀ ਜਾਂ ਜਾਣ-ਬੁੱਝ ਕੇ ਲੋਕਾਂ ਨੂੰ ਪਰੇਸ਼ਾਨ ਕਰਨ ਵਾਲੇ ਮਾਮਲਿਆਂ ਨੂੰ ਨਿਯਮਾਂ ਅਨੁਸਾਰ ਵੱਖਰੇ ਤੌਰ ’ਤੇ ਦੇਖਿਆ ਜਾ ਸਕਦਾ ਹੈ, ਸੱਚਰ ਨੇ ਕਿਹਾ। ਉਨ੍ਹਾਂ ਮੁੱਖ ਮੰਤਰੀ ਨੂੰ ਇਹ ਵੀ ਯਾਦ ਕਰਵਾਇਆ ਕਿ ਆਮ ਆਦਮੀ ਪਾਰਟੀ ਵੱਲੋਂ ਸਰਕਾਰੀ ਮੁਲਾਜ਼ਮਾਂ ਨਾਲ ਕੀਤੇ ਗਏ ਇਕਰਾਰਨਾਮੇ ਵਿੱਚ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ, ਸ਼ਿਕਾਇਤ ਨਿਵਾਰਨ ਕਮੇਟੀਆਂ, ਮੁਲਾਜ਼ਮ ਯੂਨੀਅਨਾਂ ਨਾਲ ਗੱਲਬਾਤ, ਵਿਭਾਗੀ ਲੋਕ ਅਦਾਲਤਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਤਰਜੀਹ ਦਿੱਤੀ ਗਈ ਸੀ। ਸੱਚਰ ਨੇ ਬੇਨਤੀ ਕੀਤੀ ਕਿ ਇਸੇ ਭਾਵਨਾ ਤਹਿਤ ਮੌਜੂਦਾ ਮਾਮਲੇ ਵਿੱਚ ਵੀ ਪਹਿਲਾਂ ਸੁਣਵਾਈ ਅਤੇ ਸੁਧਾਰ ਦਾ ਮੌਕਾ ਫਿਰ ਨਿਯਮਾਂ ਅਨੁਸਾਰ ਕਾਰਵਾਈ ਦੀ ਨੀਤੀ ਉੱਤੇ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੇ ਹੱਕਾਂ ਦੀ ਗੱਲ ਕਰਨਾ ਅਨੁਸ਼ਾਸਨਹੀਣਤਾ ਦਾ ਸਮਰਥਨ ਨਹੀਂ ਹੈ। ਚੰਗਾ ਪ੍ਰਸ਼ਾਸਨ ਉਹ ਹੈ ਜਿੱਥੇ ਆਮ ਲੋਕਾਂ ਦੇ ਕੰਮ ਸਮੇਂ ਸਿਰ ਹੋਣ, ਮੁਲਾਜ਼ਮ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਅਤੇ ਨਾਲ ਹੀ ਕਿਸੇ ਮੁਲਾਜ਼ਮ ਨਾਲ ਬਿਨਾਂ ਸੁਣਵਾਈ ਅਨਿਆਂ ਨਾ ਹੋਵੇ। ਅਰਸ਼ ਸੱਚਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਜਾਇਜ਼ ਸਮੱਸਿਆਵਾਂ ਸੁਣਨ ਲਈ ਵਿਭਾਗੀ ਪੱਧਰ ’ਤੇ ਪ੍ਰਭਾਵਸ਼ਾਲੀ ਗਰੀਵਾਂਸ ਰੇਡਰੈੱਸਲ ਸਿਸਟਮ ਵੀ ਯਕੀਨੀ ਬਣਾਇਆ ਜਾਵੇ, ਤਾਂ ਜੋ ਛੋਟੀਆਂ ਸਮੱਸਿਆਵਾਂ ਟਕਰਾਅ ਦਾ ਰੂਪ ਧਾਰਨ ਕਰਨ ਦੀ ਬਜਾਏ ਗੱਲਬਾਤ ਰਾਹੀਂ ਹੱਲ ਹੋ ਸਕਣ। ਅੰਤ ਵਿੱਚ ਸੱਚਰ ਨੇ ਕਿਹਾ ਮੁਲਾਜ਼ਮ ਵੀ ਪੰਜਾਬ ਸਰਕਾਰ ਦੇ ਪਰਿਵਾਰ ਦਾ ਅਹਿਮ ਹਿੱਸਾ ਹਨ। ਸਾਡੀ ਬੇਨਤੀ ਸਿਰਫ਼ ਇੰਨੀ ਹੈ ਲੋਕਾਂ ਨੂੰ ਸਮੇਂ ਸਿਰ ਸੇਵਾ ਮਿਲੇ, ਸਰਕਾਰੀ ਅਨੁਸ਼ਾਸਨ ਕਾਇਮ ਰਹੇ ਅਤੇ ਮੁਲਾਜ਼ਮਾਂ ਨਾਲ ਵੀ ਨਿਆਂ ਹੋਵੇ। ਮੈਨੂੰ ਉਮੀਦ ਹੈ ਕਿ ਮਾਣਯੋਗ ਮੁੱਖ ਮੰਤਰੀ ਜੀ ਇਸ ਬੇਨਤੀ ਨੂੰ ਹਮਦਰਦੀ ਨਾਲ ਵਿਚਾਰ ਕੇ ਇੱਕ ਸਕਾਰਾਤਮਕ ਹੱਲ ਕੱਢਣਗੇ।