ਜੈਤੋ ਮੰਡੀ ’ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
ਜੈਤੋ ਮੰਡੀ ’ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
Publish Date: Wed, 15 Apr 2026 03:42 PM (IST)
Updated Date: Thu, 16 Apr 2026 04:00 AM (IST)

ਫ਼ਸਲ ਦਾ ਇਕ-ਇਕ ਦਾਣਾ ਚੁੱਕੇ ਜਾਣ ਤੱਕ ਅਨਾਜ ਖ਼ਰੀਦ ਕੇਂਦਰ ਚਾਲੂ ਰੱਖੇ ਜਾਣਗੇ : ਡਾ. ਲਛਮਣ ਸ਼ਰਮਾ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਸਥਾਨਕ ਦਾਣਾ ਮੰਡੀ ਦੇ ਖ਼ਰੀਦ ਕੇਂਦਰ ਵਿਚ ਕਣਕ ਦੀ ਸਰਕਾਰੀ ਖ਼ਰੀਦ ਦਾ ਰਸਮੀ ਉਦਘਾਟਨ ਕੀਤਾ। ਆੜ੍ਹਤੀਏ ਮੈਂ. ਮਦਨ ਲਾਲ ਸੁਰੇਸ਼ ਕੁਮਾਰ ਜੈਤੋ ’ਤੇ ਆਈ ਕਣਕ ਦੀ ਪਹਿਲੀ ਖ਼ਰੀਦੀ ਗਈ ਢੇਰੀ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਦੇ ਕਿਸਾਨ ਜਗਸੀਰ ਸਿੰਘ ਪੁੱਤਰ ਗੁਰਤੇਜ ਸਿੰਘ ਦੀ ਸੀ। ਇਸ ਢੇਰੀ ਨੂੰ ਸਰਕਾਰੀ ਖ਼ਰੀਦ ਏਜੰਸੀ ਵੈਅਰਹਾਊਸ ਨੇ ਖ਼ਰੀਦਿਆ। ਇਸ ਮੌਕੇ ਬੋਲਦਿਆਂ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੇ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਰਕਾਰ ਦੀ ਇਹ ਭਰਪੂਰ ਕੋਸ਼ਿਸ਼ ਹੈ ਕਿ ਕਿਸੇ ਵੀ ਕਿਸਾਨ ਨੂੰ ਕਣਕ ਵੇਚਣ ਸਬੰਧੀ ਮੰਡੀਆਂ ਵਿਚ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਖੱਜਲ ਖੁਆਰੀ ਤੋਂ ਬਚਣ ਲਈ ਸੁੱਕੀ ਕਣਕ ਮੰਡੀਆਂ ਵਿਚ ਲਿਆਉਣ ਅਤੇ ਕਣਕ ਦੀ ਤੁਲਾਈ ਤੋਂ ਪਹਿਲਾਂ ਤੇ ਤੁਲਾਈ ਤੋਂ ਬਾਅਦ ਕੰਡੇ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ਼ ਦੁਆਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕੇ ਜਾਣ ਤੱਕ ਅਨਾਜ ਖ਼ਰੀਦ ਕੇਂਦਰ ਚਾਲੂ ਰੱਖੇ ਜਾਣਗੇ ਅਤੇ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭਰਪੂਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ, ਪਰ ਕਿਸਾਨਾਂ ਨੂੰ ਵੀ ਚਾਹੀਦਾ ਹੈ ਕਿ ਉਹ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦਾ ਪਾਲਣ ਕਰਨ। ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਤਸੱਲੀ ਪ੍ਰਗਟ ਕੀਤੀ ਕਿ ਮੌਸਮ ’ਚ ਗਰਮੀ ਆਉਣ ਨਾਲ ਨਮੀ ਦੀ ਮਾਤਰਾ ਘਟਣ ਦੇ ਆਸਾਰ ਹਨ ਇਸ ਲਈ ਮੰਡੀਆਂ ’ਚ ਫ਼ਸਲ ਲਿਆਉਣ ਵਾਲੇ ਕਿਸਾਨਾਂ ਨੂੰ ਹਰ ਹਾਲਤ ਵਿਚ ਨਾਲੋਂ-ਨਾਲ ਵਿਹਲੇ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਡੀਆਂ ਵਿਚ ਕਿਸਾਨਾਂ ਦੀ ਬੇਵਜ੍ਹਾ ਖੱਜਲ ਖੁਆਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਗਲੇ ਇੱਕ ਦੋ ਦਿਨਾਂ ’ਚ ਮੰਡੀਆਂ ਵਿਚ ਕਣਕ ਆਮਦ ਹੋਰ ਤੇਜ਼ ਹੋਣ ਦੇ ਆਸਾਰ ਹਨ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਰਜਿੰਦਰ ਸਿੰਘ, ਲੇਖਾਕਾਰ ਵਿਕਾਸ ਜੈਨ, ਮੰਡੀ ਸੁਪਰਵਾਈਜ਼ਰ ਸੁਰਿੰਦਰ ਸਿੰਘ ਢਿੱਲੋਂ, ਮੰਡੀ ਸੁਪਰਵਾਈਜ਼ਰ ਅਮਰਿੰਦਰ ਸਿੰਘ, ਮੰਡੀ ਸੁਪਰਵਾਈਜ਼ਰ ਮੁਨੀਸ਼ ਕੁਮਾਰ, ਮੰਡੀ ਸੁਪਰਵਾਈਜ਼ਰ ਜਸਵਿੰਦਰਪਾਲ ਸ਼ਰਮਾ, ਏਐੱਫ਼ਐੱਸਓ ਜੈਤੋ ਹਰਪ੍ਰੀਤ ਸਿੰਘ ਧਾਲੀਵਾਲ, ਮੈਨੇਜਰ ਵੈਅਰਹਾਊਸ ਰਾਜ ਕੁਮਾਰ ‘ਰਾਜੂ ਮਿੱਤਲ’, ਮੈਨੇਜਰ ਮਾਰਕਫੈੱਡ ਰਜਨੀਸ਼ ਕੁਮਾਰ, ਇੰਸਪੈਕਟਰ ਪਨਸਪ ਉਮਨ ਸਿੰਘ, ਕੱਚਾ ਆੜ੍ਹਤੀਆਂ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਸੁਖਵਿੰਦਰਪਾਲ ਗਰਗ, ਸਕੱਤਰ ਪੁਨੀਤ ਤਾਇਲ, ਓਮ ਪ੍ਰਕਾਸ਼ ਪਟਵਾਰੀ, ਨਵਦੀਪ ਸਿੰਘ ਮਾਨ ਭਗਤੂਆਣਾ, ਪੀ.ਏ. ਲਾਡੀ ਬਿਸ਼ਨੰਦੀ, ਸੁੱਖਾ ਰੋੜੀਕਪੂਰਾ ਸਮੇਤ ਵੱਡੀ ਗਿਣਤੀ ਵਿਚ ਪਿੰਡਾਂ ਦੇ ਕਿਸਾਨ ਹਾਜ਼ਰ ਸਨ। ਇਸ ਮੌਕੇ ਸਰਕਾਰੀ ਖ਼ਰੀਦ ਸ਼ੁਰੂ ਹੋਣ ਦੀ ਖੁਸ਼ੀ ਵਿਚ ਲੱਡੂ ਵੀ ਵੰਡੇ।