- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਸਰਕਾਰ ਨੇ 19 ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਨੂੰ ਦਿੱਤੀ ਰਾਹਤ : ਅਮਨ ਸਿੱਧੂ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿੱਚ ਆਮ ਲੋਕਾਂ ਨੂੰ ਆਰਥਿਕ ਰਾਹਤ ਪ੍ਰਦਾਨ ਕਰਨ ਅਤੇ ਜਨਹਿੱਤ ਨੂੰ ਪਹਿਲ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਲੋਕ-ਪੱਖੀ ਫ਼ੈਸਲੇ ਲਏ ਜਾ ਰਹੇ ਹਨ। ਇਨ੍ਹਾਂ ਫ਼ੈਸਲਿਆਂ ਦੀ ਲੜੀ ਤਹਿਤ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕਰਵਾਏ ਗਏ ਹਨ, ਜਿਸ ਨਾਲ ਲੱਖਾਂ ਵਾਹਨ ਚਾਲਕਾਂ, ਕਿਸਾਨਾਂ, ਵਪਾਰੀਆਂ, ਟਰਾਂਸਪੋਰਟਰਾਂ ਅਤੇ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੀ ਸੀਨੀਅਰ ਮਹਿਲਾ ਆਗੂ ਅਮਨਦੀਪ ਕੌਰ ‘ਅਮਨ ਸਿੱਧੂ’ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਅਮਨਦੀਪ ਕੌਰ ‘ਅਮਨ ਸਿੱਧੂ’ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਟੋਲ ਪਲਾਜ਼ਿਆਂ ਦੇ ਨਾਂ ’ਤੇ ਆਮ ਲੋਕਾਂ ਦੀ ਜੇਬ ’ਤੇ ਲਗਾਤਾਰ ਵਾਧੂ ਬੋਝ ਪਾਇਆ ਜਾਂਦਾ ਰਿਹਾ। ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਹਰ ਵਾਰ ਟੋਲ ਅਦਾ ਕਰਨਾ ਪੈਂਦਾ ਸੀ, ਜਿਸ ਨਾਲ ਉਨ੍ਹਾਂ ਦੇ ਘਰੇਲੂ ਬਜਟ ’ਤੇ ਸਿੱਧਾ ਅਸਰ ਪੈਂਦਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਲੋੜਾਂ ਨੂੰ ਸਮਝਦਿਆਂ ਜਨਹਿੱਤ ਨੂੰ ਸਭ ਤੋਂ ਉੱਪਰ ਰੱਖਿਆ ਹੈ ਅਤੇ ਇਸੇ ਸੋਚ ਤਹਿਤ ਕਈ ਟੋਲ ਪਲਾਜ਼ਿਆਂ ਨੂੰ ਬੰਦ ਕਰਵਾ ਕੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 19 ਟੋਲ ਪਲਾਜ਼ੇ ਬੰਦ ਹੋਣ ਕਾਰਨ ਪੰਜਾਬ ਦੇ ਲੋਕਾਂ ਦੇ ਰੋਜ਼ਾਨਾ ਕਰੀਬ 67 ਲੱਖ ਰੁਪਏ ਦੀ ਬਚਤ ਹੋ ਰਹੀ ਹੈ, ਜੋ ਸਾਲਾਨਾ ਕਰੋੜਾਂ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਇਹ ਬਚਤ ਸਿੱਧੇ ਤੌਰ ’ਤੇ ਲੋਕਾਂ ਦੀ ਜੇਬ ਵਿੱਚ ਜਾ ਰਹੀ ਹੈ ਅਤੇ ਇਸ ਦਾ ਲਾਭ ਹਰ ਵਰਗ ਨੂੰ ਮਿਲ ਰਿਹਾ ਹੈ। ਕਿਸਾਨਾਂ ਨੂੰ ਆਪਣੀ ਫ਼ਸਲ ਅਤੇ ਖੇਤੀਬਾੜੀ ਨਾਲ ਸਬੰਧਤ ਸਮਾਨ ਦੀ ਢੋਆ-ਢੁਆਈ ਵਿੱਚ ਰਾਹਤ ਮਿਲੀ ਹੈ, ਜਦਕਿ ਵਪਾਰੀਆਂ ਅਤੇ ਉਦਯੋਗਿਕ ਖੇਤਰ ਨਾਲ ਜੁੜੇ ਲੋਕਾਂ ਦੇ ਆਵਾਜਾਈ ਖ਼ਰਚਿਆਂ ਵਿੱਚ ਵੀ ਕਮੀ ਆਈ ਹੈ। ਇਸ ਤੋਂ ਇਲਾਵਾ ਟਰਾਂਸਪੋਰਟ ਕਾਰੋਬਾਰ ਨਾਲ ਜੁੜੇ ਲੋਕਾਂ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਯਾਤਰੀਆਂ ਨੂੰ ਵੀ ਇਸ ਫ਼ੈਸਲੇ ਦਾ ਸਿੱਧਾ ਲਾਭ ਪ੍ਰਾਪਤ ਹੋਇਆ ਹੈ। ਅਮਨ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਇਸ ਦੀ ਹਰ ਨੀਤੀ ਅਤੇ ਹਰ ਫ਼ੈਸਲੇ ਦਾ ਕੇਂਦਰ ਬਿੰਦੂ ਆਮ ਲੋਕਾਂ ਦੀ ਭਲਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਵਾਜਾਈ ਖੇਤਰ ਵਿੱਚ ਵੀ ਲੋਕਾਂ ਨੂੰ ਰਾਹਤ ਦੇਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ’ਤੇ ਬੇਲੋੜਾ ਆਰਥਿਕ ਬੋਝ ਨਾ ਪਵੇ ਅਤੇ ਹਰ ਫ਼ੈਸਲਾ ਜਨਹਿੱਤ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਹੋਰ ਲੋਕ-ਪੱਖੀ ਫ਼ੈਸਲੇ ਲਏ ਜਾਣਗੇ, ਜਿਨ੍ਹਾਂ ਦਾ ਸਿੱਧਾ ਲਾਭ ਪੰਜਾਬ ਦੇ ਹਰ ਵਰਗ ਨੂੰ ਮਿਲੇਗਾ। ਅਮਨਦੀਪ ਕੌਰ ‘ਅਮਨ ਸਿੱਧੂ’ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੇਲੋੜੇ ਆਰਥਿਕ ਬੋਝ ਤੋਂ ਮੁਕਤ ਕਰਨਾ, ਬਿਹਤਰ ਨਾਗਰਿਕ ਸਹੂਲਤਾਂ ਉਪਲਬਧ ਕਰਵਾਉਣਾ ਅਤੇ ਇੱਕ ਖੁਸ਼ਹਾਲ, ਤਰੱਕੀਸ਼ੀਲ ਅਤੇ ਵਿਕਾਸਸ਼ੀਲ ਪੰਜਾਬ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸੇ ਸੋਚ ਨਾਲ ਅੱਗੇ ਵੱਧ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕ-ਹਿੱਤਾਂ ਨੂੰ ਸਰਵੋਪਰੀ ਰੱਖਦਿਆਂ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰੇਗੀ।