ਕਿਸਾਨਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ
ਬੇਮੌਸਮੀ ਮੀਂਹ ਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਵੇ ਸਰਕਾਰ : ਕਾਂਗਰਸੀ ਆਗੂ
Publish Date: Mon, 13 Apr 2026 04:43 PM (IST)
Updated Date: Tue, 14 Apr 2026 04:04 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਸੀਨੀਅਰ ਮਹਿਲਾ ਕਾਂਗਰਸੀ ਆਗੂ ਬੀਬਾ ਜਾਵੇਦ ਅਖ਼ਤਰ, ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਅਤੇ ਸੀਨੀਅਰ ਕਾਂਗਰਸੀ ਆਗੂ ਸੰਜੀਵ ਭਾਰਦਵਾਜ ‘ਰਾਜਾ’ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਪੰਜਾਬ ਦੇ ਕਈ ਪਿੰਡਾਂ ਵਿਚ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਜਿਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਬਹੁਤ ਹੀ ਨਾਜ਼ੁਕ ਹੋ ਗਈ ਹੈ। ਇਸ ਸੰਬੰਧੀ ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਣਕ ਸਮੇਤ ਹੋਰ ਫ਼ਸਲਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ, ਜਿਸ ਨਾਲ ਕਿਸਾਨਾਂ ਦੀ ਸਾਰੀ ਮਿਹਨਤ ’ਤੇ ਕੁਦਰਤੀ ਮਾਰ ਪਈ ਹੈ। ਕਾਂਗਰਸੀ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਉਣਾ ਚਾਹੀਦਾ ਹੈ ਅਤੇ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀ ਹੈ, ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਬੀਬਾ ਜਾਵੇਦ ਅਖ਼ਤਰ, ਸੂਰਜ ਭਾਰਦਵਾਜ ਅਤੇ ਸੰਜੀਵ ਭਾਰਦਵਾਜ ‘ਰਾਜਾ’ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਹੇਠ ਦਬੇ ਹੋਏ ਹਨ ਅਤੇ ਇਸ ਤਰ੍ਹਾਂ ਦੀ ਕੁਦਰਤੀ ਆਫ਼ਤ ਨੇ ਉਨ੍ਹਾਂ ਦੀ ਮੁਸ਼ਕਿਲ ਹੋਰ ਵਧਾ ਦਿੱਤੀ ਹੈ। ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਬੀਜ, ਖਾਦ ਅਤੇ ਹੋਰ ਖੇਤੀਬਾੜੀ ਸਮੱਗਰੀ ਸਬਸਿਡੀ ਰਾਹੀਂ ਮੁਹੱਈਆ ਕਰਵਾਈ ਜਾਵੇ।