- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨ ਸਰਕਾਰ ਦੀ ਯੋਜਨਾਬੰਦੀ ਫੇਲ੍ਹ : ਕਿਸਾਨ ਗਰਿੱਡਾਂ ਅੱਗੇ ਧਰਨਿਆਂ ’ਤੇ ਬੈਠੇ : ਅਕਾਲੀ ਆਗੂ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਝੋਨੇ ਦੀ ਲੁਆਈ ਦੇ ਅਹਿਮ ਸੀਜ਼ਨ ਦੌਰਾਨ ਪੰਜਾਬ ਭਰ ਵਿੱਚ ਬਿਜਲੀ ਦੀ ਗੰਭੀਰ ਕਮੀ ਕਾਰਨ ਕਿਸਾਨਾਂ ਦਾ ਰੋਸ ਵਧਦਾ ਜਾ ਰਿਹਾ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਗਰਿੱਡਾਂ ਅੱਗੇ ਧਰਨੇ, ਘਿਰਾਓ ਅਤੇ ਚੱਕਾ ਜਾਮ ਵਰਗੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਸ ਨਾਲ ਸੂਬੇ ਦੀ ਖੇਤੀ ਪ੍ਰਣਾਲੀ ਅਤੇ ਸਿੰਚਾਈ ਕਾਰਜ ਪ੍ਰਭਾਵਿਤ ਹੋ ਰਹੇ ਹਨ। ਇਸ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਅੱਠ ਘੰਟੇ ਨਿਰੰਤਰ ਬਿਜਲੀ ਸਪਲਾਈ ਅਤੇ ਪੰਜਾਬ ਨੂੰ ‘ਪਾਵਰ ਸਰਪਲੱਸ’ ਸੂਬਾ ਬਣਾਉਣ ਦੇ ਦਾਅਵੇ ਜ਼ਮੀਨੀ ਹਕੀਕਤਾਂ ਦੇ ਸਾਹਮਣੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੇ ਹਨ। ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਦੀ ਨਾਕਾਮ ਯੋਜਨਾਬੰਦੀ ਨੇ ਅੱਜ ਅੰਨਦਾਤਾ ਨੂੰ ਖੇਤਾਂ ਦੀ ਥਾਂ ਬਿਜਲੀ ਗਰਿੱਡਾਂ ਅੱਗੇ ਧਰਨੇ ਦੇਣ ਲਈ ਮਜਬੂਰ ਕਰ ਦਿੱਤਾ ਹੈ। ਇਹ ਪ੍ਰਤੀਕਰਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ (ਬ) ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜੱਥੇਦਾਰ ਸ਼ੇਰ ਸਿੰਘ ਮੰਡ, ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨ ਸਭਾ ਹਲਕਾ ਜੈਤੋ ਦੇ ਇੰਚਰਾਜ ਤੇ ਸ਼੍ਰੋਮਣੀ ਅਕਾਲੀ ਦਲ (ਬ) ਐੱਸ.ਸੀ. ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੂਬਾ ਸਿੰਘ ਬਾਦਲ, ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸਿੰਘ ਜ਼ੈਲਦਾਰ, ਸੀਨੀਅਰ ਅਕਾਲੀ ਆਗੂ ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਸਾਬਕਾ ਚੇਅਰਮੈਨ ਪਰਗਟ ਸਿੰਘ ਬਰਾੜ ਡੋਡ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਫ਼ਰੀਦਕੋਟ ਨਿਰਮਲ ਸਿੰਘ ਵੜਿੰਗ ਡੋਡ ਅਤੇ ਸੀਨੀਅਰ ਅਕਾਲੀ ਆਗੂ ਸੇਵਾਜੀਤ ਸਿੰਘ ‘ਬੌਬੀ ਦੁੱਲਟ’ ਭਗਤੂਆਣਾ ਨੇ ਸਾਂਝੇ ਤੌਰ ’ਤੇ ਦਿੱਤਾ। ਅਕਾਲੀ ਆਗੂਆਂ ਨੇ ਕਿਹਾ ਕਿ ਝੋਨੇ ਦੀ ਲੁਆਈ ਦੇ ਸਮੇਂ ਪੰਜਾਬ ਵਿੱਚ ਬਿਜਲੀ ਦੀ ਮੰਗ ਆਮ ਤੌਰ ’ਤੇ 14 ਹਜ਼ਾਰ ਤੋਂ 16 ਹਜ਼ਾਰ ਮੈਗਾਵਾਟ ਤੱਕ ਪਹੁੰਚ ਜਾਂਦੀ ਹੈ। ਇਸ ਦੇ ਬਾਵਜੂਦ ਸਰਕਾਰ ਵੱਲੋਂ ਲੋੜੀਂਦੀ ਬਿਜਲੀ ਸਪਲਾਈ ਅਤੇ ਸੁਚੱਜੇ ਲੋਡ ਮੈਨੇਜਮੈਂਟ ਲਈ ਕੋਈ ਢੁੱਕਵੀਂ ਤਿਆਰੀ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕਰੀਬ 13.94 ਲੱਖ ਖੇਤੀਬਾੜੀ ਟਿਊਬਵੈੱਲ ਖੇਤੀ ਦੀ ਰੀੜ੍ਹ ਦੀ ਹੱਡੀ ਹਨ, ਪਰ ਇਨ੍ਹਾਂ ਨੂੰ ਸਮੇਂ ਸਿਰ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਅੱਠ ਘੰਟੇ ਨਿਰੰਤਰ ਬਿਜਲੀ ਦੇਣ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪਰ ਹਕੀਕਤ ਵਿੱਚ ਕਿਸਾਨਾਂ ਨੂੰ ਸਿਰਫ਼ ਤਿੰਨ ਤੋਂ ਚਾਰ ਘੰਟੇ ਟੁੱਟੀ-ਫੁੱਟੀ ਬਿਜਲੀ ਹੀ ਮਿਲ ਰਹੀ ਹੈ। ਕਦੇ ਦਿਨ ਵਿੱਚ ਕੱਟ ਲੱਗਦੇ ਹਨ ਤਾਂ ਕਦੇ ਰਾਤ ਸਮੇਂ ਬਿਜਲੀ ਗਾਇਬ ਹੋ ਜਾਂਦੀ ਹੈ, ਜਿਸ ਕਾਰਨ ਸਿੰਚਾਈ ਕਾਰਜ ਪ੍ਰਭਾਵਿਤ ਹੋ ਰਹੇ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਥਰਮਲ ਪਲਾਂਟਾਂ ਦੀ ਹਾਲਤ ਵੀ ਸਰਕਾਰ ਦੀ ਅਣਤਿਆਰੀ ਨੂੰ ਬੇਨਕਾਬ ਕਰਦੀ ਹੈ। ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਕਈ ਯੂਨਿਟ ਬੰਦ ਰਹਿਣ ਅਤੇ ਰੋਪੜ ਥਰਮਲ ਪਲਾਂਟ ਦੀ ਘੱਟ ਉਤਪਾਦਨ ਸਮਰੱਥਾ ਨੇ ਵੀ ਸਪਲਾਈ ਸੰਕਟ ਨੂੰ ਵਧਾਇਆ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਰਕਾਰ ਨੂੰ ਪਹਿਲਾਂ ਹੀ ਪਤਾ ਸੀ ਕਿ ਝੋਨੇ ਦੇ ਸੀਜ਼ਨ ਵਿੱਚ ਮੰਗ ਰਿਕਾਰਡ ਪੱਧਰ ’ਤੇ ਰਹੇਗੀ ਤਾਂ ਵਾਧੂ ਉਤਪਾਦਨ ਅਤੇ ਬੈਕਅੱਪ ਪ੍ਰਬੰਧ ਪਹਿਲਾਂ ਤੋਂ ਕਿਉਂ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਕਾਰਨ ਕਿਸਾਨ ਮਹਿੰਗਾ ਡੀਜ਼ਲ ਵਰਤ ਕੇ ਜਨਰੇਟਰ ਚਲਾਉਣ ਲਈ ਮਜ਼ਬੂਰ ਹਨ, ਜਿਸ ਨਾਲ ਇੱਕ ਏਕੜ ਝੋਨੇ ਦੀ ਸਿੰਚਾਈ ਦੀ ਲਾਗਤ ਵਿੱਚ ਕਈ ਗੁਣਾ ਵਾਧਾ ਹੋ ਗਿਆ ਹੈ। ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦਬਿਆ ਕਿਸਾਨ ਹੁਣ ਸਰਕਾਰੀ ਨਾਕਾਮੀ ਦੀ ਆਰਥਿਕ ਕੀਮਤ ਵੀ ਚੁਕਾ ਰਿਹਾ ਹੈ। ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਧਿਆਨ ਜ਼ਮੀਨੀ ਮੁੱਦਿਆਂ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਸੋਸ਼ਲ ਮੀਡੀਆ ਪ੍ਰਚਾਰ ’ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਨਾ ਤਾਂ ਨਿਰੰਤਰ ਬਿਜਲੀ ਸਪਲਾਈ ਹੈ, ਨਾ ਹੀ ਸੁਚੱਜਾ ਪ੍ਰਬੰਧ ਅਤੇ ਨਾ ਹੀ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਕੋਈ ਜਵਾਬਦੇਹੀ। ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ‘ਪਾਵਰ ਸਰਪਲੱਸ’ ਨਹੀਂ ਸਗੋਂ ‘ਪ੍ਰੋਪੈਗੰਡਾ ਸਰਪਲੱਸ’ ਸਰਕਾਰ ਬਣ ਕੇ ਰਹਿ ਗਈ ਹੈ। ਅਕਾਲੀ ਆਗੂਆਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਏਅਰ-ਕੰਡੀਸ਼ਨਡ ਹਾਲਾਂ ਵਿੱਚ ਭਾਸ਼ਣ ਦੇਣ ਦੀ ਥਾਂ ਪਿੰਡਾਂ ਦਾ ਦੌਰਾ ਕਰਨ ਅਤੇ ਗਰਿੱਡਾਂ ਅੱਗੇ ਬੈਠੇ ਕਿਸਾਨਾਂ ਨਾਲ ਸਿੱਧਾ ਸੰਵਾਦ ਕਰਕੇ ਜ਼ਮੀਨੀ ਹਕੀਕਤ ਨੂੰ ਸਮਝਣ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਇਸ ਨਾਕਾਮੀ ਨੂੰ ਭੁੱਲੇਗਾ ਨਹੀਂ ਅਤੇ ਸਮਾਂ ਆਉਣ ’ਤੇ ਲੋਕਤੰਤਰੀ ਢੰਗ ਨਾਲ ਜਵਾਬ ਜ਼ਰੂਰ ਦੇਵੇਗਾ।