ਭਗਤੂਆਣਾ ਵਿਖੇ ਨਗਰ ਕੀਰਤਨ ਸਜਾਇਆ
ਪਿੰਡ ਭਗਤੂਆਣਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Thu, 01 Jan 2026 05:10 PM (IST)
Updated Date: Fri, 02 Jan 2026 04:05 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਸਾਹਿਬ-ਏ-ਕਮਾਲ, ਸਰਬੰਸਦਾਨੀ ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਡੇਰਾ ਬਾਬਾ ਭਾਈ ਭਗਤੂ ਪਿੰਡ ਰਾਮਗੜ੍ਹ (ਭਗਤੂਆਣਾ) ਵੱਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼ਰਧਾਲੂਆਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਵਿਚ ਸ਼ਸੋਭਿਤ ਕੀਤਾ ਗਿਆ। ਸ਼੍ਰੀ ਗੁਰੂ ਗੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਵਿਸ਼ਾਲ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਡੇਰਾ ਬਾਬਾ ਭਾਈ ਭਗਤੂ ਭਗਤੂਆਣਾ ਤੋਂ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਡੇਰੇ ਦੇ ਮੁੱਖ ਸੰਚਾਲਕ ਬਾਬਾ ਸੱਤ ਮੁਨੀ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਬਾਬਾ ਸੱਤ ਮੁਨੀ ਨੇ ਕਿਹਾ ਕਿ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨਾ ਸਿਰਫ਼ ਭਾਰਤ ਦੇ ਇਤਿਹਾਸ ’ਚ ਸਗੋਂ ਦੁਨੀਆ ਦੇ ਇਤਿਹਾਸ ’ਚ ਵੀ ਬੇਮਿਸਾਲ ਹਨ। ਉਨ੍ਹਾਂ ਕਿਹਾ ਕਿ ਆਪਣੀ ਛੋਟੀ ਉਮਰ ਦੇ ਬਾਵਜੂਦ ਚਾਰੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਨੇ ਦਲੇਰੀ ਨਾਲ ਬੇਰਹਿਮ ਅੱਤਿਆਚਾਰਾਂ ਦਾ ਸਾਹਮਣਾ ਕੀਤਾ ਅਤੇ ਬਿਨਾਂ ਕਿਸੇ ਡਰ ਦੇ ਸ਼ਹਾਦਤ ਸਵੀਕਾਰ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਸਮਾਜ ਨੂੰ ਪ੍ਰੇਰਿਤ ਕਰਦੀ ਰਹੇਗੀ ਹੈ ਅਤੇ ਬੇਇਨਸਾਫ਼ੀ ਵਿਰੁੱਧ ਮਜ਼ਬੂਤੀ ਨਾਲ ਖੜ੍ਹੇ ਹੋਣ ਦੀ ਮਹੱਤਤਾ ਸਿਖਾਉਂਦੀ ਰਹੇਗੀ। ਇਹ ਵਿਸ਼ਾਲ ਨਗਰ ਕੀਰਤਨ ਡੇਰਾ ਬਾਬਾ ਭਾਈ ਭਗਤੂ ਤੋਂ ਸ਼ੁਰੂ ਹੋਇਆ ਅਤੇ ਪਿੰਡ ਦੀਆਂ ਗਲੀਆਂ ’ਚੋਂ ਦੀ ਹੋ ਕੇ ਵਾਪਸ ਡੇਰਾ ਬਾਬਾ ਭਾਈ ਭਗਤੂ ਪਹੁੰਚ ਕੇ ਸਮਾਪਤ ਹੋਇਆ। ਇਸ ਨਗਰ ਕੀਰਤਨ ਦਾ ਪਿੰਡ ਦੇ ਲੋਕਾਂ ਵੱਲੋਂ ਥਾਂ-ਥਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਕਈ ਥਾਂ ’ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਪਿੰਡ ’ਚ ਥਾਂ-ਥਾਂ ਤੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ। ਨਗਰ ਕੀਰਤਨ ’ਚ ਸੰਗਤ ਵੱਲੋਂ ਵਾਹਿਗੁਰੂ-ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਆਪਣੀ ਹਾਜ਼ਰੀ ਲਵਾਈ। ਇਸ ਮੌਕੇ ਪ੍ਰਸਿੱਧ ਰਾਗੀ ਜੱਥਿਆਂ ਵੱਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ ਤੇ ਕਵੀਸ਼ਰ ਅਤੇ ਢਾਡੀ ਜੱਥਿਆਂ ਨੇ ਸਿੱਖ ਇਤਿਹਾਸ ਦੀਆਂ ਵਾਰਾਂ ਗਾ ਕੇ ਪਹੁੰਚੀਆਂ ਹੋਈਆਂ ਸੰਗਤਾਂ ਨਿਹਾਲ ਕੀਤਾ। ਨਗਰ ਕੀਰਤਨ ਵਿਚ ਪੰਜ ਪਿਆਰੇ, ਸਿੰਘਾਂ ਦਾ ਨਗਾਰਾ, ਸਫ਼ੈਦ ਰੰਗ ਦਾ ਸ਼ੰਗਾਰਿਆ ਘੋੜਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ ਤੋਂ ਇਲਾਵਾ ਪਿੰਡ ਦੇ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ।