
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਗੁਰਮਨਪ੍ਰੀਤ ਸਿੰਘ ਨੇ ਨੈਸ਼ਨਲ ਐਥਲੈਟਿਕਸ ਵਿੱਚ ਜਿੱਤਿਆ ਸੋਨ ਤਗਮਾ

ਅਰਸ਼ਦੀਪ ਸੋਨੀ ਪੰਜਾਬੀ ਜਾਗਰਣ ਸਾਦਿਕ : ਸੀਆਈਸੀਐਸ ਈ ਦੇ 2026 ਖੇਡ ਕੈਲੰਡਰ ਵਿੱਚ ਐਥਲੈਟਿਕਸ ਮੁਕਾਬਲੇ ਸ੍ਰੀ ਕੇ.ਵੀ. ਇੰਗਲਿਸ਼ ਸਕੂਲ, ਚਿਕਬੱਲਪੁਰ, ਕਰਨਾਟਕ ਵਲੋਂ, ਮਹਾਤਮਾ ਗਾਂਧੀ ਸਟੇਡੀਅਮ ਤੁਮਕੁਰ ਵਿਖੇ ਆਯੋਜਿਤ ਕੀਤੇ ਗਏ ਹਨ। ਸੀਆਈਸੀਐਸ ਈ ਵੱਲੋਂ ਕਰਵਾਈਆਂ ਗਈਆਂ ਨੈਸ਼ਨਲ ਖੇਡਾਂ ਵਿੱਚ ਦੇਸ਼ ਦੇ ਵੱਖ ਵੱਖ ਰਾਜਾਂ ਦੇ ਸਕੂਲਾਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ। ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ, ਦੀਪ ਸਿੰਘ ਵਾਲਾ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਗੁਰਮਨਪ੍ਰੀਤ ਸਿੰਘ ਨੇ ਸੀਆਈਸੀਐਸ ਈ ਨੈਸ਼ਨਲ ਐਥਲੈਟਿਕਸ ਖੇਡਾਂ ਵਿੱਚ ਜੈਵਲਿਨ ਥਰੋ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ ਹੈ। ਇਸ ਮਾਣਮੱਤੀ ਪ੍ਰਾਪਤੀ ਨਾਲ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ।ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਗੁਰਮਨਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਆਪਣੀ ਯੋਗਤਾ ਦਾ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਮਨਪ੍ਰੀਤ ਨੇ ਰਾਸ਼ਟਰੀ ਪੱਧਰ ’ਤੇ ਜਾ ਕੇ ਸਕੂਲ ਦਾ ਮਾਣ ਵਧਾਇਆ ਹੈ ਅਤੇ ਇਹ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਵਿਦਿਆਰਥੀ ਦੀ ਇਸ ਸਫਲਤਾ ਪਿੱਛੇ ਸਰੀਰਿਕ ਸਿੱਖਿਆ ਅਧਿਆਪਕ ਗੁਰਜੀਤ ਸਿੰਘ, ਗੁਰਮਨ ਸਿੰਘ ਅਤੇ ਅਮਨਦੀਪ ਕੌਰ ਦੀ ਸਖ਼ਤ ਮਿਹਨਤ ਅਤੇ ਮਾਰਗਦਰਸ਼ਨ ਦਾ ਵੀ ਅਹਿਮ ਯੋਗਦਾਨ ਰਿਹਾ। ਅਧਿਆਪਕਾਂ ਨੇ ਗੁਰਮਨਪ੍ਰੀਤ ਨੂੰ ਨਿਯਮਤ ਅਭਿਆਸ ਕਰਵਾਉਂਦਿਆਂ ਉਸ ਨੂੰ ਮੁਕਾਬਲੇ ਲਈ ਤਿਆਰ ਕੀਤਾ। ਸਕੂਲ ਮੈਨੇਜਮੈਂਟ ਦੇ ਚੇਅਰਮੈਨ ਗੁਰਜੰਟ ਸਿੰਘ ਮਨਾਵਾਂ, ਵਾਈਸ ਚੇਅਰਮੈਨ ਬਲਦੇਵ ਸਿੰਘ ਸ਼ੇਖੋ ਅਤੇ ਮੈਨੇਜਮੈਂਟ ਮੈਂਬਰ ਗੁਰਜੀਤ ਸਿੰਘ ਮਨਾਵਾਂ ਨੇ ਵੀ ਵਿਦਿਆਰਥੀ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਸ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਕੂਲ ਵੱਲੋਂ ਵੱਖੑਵੱਖ ਖੇਡ ਗਤੀਵਿਧੀਆਂ ਦਾ ਪ੍ਰਬੰਧ ਕਰਕੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣਗੇ।