- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜੈਤੋ ਵੱਲੋਂ ਸੱਤ ਰੋਜ਼ਾ ਦਸਤਾਰ ਅਤੇ ਗੁਰਮਤਿ ਕੈਂਪ ਦਾ ਸਫ਼ਲ ਆਯੋਜਨ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ ਦੀਆਂ ਮਹਾਨ ਪਰੰਪਰਾਵਾਂ, ਅਮੀਰ ਵਿਰਸੇ ਅਤੇ ਗੁਰਬਾਣੀ ਨਾਲ ਜੋੜਨ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜੈਤੋ ਵੱਲੋਂ ਪਿੰਡ ਸੂਰਘੂਰੀ, ਜ਼ਿਲ੍ਹਾ ਫ਼ਰੀਦਕੋਟ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸੱਤ ਰੋਜ਼ਾ ਦਸਤਾਰ ਅਤੇ ਗੁਰਮਤਿ ਕੈਂਪ ਦਾ ਸਫ਼ਲ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਬੱਚਿਆਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਧਾਰਮਿਕ, ਸੱਭਿਆਚਾਰਕ ਅਤੇ ਇਤਿਹਾਸਕ ਜਾਣਕਾਰੀ ਹਾਸਲ ਕੀਤੀ। ਕੈਂਪ ਵਿੱਚ ਸਟੱਡੀ ਸਰਕਲ ਦੇ ਦਸਤਾਰ ਕੋਚ ਰਵਿੰਦਰ ਸਿੰਘ ਦਾਰਾ ਵੱਲੋਂ ਬੱਚਿਆਂ ਨੂੰ ਰੋਜ਼ਾਨਾ ਵੱਖ-ਵੱਖ ਢੰਗਾਂ ਨਾਲ ਸੁੰਦਰ ਦਸਤਾਰਾਂ ਸਜਾਉਣ ਦੀ ਵਿਧੀ ਸਿਖਾਈ ਗਈ। ਇਸ ਤੋਂ ਇਲਾਵਾ ਸੰਗੀਤ ਅਧਿਆਪਕ ਜਸਵਿੰਦਰ ਸਿੰਘ ਨੇ ਬੱਚਿਆਂ ਨੂੰ ਗੁਰਬਾਣੀ ਕੀਰਤਨ ਦੀ ਸਿਖਲਾਈ ਦਿੱਤੀ, ਜਦਕਿ ਭਾਈ ਜਗਤਾਰ ਸਿੰਘ ਨੇ ਸਿੱਖ ਇਤਿਹਾਸ ਦੀਆਂ ਮਹਾਨ ਸ਼ਖ਼ਸੀਅਤਾਂ ਅਤੇ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾਦਾਇਕ ਸਾਖੀਆਂ ਸਾਂਝੀਆਂ ਕਰਕੇ ਬੱਚਿਆਂ ਵਿੱਚ ਧਾਰਮਿਕ ਜਾਗਰੂਕਤਾ ਪੈਦਾ ਕੀਤੀ। ਕੈਂਪ ਵਿੱਚ ਹਰ ਰੋਜ਼ ਲਗਭਗ ਸੱਤਰ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਪਤੀ ਸਮਾਗਮ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜੈਤੋ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਵਿਰਸੇ, ਇਤਿਹਾਸ ਅਤੇ ਗੁਰਮਤਿ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਬੱਚਿਆਂ ਨੂੰ ਸਿੱਖੀ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਸਮਾਪਤੀ ਸਮਾਰੋਹ ਦੌਰਾਨ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ, ਤਮਗੇ ਅਤੇ ਉਸਾਰੂ ਸਾਹਿਤ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਕੈਂਪ ਲਗਾ ਕੇ ਬੱਚਿਆਂ ਨੂੰ ਧਾਰਮਿਕ ਅਤੇ ਨੈਤਿਕ ਸਿੱਖਿਆ ਨਾਲ ਜੋੜਿਆ ਜਾਵੇਗਾ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਗ੍ਰੰਥੀ ਭਾਈ ਸੁਖਦੇਵ ਸਿੰਘ, ਖ਼ਜ਼ਾਨਚੀ ਇਕਬਾਲ ਸਿੰਘ, ਹਰਵਿੰਦਰ ਸਿੰਘ, ਸ਼ੈਂਬਰ ਸਿੰਘ ਫੌਜੀ, ਗੁਰਲਾਲ ਸਿੰਘ, ਗੁਰਸੇਵਕ ਸਿੰਘ, ਰੇਸ਼ਮ ਸਿੰਘ, ਅੰਗਰੇਜ਼ ਸਿੰਘ, ਮਹਿੰਦਰ ਸਿੰਘ, ਲਖਵਿੰਦਰ ਸਿੰਘ, ਧਰਮਿੰਦਰ ਸਿੰਘ, ਕਰਮਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ। ਇਹ ਕੈਂਪ ਨੌਜਵਾਨ ਪੀੜ੍ਹੀ ਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਸਿੱਖੀ ਪ੍ਰਤੀ ਮਾਣ ਅਤੇ ਸਮਰਪਣ ਦੀ ਭਾਵਨਾ ਪੈਦਾ ਕਰਨ ਲਈ ਬਹੁਤ ਹੀ ਲਾਭਕਾਰੀ ਸਾਬਤ ਹੋਇਆ