- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਰਾਮੇਆਣਾ ਵਿੱਚ ਸੂਆ ਟੁੱਟਣ ਨਾਲ ਭਾਰੀ ਨੁਕਸਾਨ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪਿਛਲੇ ਦਿਨੀਂ ਪਏ ਭਾਰੀ ਮੀਂਹ, ਤੇਜ਼ ਹਨੇਰੀ ਅਤੇ ਗੜੇਮਾਰੀ ਨੇ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ, ਉੱਥੇ ਹੀ ਜੈਤੋ ਹਲਕੇ ਦੇ ਪਿੰਡ ਰਾਮੇਆਣਾ ਨੇੜੇ ਕੋਟਲੀ ਵਾਲੇ ਪੁਲ ਕੋਲ ਸੂਆ ਟੁੱਟ ਜਾਣ ਕਾਰਨ ਹਾਲਾਤ ਹੋਰ ਵੀ ਵਿਗੜ ਗਏ ਹਨ। ਸੂਆ ਟੁੱਟਣ ਨਾਲ ਵੱਡੀ ਮਾਤਰਾ ਵਿੱਚ ਪਾਣੀ ਖੇਤਾਂ ਵਿੱਚ ਦਾਖ਼ਲ ਹੋ ਗਿਆ, ਜਿਸ ਕਾਰਨ 700 ਏਕੜ ਤੋਂ ਵੱਧ ਖੇਤੀਬਾੜੀ ਵਾਲੀ ਜ਼ਮੀਨ ਪਾਣੀ ਹੇਠ ਆ ਗਈ ਹੈ। ਕਈ ਖੇਤਾਂ ਅਤੇ ਵਾਹਣਾਂ ਵਿੱਚ ਅਜੇ ਵੀ ਤਿੰਨ ਤੋਂ ਚਾਰ ਫੁੱਟ ਤੱਕ ਪਾਣੀ ਖੜ੍ਹਾ ਹੈ, ਜਿਸ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਲਗਾਤਾਰ ਵਧ ਰਹੀਆਂ ਹਨ। ਪ੍ਰਸ਼ਾਸਨ ਵੱਲੋਂ ਜੇਸੀਬੀਆਂ ਦੀ ਮਦਦ ਨਾਲ ਮੁਰੰਮਤ ਅਤੇ ਬਚਾਅ ਕਾਰਜ ਜਾਰੀ ਹਨ। ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ‘ਰਾਜਾ ਵੜਿੰਗ’ ਦੀ ਧਰਮਪਤਨੀ ਅੰਮ੍ਰਿਤਾ ਵੜਿੰਗ ਵਿਸ਼ੇਸ਼ ਤੌਰ ’ਤੇ ਪਿੰਡ ਰਾਮੇਆਣਾ ਪਹੁੰਚੀ। ਉਨ੍ਹਾਂ ਨੇ ਪਾਣੀ ਨਾਲ ਡੁੱਬੇ ਖੇਤਾਂ ਦਾ ਦੌਰਾ ਕਰਦਿਆਂ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਨੇੜਿਓਂ ਜਾਣਿਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਉਠਾਏ। ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਹਿਲਾਂ ਹੀ ਮੀਂਹ ਅਤੇ ਗੜੇਮਾਰੀ ਕਾਰਨ ਮੱਕੀ ਸਮੇਤ ਕਈ ਫ਼ਸਲਾਂ ਤਬਾਹ ਹੋ ਚੁੱਕੀਆਂ ਹਨ, ਜਦਕਿ ਪਸ਼ੂਆਂ ਲਈ ਸੰਭਾਲ ਕੇ ਰੱਖਿਆ ਗਿਆ ਚਾਰਾ ਵੀ ਬਰਬਾਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਵੱਡੇ ਖ਼ਰਚੇ ਅਤੇ ਮਿਹਨਤ ਨਾਲ ਫ਼ਸਲਾਂ ਤਿਆਰ ਕੀਤੀਆਂ ਸਨ, ਪਰ ਕੁਦਰਤੀ ਆਫ਼ਤ ਅਤੇ ਪ੍ਰਬੰਧਕੀ ਲਾਪਰਵਾਹੀ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਆ ਟੁੱਟਣ ਤੋਂ ਬਾਅਦ ਲੋਕ ਆਪਣੇ ਪੱਧਰ ’ਤੇ ਮਿੱਟੀ ਪਾ ਕੇ ਪਾਣੀ ਰੋਕਣ ਅਤੇ ਬੰਨ੍ਹ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰਦੇ ਰਹੇ, ਪਰ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਤੁਰੰਤ ਕਦਮ ਚੁੱਕੇ ਜਾਂਦੇ ਤਾਂ ਨੁਕਸਾਨ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਸੀ। ਦੌਰੇ ਦੌਰਾਨ ਅੰਮ੍ਰਿਤਾ ਵੜਿੰਗ ਨੇ ਦੱਸਿਆ ਕਿ ਇੱਕ ਆਰਗੈਨਿਕ ਖੇਤੀ ਕਰਨ ਵਾਲੇ ਕਿਸਾਨ ਦੀ ਨਰਸਰੀ ਨੂੰ ਹੀ 10 ਤੋਂ 15 ਲੱਖ ਰੁਪਏ ਤੱਕ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਕਈ ਘਰਾਂ ਦੀਆਂ ਕੰਧਾਂ ਡਿੱਗਣ, ਛੱੱਤਾਂ ਨੂੰ ਨੁਕਸਾਨ ਪਹੁੰਚਣ ਅਤੇ ਲੋਕਾਂ ਦੇ ਜ਼ਖ਼ਮੀ ਹੋਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ, ਜਿਸ ਨਾਲ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਅੰਮ੍ਰਿਤਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਭਾਵਿਤ ਖੇਤਰ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ, ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਸੂਆ ਦੀ ਪੱਕੀ ਮੁਰੰਮਤ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੰਕਟ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਇਕੱਲਾ ਨਹੀਂ ਛੱਡਿਆ ਜਾ ਸਕਦਾ। ਉਧਰ ਪ੍ਰਭਾਵਿਤ ਕਿਸਾਨਾਂ ਨੇ ਵੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ। ਇਸ ਸਮੇਂ ਸਮੂਹ ਇਲਾਕੇ ਦੀ ਨਜ਼ਰ ਸਰਕਾਰ ਅਤੇ ਪ੍ਰਸ਼ਾਸਨ ਦੀ ਅਗਲੀ ਕਾਰਵਾਈ ’ਤੇ ਟਿਕੀ ਹੋਈ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਕਲਿਆਣ, ਡਾ. ਇਕਬਾਲ ਸਿੰਘ ਔਲਖ ਰਾਮੇਆਣਾ ਆਦਿ ਹਾਜ਼ਰ ਸਨ।