- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
-ਵਿਰਾਸਤੀ ਰੰਗ ਬਿਖੇਰਦਾ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਿਆ

ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ : ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਯਾਦ ਵਿੱਚ ਮਨਾਏ ਜਾ ਰਹੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਅੱਜ ਵੱਖ-ਵੱਖ ਰਾਜਾਂ ਦੇ ਰਵਾਇਤੀ ਪਹਿਰਾਵਿਆਂ, ਸੱਭਿਆਚਾਰ ਅਤੇ ਵਿਰਾਸਤ ਦੇ ਰੰਗ ਵਿੱਚ ਰੰਗਿਆ ਵਿਰਾਸਤੀ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਵਿਖੇ ਪੁੱਜਿਆ। ਵਿਰਾਸਤੀ ਕਾਫਲੇ ਨੇ ਸ਼ਹਿਰ ਵਾਸੀਆਂ ਅਤੇ ਵੱਡੀ ਗਿਣਤੀ ਵਿੱਚ ਮੌਜੂਦ ਦਰਸ਼ਕਾਂ ਨੂੰ ਆਪਣੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਿਆ। ਇਸ ਵਿਰਾਸਤੀ ਕਾਫਲੇ ਨੂੰ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਲ੍ਹਾ ਮੁਬਾਰਕ ਤੋਂ ਸਾਂਝੇ ਤੌਰ ’ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਕਾਫਲੇ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਨੌਰਥ ਜ਼ੋਨ ਕਲਚਰ ਸੈਂਟਰ ਦੇ ਕਲਾਕਾਰਾਂ ਵੱਲੋਂ ਵੀ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਨੂੰ ਦਰਸਾਉਂਦੀਆਂ ਕਲਾਤਮਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਵੱਖ-ਵੱਖ ਰਵਾਇਤੀ ਪਹਿਰਾਵਿਆਂ ਵਿੱਚ ਸਜੇ ਵਿਦਿਆਰਥੀ, ਕਲਾਕਾਰ, ਸਜੇ ਹੋਏ ਘੋੜੇ ਅਤੇ ਊਠ ਕਾਫਲੇ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਕਾਫਲੇ ਦੇ ਰਸਤੇ ਵਿੱਚ ਸ਼ਹਿਰ ਵਾਸੀਆਂ ਵੱਲੋਂ ਇਸ ਦਾ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ ਅਤੇ ਲੋਕਾਂ ਨੇ ਵਿਰਾਸਤੀ ਕਾਫਲੇ ਦਾ ਭਰਪੂਰ ਆਨੰਦ ਮਾਣਿਆ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਦੀ ਪੀੜ੍ਹੀ ਨੂੰ ਆਪਣੇ ਪੁਰਾਤਨ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਲਈ ਹਰ ਸਾਲ ਵਿਰਾਸਤੀ ਮੇਲੇ ਦਾ ਆਯੋਜਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਬਾਰੇ ਜਾਣੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ’ਤੇ ਮਨਾਏ ਜਾਂਦੇ ਇਸ ਮੇਲੇ ਦਾ ਮੁੱਖ ਮਕਸਦ ਲੋਕਾਂ ਨੂੰ ਆਪਸੀ ਭਾਈਚਾਰੇ, ਧਰਮ, ਸੱਭਿਆਚਾਰ ਅਤੇ ਵਿਰਾਸਤ ਨਾਲ ਜੋੜਨਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ ਹੈ ਅਤੇ ਵਿਰਾਸਤੀ ਕਾਫਲਾ ਬਾਬਾ ਫਰੀਦ ਆਗਮਨ ਪੁਰਬ ਮੇਲੇ ਦਾ ਇੱਕ ਅਹਿਮ ਹਿੱਸਾ ਹੈ, ਜਿਸ ਦਾ ਹਰ ਸਾਲ ਆਯੋਜਨ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਫਲੇ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚੇ ਰਵਾਇਤੀ ਪਹਿਰਾਵਿਆਂ ਵਿੱਚ ਸੱਜ ਕੇ ਅਤੇ ਘੋੜਿਆਂ ਤੇ ਊਠਾਂ ਨੂੰ ਸੁੰਦਰ ਢੰਗ ਨਾਲ ਸਜਾ ਕੇ ਕਿਲ੍ਹਾ ਮੁਬਾਰਕ ਤੋਂ ਦਰਬਾਰ ਗੰਜ ਤੱਕ ਜਾਂਦੇ ਹਨ ਅਤੇ ਲੋਕਾਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਦੇ ਹਨ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਭਾਰਤ ਦੇ ਵੱਖ-ਵੱਖ ਸੂਬਿਆਂ ਦੀ ਵਿਭਿੰਨ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਸਾਨੂੰ ਭਾਰਤ ਦੀ ਅਮੀਰ ਵਿਭਿੰਨਤਾ, ਵੱਖ-ਵੱਖ ਸੱਭਿਆਚਾਰਾਂ ਅਤੇ ਆਪਸੀ ਪਿਆਰ ਤੇ ਭਾਈਚਾਰੇ ਨੂੰ ਨੇੜਿਓਂ ਜਾਣਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਬਾਬਾ ਫਰੀਦ ਆਗਮਨ ਪੁਰਬ ਮੇਲੇ ਦੌਰਾਨ ਹੋਰ ਵੀ ਵੱਖ-ਵੱਖ ਸੱਭਿਆਚਾਰਕ, ਧਾਰਮਿਕ ਅਤੇ ਖੇਡਾਂ ਨਾਲ ਸਬੰਧਤ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਮੇਲੇ ਦਾ ਆਨੰਦ ਮਾਣਨ ਅਤੇ ਆਪਣੀ ਅਮੀਰ ਵਿਰਾਸਤ ਨਾਲ ਜੁੜਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਐੱਸ.ਡੀ.ਐੱਮ ਕੋਟਕਪੂਰਾ ਰਜਿੰਦਰ ਸਿੰਘ, ਮੈਡਮ ਬੇਅੰਤ ਕੌਰ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ,ਚੇਅਰਮੈਨ ਇੰਪਰੂਮੈਂਟ ਟਰੱਸਟ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ (ਬਾਬਾ), ਡੀ.ਆਰ.ਓ. ਲਵਪ੍ਰੀਤ ਕੌਰ, ਜਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਸ਼ਲ, ਨਗਰ ਕੌਂਸਲ ਪ੍ਰਧਾਨ ਬਲਜਿੰਦਰ ਸਿੰਘ ਅਹੂਜਾ ਮਨਦੀਪ ਮੌਂਗਾ ਸੈਕਟਰੀ ਰੈੱਡ ਕਰਾਸ, ਮਨਪ੍ਰੀਤ ਸਿੰਘ ਧਾਲੀਵਾਲ, ਅਮਰਜੀਤ ਸਿੰਘ ਪਰਮਾਰ, ਜਸਬੀਰ ਸਿੰਘ ਜੱਸੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।