ਮਾਨ ਸਰਕਾਰ ਨੇ ਔਰਤਾਂ ਲਈ ਕੀਤਾ ਇਤਿਹਾਸਕ ਫੈਸਲਾ
ਪੰਜਾਬ ਦੀਆਂ ਮਹਿਲਾਵਾਂ ਲਈ ‘ਮਾਨ ਸਰਕਾਰ’ ਦਾ ਇਤਿਹਾਸਕ ਫ਼ੈਸਲਾ : ‘ਆਪ’ ਆਗੂ
Publish Date: Wed, 11 Mar 2026 03:30 PM (IST)
Updated Date: Thu, 12 Mar 2026 04:00 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ ਸਰਕਾਰ’ ਨੇ 2022 ਦੀਆਂ ਚੋਣਾਂ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਵਾਅਦਾ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਪੂਰਾ ਕਰ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ, ਆਮ ਆਦਮੀ ਪਾਰਟੀ ਸ਼ੋਸ਼ਲ ਮੀਡੀਆ ਬਲਾਕ ਜੈਤੋ ਦੇ ਪ੍ਰਧਾਨ ਤੇ ਆਮ ਆਦਮੀ ਪਾਰਟੀ ਬੀ.ਸੀ ਵਿੰਗ ਹਲਕਾ ਜੈਤੋ ਦੇ ਕੋਆਰਡੀਨੇਟਰ ਸੁਖਰੀਤ ਸਿੰਘ ਰੋਮਾਣਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਕਰੀਰਵਾਲੀ ਦੇ ਪੰਚਾਇਤ ਮੈਂਬਰ ਹਰਮੇਲ ਸਿੰਘ ਬਾਠ, ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ ਅੰਕੁਸ਼ ਬਾਂਸਲ, ਆਮ ਆਦਮੀ ਪਾਰਟੀ ਦੇ ਯੂਥ ਆਗੂ ਪ੍ਰੇਮ ਕੁਮਾਰ ‘ਪ੍ਰੇਮਾ’ ਕੋਟਕਪੂਰਾ, ਆਮ ਆਦਮੀ ਪਾਰਟੀ ਸ਼ੋਸ਼ਲ ਮੀਡੀਆ ਬਲਾਕ ਜੈਤੋ ਦੇ ਪ੍ਰਧਾਨ ਲੱਬੀ ਧਾਲੀਵਾਲ ਵਾੜਾ ਭਾਈਕਾ ਅਤੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਰਣਜੀਤ ਸਿੰਘ ਬਰਾੜ ਡੇਲਿਆਂਵਾਲੀ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ‘ਆਪ’ ਆਗੂਆਂ ਨੇ ਦੱਸਿਆ ਕਿ ‘ਆਪ ਸਰਕਾਰ’ ਵੱਲੋਂ ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਦਲਿਤ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਜਰਨਲ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ‘ਆਪ’ ਆਗੂਆਂ ਨੇ ਕਿਹਾ ਕਿ ‘ਆਪ ਸਰਕਾਰ’ ਹਮੇਸ਼ਾ ਹੀ ਮਹਿਲਾਵਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਵਚਨਬੱਧ ਰਹੀ ਹੈ। ਇਹ ਫ਼ੈਸਲਾ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੇ ਨਾਲ-ਨਾਲ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ।