- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਰੀਜ਼ਾਂ ਦੀ ਆਵਾਜ਼ ਰੋਕਣ ਦੀ ਬਜਾਏ ਫੀਡਬੈਕ ਦੇ ਆਧਾਰ ’ਤੇ ਸਿਹਤ ਸੇਵਾਵਾਂ ਵਿੱਚ ਸੁਧਾਰ ਕੀਤਾ ਜਾਵੇ: ਅਰਸ਼ ਸੱਚਰ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫਰੀਦਕੋਟ : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫਰੀਦਕੋਟ ਵਿੱਚ ਐਮਰਜੈਂਸੀ ਦੌਰਾਨ ਵੈਂਟੀਲੇਟਰ ਦੀ ਲੋੜ ਪੈਣ ’ਤੇ ਮਰੀਜ਼ ਦੇ ਪਰਿਵਾਰ ਵੱਲੋਂ ਮਦਦ ਦੀ ਅਪੀਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਅਰਸ਼ ਸੱਚਰ ਨੇ ਦੱਸਿਆ ਕਿ ਮਰੀਜ਼ ਦੇ ਪਰਿਵਾਰ ਵੱਲੋਂ ਉਨ੍ਹਾਂ ਨਾਲ ਸੰਪਰਕ ਕਰਨ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨਾਲ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਲੋੜੀਂਦੀ ਵੈਂਟੀਲੇਟਰ ਸਹੂਲਤ ਉਪਲਬਧ ਨਾ ਹੋਣ ਬਾਰੇ ਜਾਣਕਾਰੀ ਮਿਲੀ। ਉਨ੍ਹਾਂ ਕਿਹਾ ਕਿ ਮੈਡੀਕਲ ਹਸਪਤਾਲ ਵਰਗੀ ਵੱਡੀ ਸਿਹਤ ਸੰਸਥਾ ਵਿੱਚ ਗੰਭੀਰ ਮਰੀਜ਼ਾਂ ਲਈ ਜੀਵਨ-ਰੱਖਿਅਕ ਸਹੂਲਤਾਂ ਦੀ ਉਪਲਬਧਤਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਸਪਤਾਲ ਵਿੱਚ ਵੈਂਟੀਲੇਟਰਾਂ ਦੀ ਗਿਣਤੀ ਅਤੇ ਕਾਰਗੁਜ਼ਾਰੀ ਦੀ ਤੁਰੰਤ ਸਮੀਖਿਆ ਕਰਵਾਈ ਜਾਵੇ। ਇਸ ਦੇ ਨਾਲ ਹੀ ਆਈਸੀਯੂ ਬੈੱਡ, ਆਕਸੀਜਨ, ਐਮਰਜੈਂਸੀ ਸੇਵਾਵਾਂ ਅਤੇ ਹੋਰ ਜੀਵਨ-ਰੱਖਿਅਕ ਸਹੂਲਤਾਂ 24 ਘੰਟੇ ਉਪਲਬਧ ਰਹਿਣ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਇਲਾਜ ਲਈ ਹੋਰ ਥਾਵਾਂ ’ਤੇ ਜਾਣ ਲਈ ਮਜਬੂਰ ਨਾ ਹੋਣਾ ਪਵੇ। ਅਰਸ਼ ਸੱਚਰ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵੱਲੋਂ ਹਸਪਤਾਲ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਜ਼ਮੀਨੀ ਪੱਧਰ ’ਤੇ ਫੀਡਬੈਕ ਵੀ ਇਕੱਠੀ ਕੀਤੀ ਗਈ ਹੈ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਦਵਾਈ ਕਾਊਂਟਰ ਅਤੇ ਓਪੀਡੀ ਸਲਿੱਪ ਪ੍ਰਣਾਲੀ ਵਿੱਚ ਵੀ ਸੁਧਾਰ ਦੀ ਲੋੜ ਬਾਰੇ ਗੱਲਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ। ਜੇਕਰ ਕਿਸੇ ਮਰੀਜ਼ ਜਾਂ ਪਰਿਵਾਰ ਵੱਲੋਂ ਸਿਹਤ ਸੇਵਾਵਾਂ ਸਬੰਧੀ ਕੋਈ ਸਮੱਸਿਆ ਜਾਂ ਕਮੀ ਦੱਸੀ ਜਾਂਦੀ ਹੈ ਤਾਂ ਉਸ ਨੂੰ ਦਬਾਉਣ ਦੀ ਬਜਾਏ ਉਸ ਦੀ ਜਾਂਚ ਕਰਕੇ ਹੱਲ ਕੀਤਾ ਜਾਣਾ ਚਾਹੀਦਾ ਹੈ। ਅਰਸ਼ ਸੱਚਰ ਨੇ ਕਿਹਾ ਕਿ ਮਰੀਜ਼ ਦੀ ਆਵਾਜ਼ ਨੂੰ ਰੋਕਣਾ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ। ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਮਿਲਣ ਵਾਲੀ ਫੀਡਬੈਕ ਸਰਕਾਰੀ ਸਿਹਤ ਪ੍ਰਣਾਲੀ ਦੀਆਂ ਕਮੀਆਂ ਦੀ ਪਛਾਣ ਕਰਨ ਵਿੱਚ ਮਦਦ ਕਰ ਸਕਦੀ ਹੈ। ਇਸ ਲਈ ਮਰੀਜ਼ਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸਿਹਤ ਸੇਵਾਵਾਂ ਵਿੱਚ ਸੁਧਾਰ ਲਈ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਵੈਂਟੀਲੇਟਰ ਸਹੂਲਤ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਵਾਈ ਜਾਵੇ। ਇਸ ਦੇ ਨਾਲ ਹੀ ਹਸਪਤਾਲ ਵਿੱਚ ਸਾਹਮਣੇ ਆ ਰਹੀਆਂ ਹੋਰ ਕਮੀਆਂ ਦੀ ਸਮਾਂਬੱਧ ਜਾਂਚ ਕਰਵਾ ਕੇ ਲੋੜੀਂਦੇ ਸੁਧਾਰ ਯਕੀਨੀ ਬਣਾਏ ਜਾਣ, ਤਾਂ ਜੋ ਫਰੀਦਕੋਟ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਆਉਣ ਵਾਲੇ ਮਰੀਜ਼ਾਂ ਨੂੰ ਬਿਹਤਰ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਮਿਲ ਸਕਣ।