‘ਆਪ’ ਸਰਕਾਰ ਨੇ ਸੂਬੇ ਨੂੰ ਕਮਜ਼ੋਰ ਕੀਤਾ : ਮਨਤਾਰ ਬਰਾੜ
ਪੰਜਾਬ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣੀ ਬੇਹੱਦ ਜ਼ਰੂਰੀ : ਮਨਤਾਰ ਸਿੰਘ ਬਰਾੜ
Publish Date: Fri, 23 Jan 2026 05:26 PM (IST)
Updated Date: Sat, 24 Jan 2026 04:07 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਨੂੰ ਸੂਬੇ ਦੀ ‘ਆਪ’ ਸਰਕਾਰ ਨੇ ‘ਰੰਗਲਾ ਪੰਜਾਬ’ ਬਣਾਉਣ ਦਾ ਨਾਅਰਾ ਦੇ ਕੇ ਆਰਥਿਕ ਪੱਖੋਂ ਬੇਹੱਦ ਕਮਜ਼ੋਰ ਕਰਕੇ ਰੱਖ ਦਿੱਤਾ ਹੈ, ਜਿਸ ਨੂੰ ਦੇਖਦੇ ਹੋਏ ਪੰਜਾਬ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣੀ ਬੇਹੱਦ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਪੰਜਾਬ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਗੱਲਬਾਤ ਕਰਦਿਆਂ ਕੀਤਾ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁੱਕੀ ਹੈ। ਸੂਬੇ ਅੰਦਰ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਡਗਮਗਾ ਚੁੱਕੀ ਹੈ ਅਤੇ ਨਸ਼ਾ ਸਾਰੀਆਂ ਹੱਦਾਂ ਪਾਰ ਕਰ ਗਿਆ, ਜਿਸ ਕਾਰਨ ਆਏ ਦਿਨ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਲੁੱਟਾਂ ਖੋਹਾਂ ਆਮ ਜਿਹੀ ਗੱਲ ਹੋ ਗਈ ਹੈ, ਜਿਸ ਕਾਰਨ ਲੋਕ ਆਪਣੇ ਆਪ ਨੂੰ ਘਰੋਂ ਨਿਕਲਣ ਲੱਗਿਆਂ ਅਸੁਰੱਖਿਅਤ ਮਹਿਸੂਸ ਕਰਨ ਲੱਗ ਪਏ ਹਨ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਮਹਿਜ਼ ਇਕ ਡਰਾਮੇ ਤੋਂ ਸਿਵਾਏ ਕੁੱਝ ਨਹੀਂ, ਕਿਉਂਕਿ ਨਸ਼ਾ ਅੱਜ ਹਰ ਘਰ ਤੱਕ ਪਹੁੰਚ ਗਿਆ ਹੈ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਪਾਰਟੀ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਸੱਤਾ ਵਿਚ ਲਿਆਂਦਾ ਜਾ ਸਕੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜੱਥੇਦਾਰ ਸ਼ੇਰ ਸਿੰਘ ਮੰਡ, ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਸੰਧਵਾਂ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਅਨੂਪ੍ਰਤਾਪ ਸਿੰਘ ਬਰਾੜ ਆਦਿ ਹਾਜ਼ਰ ਸਨ।