- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਇਆ ‘ਮੀਰੀ-ਪੀਰੀ ਖ਼ਾਲਸਾ ਮਾਰਚ’

ਭੋਲਾ ਸ਼ਰਮਾ (ਪੱਤਰ ਪ੍ਰੇਰਕ), ਪੰਜਾਬੀ ਜਾਗਰਣ, ਜੈਤੋ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਸ਼ਨੀਵਾਰ ਨੂੰ ਆਪਣੇ ਅਗਲੇ ਪੜਾਅ ਤਹਿਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਗੰਗਸਰ ਸਾਹਿਬ, ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਜੋਸ਼ ਦੇ ਮਾਹੌਲ ਵਿੱਚ ਰਵਾਨਾ ਹੋਇਆ। ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਪ੍ਰਤੀ ਆਪਣੀ ਅਟੁੱਟ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪੂਰਾ ਇਲਾਕਾ ਗੁਰਬਾਣੀ ਦੇ ਕੀਰਤਨ ਅਤੇ ‘ਬੋਲੇ ਸੋ ਨਿਹਾਲ,’ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਗੂੰਜਦਾ ਰਿਹਾ। ਸਮਾਗਮ ਦੀ ਸ਼ੁਰੂਆਤ ਗੁਰਬਾਣੀ ਕੀਰਤਨ, ਅਰਦਾਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਹੁਕਮਨਾਮੇ ਨਾਲ ਹੋਈ। ਇਸ ਉਪਰੰਤ ਪੰਥ ਦੀਆਂ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸਿੱਖ ਇਤਿਹਾਸ, ਗੁਰਮਤਿ ਸਿਧਾਂਤਾਂ ਅਤੇ ਖ਼ਾਲਸਾਈ ਪਰੰਪਰਾਵਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦਾ ਮੀਰੀ-ਪੀਰੀ ਸਿਧਾਂਤ ਦੁਨੀਆ ਨੂੰ ਆਤਮਿਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਵਿਲੱਖਣ ਸੰਦੇਸ਼ ਦਿੰਦਾ ਹੈ। ਇਹ ਸਿਧਾਂਤ ਮਨੁੱਖ ਨੂੰ ਪ੍ਰਭੂ ਭਗਤੀ ਦੇ ਨਾਲ-ਨਾਲ ਸਮਾਜ ਦੀ ਭਲਾਈ, ਇਨਸਾਫ਼, ਮਨੁੱਖਤਾ ਦੀ ਸੇਵਾ ਅਤੇ ਸੱਚ ਦੀ ਰੱਖਿਆ ਲਈ ਨਿਰੰਤਰ ਯਤਨਸ਼ੀਲ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਹੋਰ ਮਜ਼ਬੂਤੀ ਨਾਲ ਜੁੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਅਨੁਸਾਰ ਜੀਵਨ ਜਿਊਣਾ, ਖ਼ਾਲਸਾਈ ਰਹਿਣੀ-ਬਹਿਣੀ ਨੂੰ ਅਪਣਾਉਣਾ, ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣਾ ਅਤੇ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਬੁਲਾਰਿਆਂ ਨੇ ਕਿਹਾ ਕਿ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਸਿਰਫ਼ ਇੱਕ ਧਾਰਮਿਕ ਯਾਤਰਾ ਨਹੀਂ, ਸਗੋਂ ਸਿੱਖ ਕੌਮ ਨੂੰ ਆਪਣੇ ਮਹਾਨ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਖ਼ਾਲਸਾ ਪੰਥ ਦੇ ਉੱਚੇ ਆਦਰਸ਼ਾਂ ਨਾਲ ਦੁਬਾਰਾ ਜੋੜਨ ਦਾ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਰਚ ਸਮਾਜ ਵਿੱਚ ਆਪਸੀ ਭਾਈਚਾਰੇ, ਪੰਥਕ ਏਕਤਾ, ਸੇਵਾ, ਸਿਮਰਨ ਅਤੇ ਚੜ੍ਹਦੀ ਕਲਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਦੀ ਸੋਚ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਗੁਰਮਤਿ ਅਨੁਸਾਰ ਕਿਰਦਾਰਵਾਨ ਜੀਵਨ ਬਤੀਤ ਕਰਨ। ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜੱਥੇਦਾਰ ਸ਼ੇਰ ਸਿੰਘ ਮੰਡ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਨਵਤੇਜ ਸਿੰਘ ਕਾਉਣੀ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਵਣਵਾਲਾ, ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ ਵਾਦੀਆਂ, ਮੀਤ ਸਕੱਤਰ ਗੁਰਮੀਤ ਸਿੰਘ ਮੁਕਤਸਰੀ, ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਬਾਬਾ ਹਰਜਿੰਦਰ ਸਿੰਘ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਜਥੇਦਾਰ ਸਾਹਿਬ ਦੇ ਨਿੱਜੀ ਸਹਾਇਕ ਗਿਆਨੀ ਬਲਦੇਵ ਸਿੰਘ, ਅਵਤਾਰ ਸਿੰਘ, ਵਧੀਕ ਮੈਨੇਜਰ ਯੁਵਰਾਜ ਸਿੰਘ, ਸੰਦੀਪ ਸਿੰਘ ਕਲੋਤਾ, ਸੁਖਵਿੰਦਰ ਸਿੰਘ, ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਗੰਗਸਰ ਸਾਹਿਬ ਜੈਤੋ ਦੇ ਮੈਨੇਜਰ ਮਲਕੀਤ ਸਿੰਘ ਤਰਮਾਲਾ, ਹੈੱਡ ਗ੍ਰੰਥੀ ਭਾਈ ਹਰਮੀਤ ਸਿੰਘ ਜੈਤੋ, ਅਕਾਊਟੈਂਟ ਰਾਮ ਸਿੰਘ ਅਬਲੂ, ਖ਼ਜ਼ਾਨਚੀ ਗੁਰਵਿੰਦਰ ਸਿੰਘ ਭੁੱਲਰ ਚੜੇਵਾਨ, ਰਿਕਾਰਡਕੀਪਰ ਗੁਰਸੇਵਕ ਸਿੰਘ ਭਾਵੜਾ, ਸਟੋਰਕੀਪਰ ਰਛਪਾਲ ਸਿੰਘ ਲਾਲਚੀਆਂ, ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਰਜਿ.) ਚੈਨਾ ਰੋਡ ਜੈਤੋ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਜੀ ਜਲਾਲ ਵਾਲੇ, ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸਿੰਘ ਜ਼ੈਲਦਾਰ, ਸੀਨੀਅਰ ਅਕਾਲੀ ਆਗੂ ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਸਾਬਕਾ ਚੇਅਰਮੈਨ ਪਰਗਟ ਸਿੰਘ ਬਰਾੜ ਡੋਡ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ, ਸੀਨੀਅਰ ਅਕਾਲੀ ਆਗੂ ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ ਅਤੇ ਹੋਰ ਅਨੇਕਾਂ ਪੰਥਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰ ਕੇ ਮਾਰਚ ਨੂੰ ਆਪਣਾ ਸਮਰਥਨ ਦਿੱਤਾ। ਮਾਰਚ ਦੀ ਰਵਾਨਗੀ ਸਮੇਂ ਸੰਗਤਾਂ ਦਾ ਉਤਸ਼ਾਹ ਦੇਖਣਯੋਗ ਸੀ। ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਅਤੇ ਜੈਕਾਰਿਆਂ ਦੀ ਗੂੰਜ ਵਿਚਕਾਰ ਮਾਰਚ ਨੂੰ ਵਿਦਾ ਕੀਤਾ। ਨਿਹੰਗ ਸਿੰਘਾਂ, ਨੌਜਵਾਨਾਂ, ਬਜ਼ੁਰਗਾਂ, ਬੀਬੀਆਂ ਅਤੇ ਬੱਚਿਆਂ ਨੇ ਵੀ ਪੂਰੇ ਜੋਸ਼ ਨਾਲ ਸ਼ਮੂਲੀਅਤ ਕੀਤੀ। ਪੂਰਾ ਮਾਹੌਲ ਗੁਰੂ ਘਰ ਦੀ ਭਗਤੀ, ਅਨੁਸ਼ਾਸਨ ਅਤੇ ਪੰਥਕ ਏਕਤਾ ਦੀ ਭਾਵਨਾ ਨਾਲ ਸਰਾਬੋਰ ਨਜ਼ਰ ਆਇਆ। ਧਾਰਮਿਕ ਆਗੂਆਂ ਨੇ ਕਿਹਾ ਕਿ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦਾ ਮੁੱਖ ਉਦੇਸ਼ ਗੁਰੂ ਸਾਹਿਬਾਨ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ, ਨੌਜਵਾਨ ਪੀੜ੍ਹੀ ਨੂੰ ਸਿੱਖ ਵਿਰਸੇ ਨਾਲ ਜੋੜਨਾ, ਸਮਾਜ ਵਿੱਚ ਫੈਲ ਰਹੀਆਂ ਬੁਰਾਈਆਂ ਪ੍ਰਤੀ ਜਾਗਰੂਕਤਾ ਪੈਦਾ ਕਰਨੀ ਅਤੇ ਪੰਥਕ ਏਕਤਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰ ਸਿੱਖ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲੇ ਤਾਂ ਸਮਾਜ ਵਿੱਚ ਨੈਤਿਕ ਕਦਰਾਂ-ਕੀਮਤਾਂ, ਭਾਈਚਾਰਾ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ।