ਸਹਿਕਾਰੀ ਸਭਾ ਦੀ ਚੋਣ ਨੂੰ ਲੈ ਕੇ ਮੋਗਾ-ਕੋਟਕਪੂਰਾ ਰੋਡ ਜਾਮ ਪੰਜਗਰਾਈਂ ਕਲਾਂ ਦੀ ਸਹਿਕਾਰੀ ਸਭਾ ਦੀ ਚੋਣ ਨੂੰ ਲੈ ਕੇ ਮੋਗਾ-ਕੋਟਕਪੂਰਾ ਰੋਡ ਜਾਮ
Publish Date: Thu, 24 Sep 2026 05:45 PM (IST)
Updated Date: Thu, 24 Sep 2026 05:48 PM (IST)
ਨਾਮਜ਼ਦਗੀਆਂ ਨੂੰ ਲੈ ਕੇ ਅਕਾਲੀ ਦਲ ਤੇ ਕਾਂਗਰਸ ਵਰਕਰਾਂ ਵੱਲੋਂ ਧਰਨਾ ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਪੰਜਗਰਾਈਂ ਕਲਾਂ ਦੀ ਸਹਿਕਾਰੀ ਸਭਾ ਦੀ ਨਵੀਂ ਕਮੇਟੀ ਦੀ ਚੋਣ ਨੂੰ ਲੈ ਕੇ ਵੀਰਵਾਰ ਨੂੰ ਉਸ ਸਮੇਂ ਵਿਵਾਦ ਖੜ੍ਹਾ ਹੋ ਗਿਆ, ਜਦੋਂ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਦੌਰਾਨ ਸੱਤਾਧਾਰੀ ਧਿਰ ਅਤੇ ਵਿਰੋਧੀ ਪਾਰਟੀਆਂ ਦੇ ਵਰਕਰਾਂ ਵਿਚਕਾਰ ਤਕਰਾਰ ਹੋ ਗਈ। ਇਸ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵਰਕਰਾਂ ਨੇ ਮੋਗਾ-ਕੋਟਕਪੂਰਾ ਮੁੱਖ ਮਾਰਗ ਨੂੰ ਜਾਮ ਕਰਕੇ ਧਰਨਾ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਸਾਬਕਾ ਵਿਧਾਇਕ ਤੇ ਪਾਰਲੀਮਾਨੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅਕਾਲੀ ਅਤੇ ਕਾਂਗਰਸੀ ਵਰਕਰ ਪੰਜਗਰਾਈਂ ਕਲਾਂ ਵਿਖੇ ਇਕੱਠੇ ਹੋਏ। ਧਰਨੇ ਨੂੰ ਸੰਬੋਧਨ ਕਰਦਿਆਂ ਮਨਤਾਰ ਸਿੰਘ ਬਰਾੜ ਨੇ ਦੋਸ਼ ਲਾਇਆ ਕਿ ਪੰਜਗਰਾਈਂ ਕਲਾਂ ਦੀ ਸਹਿਕਾਰੀ ਸਭਾ ਦੀ ਪੁਰਾਣੀ ਚੁਣੀ ਹੋਈ ਕਮੇਟੀ ਦੇ ਕਾਰਜਕਾਲ ਵਿੱਚ ਹਾਲੇ ਇੱਕ ਸਾਲ ਤੋਂ ਵੱਧ ਸਮਾਂ ਬਾਕੀ ਹੋਣ ਅਤੇ ਸਭਾ ਦੇ ਕੁਝ ਮੈਂਬਰਾਂ ਦੀ ਬਰਖ਼ਾਸਤਗੀ ਸਬੰਧੀ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੋਣ ਦੇ ਬਾਵਜੂਦ ਨਵੀਂ ਕਮੇਟੀ ਦੀ ਚੋਣ ਦਾ ਐਲਾਨ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਨਾਮਜ਼ਦਗੀਆਂ ਭਰਨ ਦੌਰਾਨ ਕਥਿਤ ਤੌਰ ’ਤੇ ਸੱਤਾਧਾਰੀ ਧਿਰ ਤੋਂ ਇਲਾਵਾ ਹੋਰਨਾਂ ਮੈਂਬਰਾਂ ਨੂੰ ਨਾਮਜ਼ਦਗੀ ਭਰਨ ਤੋਂ ਰੋਕਿਆ ਗਿਆ ਅਤੇ ਅਕਾਲੀ ਦਲ ਦੇ ਮੈਂਬਰਾਂ ਨਾਲ ਦੁਰਵਿਵਹਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ ਮੋਗਾ-ਕੋਟਕਪੂਰਾ ਮੁੱਖ ਮਾਰਗ ਨੂੰ ਬੰਦ ਕਰਕੇ ਚੋਣ ਪ੍ਰਕਿਰਿਆ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਜਨਰਲ ਕੌਂਸਲ ਮੈਂਬਰ ਬੀਬੀ ਅਮਰਜੀਤ ਕੌਰ ਪੰਜਗਰਾਈਂ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਵੀ ਸੰਬੋਧਨ ਕੀਤਾ। ਧਰਨੇ ਦੀ ਸੂਚਨਾ ਮਿਲਣ ’ਤੇ ਕੋਟਕਪੂਰਾ ਦੇ ਡੀਐੱਸਪੀ ਸੰਜੀਵ ਕੁਮਾਰ ਅਤੇ ਤਹਿਸੀਲਦਾਰ ਮੌਕੇ ’ਤੇ ਪਹੁੰਚੇ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਇਸ ਉਪਰੰਤ ਤਹਿਸੀਲਦਾਰ ਅਮਨਦੀਪ ਗੋਇਲ ਨੇ ਸਹਿਕਾਰੀ ਸਭਾ ਵਿੱਚ ਚੋਣ ਪ੍ਰਕਿਰਿਆ ਲਈ ਪਹੁੰਚੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਤੋਂ ਬਾਅਦ ਧਰਨਾਕਾਰੀਆਂ ਨੂੰ ਦੱਸਿਆ ਕਿ ਸੁਸਾਇਟੀ ਦੇ ਮੈਂਬਰਾਂ ਦਾ ਲੋੜੀਂਦਾ ਕੋਰਮ ਪੂਰਾ ਨਾ ਹੋਣ ਕਾਰਨ ਚੋਣ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੁਸਾਇਟੀ ਵਿੱਚ ਲਿਖਤੀ ਨੋਟਿਸ ਵੀ ਲਗਾ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਧਰਨਾਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ ਅਤੇ ਮੋਗਾ-ਕੋਟਕਪੂਰਾ ਮੁੱਖ ਮਾਰਗ ’ਤੇ ਆਵਾਜਾਈ ਬਹਾਲ ਹੋ ਗਈ। ਧਰਨਾ ਸਮਾਪਤ ਹੋਣ ਮੌਕੇ ਮਨਤਾਰ ਸਿੰਘ ਬਰਾੜ ਨੇ ਇਸ ਨੂੰ ਪੰਜਗਰਾਈਂ ਕਲਾਂ ਦੇ ਲੋਕਾਂ ਦੀ ਏਕਤਾ ਦੀ ਜਿੱਤ ਕਰਾਰ ਦਿੱਤਾ। ਇਸ ਮੌਕੇ ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਲ ਸਿੰਘ ਬਰਾੜ, ਜਨਰਲ ਸਕੱਤਰ ਸ਼ਿਵਰਾਜ ਸਿੰਘ ਗਿੱਲ, ਬੱਬਲੀ ਗਿੱਲ, ਇਕਬਾਲ ਸਿੰਘ ਬਰਾੜ, ਪੰਚ ਬਰਜਿੰਦਰ ਸਿੰਘ ਮਾਖਾ, ਸੁਰਜੀਤ ਸਿੰਘ ਬਰਾੜ, ਹਰਦੀਪ ਸਿੰਘ ਮੰਤਰੀ, ਸਾਬਕਾ ਪੰਚ ਭੋਲਾ ਸੰਧੂ, ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਬਰਾੜ, ਇਕਬਾਲ ਸਿੰਘ ਅਕਾਲੀ, ਪੰਚ ਹਰਚੰਦ ਸਿੰਘ ਬਰਾੜ, ਜਸਵਿੰਦਰ ਸਿੰਘ ਸ਼ਿੰਦਰ, ਸੁਖਮੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ।