ਸਤਿਸੰਗ 'ਚ ਗਿਆ ਪਰਿਵਾਰ, ਪਿੱਛੋਂ ਘਰ 'ਚ ਦਾਖ਼ਲ ਹੋਏ ਚੋਰ; 2 ਘੰਟਿਆਂ 'ਚ 15 ਤੋਲੇ ਸੋਨਾ ਤੇ 6 ਲੱਖ ਦੀ ਨਕਦੀ ਲੈ ਕੇ ਫ਼ਰਾਰ ਮੁੱਢਲੀ ਜਾਣਕਾਰੀ ਅਨੁਸਾਰ, ਚੋਰ ਛੱਤ ਦੇ ਰਸਤੇ ਘਰ ਵਿੱਚ ਦਾਖ਼ਲ ਹੋਏ ਸਨ। ਉਨ੍ਹਾਂ ਨੇ ਰਸੋਈ ਦੇ ਸ਼ੀਸ਼ੇ ਤੋੜ ਕੇ ਕਮਰਿਆਂ ਵਿੱਚ ਪ੍ਰਵੇਸ਼ ਕੀਤਾ ਅਤੇ ਅਲਮਾਰੀਆਂ ਵਿੱਚ ਰੱਖਿਆ ਕੀਮਤੀ ਸਾਮਾਨ ਚੋਰੀ ਕਰ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
Publish Date: Mon, 09 Nov 2026 10:39 AM (IST)
Updated Date: Mon, 09 Nov 2026 10:40 AM (IST)
ਜਾਗਰਣ ਸੰਵਾਦਦਾਤਾ, ਫਰੀਦਕੋਟ : ਕੋਟਕਪੂਰਾ ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੇ ਇੱਕ ਵਾਰ ਫਿਰ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਜੈਤੋ ਚੁੰਗੀ ਨੇੜੇ ਐਤਵਾਰ ਨੂੰ ਦਿਨ-ਦਿਹਾੜੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣਿਆਂ 'ਤੇ ਹੱਥ ਸਾਫ਼ ਕਰ ਦਿੱਤਾ। ਚੋਰ ਘਰ ਵਿੱਚੋਂ ਕਰੀਬ 15 ਤੋਲੇ ਸੋਨੇ ਦੇ ਗਹਿਣੇ ਅਤੇ 6 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ।
ਜਾਣਕਾਰੀ ਅਨੁਸਾਰ, ਫ਼ਤਿਹ ਚੰਦ ਛਾਬੜਾ ਦਾ ਪਰਿਵਾਰ ਐਤਵਾਰ ਸਵੇਰੇ ਕਰੀਬ 9 ਵਜੇ ਪਿੰਡ ਸੰਧਵਾਂ ਸਥਿਤ ਡੇਰਾ ਰਾਧਾ ਸੁਆਮੀ ਵਿਖੇ ਦੀਵਾਲੀ ਮੌਕੇ ਕਰਵਾਏ ਗਏ ਸਤਿਸੰਗ ਵਿੱਚ ਸ਼ਾਮਲ ਹੋਣ ਲਈ ਗਿਆ ਸੀ। ਜਦੋਂ ਪਰਿਵਾਰਕ ਮੈਂਬਰ ਕਰੀਬ 11 ਵਜੇ ਵਾਪਸ ਘਰ ਪਹੁੰਚੇ ਤਾਂ ਅੰਦਰ ਸਾਮਾਨ ਖਿੱਲਰਿਆ ਦੇਖ ਕੇ ਹੈਰਾਨ ਰਹਿ ਗਏ। ਘਰ ਦੀ ਜਾਂਚ ਕਰਨ 'ਤੇ ਪਤਾ ਲੱਗਾ ਕਿ ਅਲਮਾਰੀਆਂ ਵਿੱਚ ਰੱਖੇ ਸੋਨੇ ਦੇ ਗਹਿਣੇ ਅਤੇ ਨਕਦੀ ਗਾਇਬ ਸੀ।
ਮੁੱਢਲੀ ਜਾਣਕਾਰੀ ਅਨੁਸਾਰ, ਚੋਰ ਛੱਤ ਦੇ ਰਸਤੇ ਘਰ ਵਿੱਚ ਦਾਖ਼ਲ ਹੋਏ ਸਨ। ਉਨ੍ਹਾਂ ਨੇ ਰਸੋਈ ਦੇ ਸ਼ੀਸ਼ੇ ਤੋੜ ਕੇ ਕਮਰਿਆਂ ਵਿੱਚ ਪ੍ਰਵੇਸ਼ ਕੀਤਾ ਅਤੇ ਅਲਮਾਰੀਆਂ ਵਿੱਚ ਰੱਖਿਆ ਕੀਮਤੀ ਸਾਮਾਨ ਚੋਰੀ ਕਰ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਘਟਨਾ ਸਥਾਨ ਦਾ ਦੌਰਾ ਕਰਕੇ ਪਰਿਵਾਰ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ।
ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਵਿਜੇ ਨਰੂਲਾ ਨੇ ਦੱਸਿਆ ਕਿ ਘਟਨਾ ਸਮੇਂ ਪਰਿਵਾਰ ਦੇ ਸਾਰੇ ਮੈਂਬਰ ਸਤਿਸੰਗ ਵਿੱਚ ਗਏ ਹੋਏ ਸਨ। ਇਸੇ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਦਾਖ਼ਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਚੋਰੀ ਕੀਤਾ ਸਾਮਾਨ ਬਰਾਮਦ ਕਰਵਾਇਆ ਜਾਵੇ।
ਇਸ ਸਬੰਧੀ ਥਾਣਾ ਸਿਟੀ ਦੇ ਏਐੱਸਆਈ ਦਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ।