ਮੁੱਖ ਮੰਤਰੀ ਸਿਹਤ ਕਾਰਡ ਬਾਰੇ ਨੁੱਕੜ ਮੀਟਿੰਗ
ਵਾਰਡ ਨੰਬਰ 20 ’ਚ ਕੁਲਦੀਪ ਮਾਣਕ ਵੱਲੋਂ ਮੁੱਖ ਮੰਤਰੀ ਸਿਹਤ ਕਾਰਡ ਬਾਰੇ ਨੁੱਕੜ ਮੀਟਿੰਗ
Publish Date: Tue, 10 Feb 2026 04:00 PM (IST)
Updated Date: Wed, 11 Feb 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਉਮੀਦਵਾਰਾਂ ਵੱਲੋਂ ਆਪਣੇ-ਆਪਣੇ ਵਾਰਡਾਂ ਵਿੱਚ ਲੋਕ ਸੰਪਰਕ ਮੁਹਿੰਮ ਤੇਜ਼ ਕੀਤੀ ਜਾ ਰਹੀ ਹੈ। ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਪੁਰਾਣੇ ਆਗੂ ਕੁਲਦੀਪ ਮਾਣਕ, ਜੋ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ ਰਹਿੰਦੇ ਹਨ, ਵਾਰਡ ਨੰਬਰ 20 ਤੋਂ ਨਗਰ ਕੌਂਸਲ ਦੀ ਚੋਣ ਲੜਨ ਦੀ ਤਿਆਰੀ ਵਿੱਚ ਜੁੱਟ ਗਏ ਹਨ। ਇਸ ਸੰਦਰਭ ਵਿੱਚ ਉਨ੍ਹਾਂ ਵੱਲੋਂ ਮੁਹੱਲਾ ਨਿਵਾਸੀਆਂ ਨਾਲ ਨੁੱਕੜ ਮੀਟਿੰਗ ਕਰਕੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਸਿਹਤ ਕਾਰਡ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਸਹਿ ਬੂਥ ਇੰਚਾਰਜ ਦਿਲਬਾਗ ਸਿੰਘ ਸਰਪੰਚ ਚਮੇਲੀ, ਯੂਥ ਆਗੂ ਲਾਡੀ ਢੁੱਡੀ, ਹੈਪੀ ਚਾਨਾ ਅਤੇ ਹਰਪ੍ਰੀਤ ਸਿੰਘ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਨੇ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਯੋਗ ਅਗਵਾਈ ਹੇਠ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਫੈਸਲੇ ਕੀਤੇ ਜਾ ਰਹੇ ਹਨ। ਸਿਹਤ ਖੇਤਰ ਵਿੱਚ ਕ੍ਰਾਂਤੀ ਲਿਆਉਂਦਿਆਂ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਸਿੱਖਿਆ ਦੇ ਖੇਤਰ ਵਿੱਚ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨਸ ਅਤੇ ਸਕੂਲ ਆਫ਼ ਬਰੀਲੀਐਂਸ ਵਰਗੀਆਂ ਪਹਿਲਕਦਮੀਆਂ ਨਾਲ ਸਰਕਾਰੀ ਸਕੂਲਾਂ ਦੀ ਸੂਰਤ ਬਦਲੀ ਹੈ। ਰੋਜ਼ਗਾਰ ਦੇ ਮੋਹਰੇ ’ਤੇ 63 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਕੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 600 ਯੂਨਿਟ ਮੁਫ਼ਤ ਬਿਜਲੀ, ਪਿੰਡਾਂ ਵਿੱਚ ਖੇਡ ਮੈਦਾਨ ਅਤੇ ਲਾਇਬਰੇਰੀਆਂ ਬਣਾਕੇ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਅਹਿਮ ਕਦਮ ਚੁੱਕੇ ਗਏ ਹਨ।ਜਗਜੀਤ ਸਿੰਘ, ਬੇਅੰਤ ਸਿੰਘ, ਰਣਜੀਤ ਸਿੰਘ, ਨਿੰਦਰ ਸਿੰਘ, ਕੁਲਵੰਤ ਸਿੰਘ, ਜਗਦੀਪ ਸਿੰਘ, ਰਾਕੇਸ਼ ਕੁਮਾਰ, ਕੁਲਦੀਪ ਸਿੰਘ, ਵਿੱਕੀ ਸਿੰਘ, ਗੁਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੁਹੱਲਾ ਨਿਵਾਸੀ ਹਾਜ਼ਰ ਸਨ।