ਪੰਜਾਬ ਦਿਵਸ ਮੌਕੇ ਪਹਿਲੀ ਨੂੰ ਕੋਟਕਪੂਰਾ ਵਿਖੇ ਹੋਵੇਗੀ ਮੈਰਾਥਨ ਦੌੜ : ਕੁਲਤਾਰ ਸਿੰਘ ਸੰਧਵਾਂ ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਹੋਵੇਗੀ ਮੈਰਾਥਨ ਦੌੜ: ਕੁਲਤਾਰ ਸਿੰਘ ਸੰਧਵਾਂ
Publish Date: Tue, 13 Oct 2026 04:53 PM (IST)
Updated Date: Wed, 14 Oct 2026 04:05 AM (IST)
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਰ ਵਰਗ ਦੀ ਸ਼ਮੂਲੀਅਤ ਯਕੀਨੀ ਬਣਾਉਣ ’ਤੇ ਜ਼ੋਰ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ : ਡਿਪਟੀ ਕਮਿਸ਼ਨਰ ਜਗਮੀਤ ਸਿੰਘ, ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਸਮੇਤ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਕੋਟਕਪੂਰਾ ਵਿਖੇ ਮੈਰਾਥਨ ਦੌੜ ਕਰਵਾਈ ਜਾਵੇਗੀ। ਇਸ ਮੈਰਾਥਨ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਨਾਲ-ਨਾਲ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਮੈਰਾਥਨ ਵਿੱਚ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ, ਯੂਥ ਕਲੱਬਾਂ, ਸੀਨੀਅਰ ਸਿਟੀਜ਼ਨਾਂ ਅਤੇ ਆਮ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਮੈਰਾਥਨ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿਆਪਕ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਨਸ਼ਿਆਂ ਦੀ ਲਪੇਟ ਵਿੱਚ ਆਏ ਲੋਕਾਂ ਦੇ ਇਲਾਜ, ਮੁੜ ਵਸੇਬੇ ਅਤੇ ਸਵੈ-ਰੁਜ਼ਗਾਰ ਲਈ ਵੀ ਯਤਨ ਕੀਤੇ ਜਾ ਰਹੇ ਹਨ। ਸੰਧਵਾਂ ਨੇ ਦੱਸਿਆ ਕਿ 1 ਨਵੰਬਰ ਨੂੰ ਸਵੇਰੇ 6 ਵਜੇ ਕੋਟਕਪੂਰਾ ਦੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤੋਂ ਮੈਰਾਥਨ ਦੌੜ ਸ਼ੁਰੂ ਹੋਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੈਰਾਥਨ ਦਾ ਰੂਟ ਪਲਾਨ ਤਿਆਰ ਕਰਨ, ਰਿਫਰੈਸ਼ਮੈਂਟ, ਭਾਗੀਦਾਰਾਂ ਦੇ ਸਨਮਾਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤ ਪ੍ਰਤੀ ਜਾਗਰੂਕ ਹੋਣ ਅਤੇ ਇੱਕ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਸਵੈ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਮੈਰਾਥਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਇਸ ਦੌਰਾਨ ਆਵਾਜਾਈ ਪ੍ਰਬੰਧਨ, ਰੂਟ ਪਲਾਨ, ਰਿਫਰੈਸ਼ਮੈਂਟ, ਡਾਕਟਰੀ ਸਹਾਇਤਾ ਅਤੇ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨਾਲ ਇਸ ਮੈਰਾਥਨ ਨੂੰ ਸਫ਼ਲ ਅਤੇ ਯਾਦਗਾਰੀ ਬਣਾਇਆ ਜਾਵੇਗਾ। ਮੀਟਿੰਗ ਦੌਰਾਨ ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਪੇਡਾ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਗੋਇਲ, ਸਾਧੂ ਰਾਮ ਕੁਸਲਾ, ਓਐੱਸਡੀ, ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਐੱਸਡੀਐੱਮ ਕੋਟਕਪੂਰਾ ਰਜਿੰਦਰ ਸਿੰਘ, ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ, ਰੈੱਡ ਕਰਾਸ ਦੇ ਸਕੱਤਰ ਮਨਦੀਪ ਮੌਂਗਾ, ਡੀਐੱਫਐੱਸਸੀ ਗੁਰਜੀਤ ਸਿੰਘ ਦਿਓਲ, ਐੱਸਪੀ (ਐੱਚ) ਜਸਪ੍ਰੀਤ ਸਿੰਘ, ਤਹਿਸੀਲਦਾਰ ਕੋਟਕਪੂਰਾ ਪਰਮਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।