- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ, ਲੋਕ ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਚਾਹੁੰਦੇ ਹਨ : ਕਾਂਗਰਸੀ ਆਗੂ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਵਿਗੜ ਰਹੇ ਅਮਨ-ਕਾਨੂੰਨ ਦੇ ਹਾਲਾਤਾਂ ਨੇ ਸੂਬੇ ਦੇ ਲੋਕਾਂ ਨੂੰ ਗੰਭੀਰ ਚਿੰਤਾ ਵਿੱਚ ਪਾ ਦਿੱਤਾ ਹੈ। ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਸੂਬੇ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੁਰੱਖਿਆ ਵਾਲਾ ਮਾਹੌਲ ਸਥਾਪਿਤ ਕਰਨ ਦੀ ਮੰਗ ਕਰ ਰਹੇ ਹਨ। ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ‘ਸ਼ੰਮ੍ਹੀ ਰੰਧਾਵਾ’ (ਸਾਬਕਾ ਸਰਪੰਚ ਭਗਤੂਆਣਾ), ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਸਕੱਤਰ ਸੁਖਪਾਲ ਸਿੰਘ ‘ਪਾਲੀ ਬਰਾੜ’ ਕੋਠੇ ਕਿਹਰ ਸਿੰਘ ਵਾਲੇ, ਪੰਚਾਇਤ ਯੂਨੀਅਨ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਹਰਜਿੰਦਰ ਸਿੰਘ ‘ਲਾਲੀ ਬਰਾੜ’ (ਸਾਬਕਾ ਸਰਪੰਚ ਚੰਦਭਾਨ), ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ ‘ਹੈਪੀ ਧਾਲੀਵਾਲ’ ਰੋਮਾਣਾ ਅਜੀਤ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਜੰਟ ਸਿੰਘ ਬਰਾੜ ਸੂਰਘੁਰੀ ਨੇ ਗੱਲਬਾਤ ਦੌਰਾਨ ਪ੍ਰਗਟ ਕੀਤੇ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਹਿੰਸਾ, ਕਤਲਾਂ, ਗੈਂਗਵਾਰਾਂ ਅਤੇ ਡਰ ਦੇ ਮਾਹੌਲ ਤੋਂ ਮੁਕਤ ਹੋ ਕੇ ਸ਼ਾਂਤੀਪੂਰਨ ਜੀਵਨ ਜਿਉਣਾ ਚਾਹੁੰਦੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਹਰ ਰੋਜ਼ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਬੇਚੈਨੀ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਨਾਲ ਸੂਬੇ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਵੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਭਾਈਚਾਰਕ ਸਾਂਝ, ਪਿਆਰ ਅਤੇ ਅਮਨ ਦਾ ਪ੍ਰਤੀਕ ਰਿਹਾ ਹੈ, ਪਰ ਮੌਜੂਦਾ ਹਾਲਾਤ ਲੋਕਾਂ ਨੂੰ ਚਿੰਤਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ ਅਤੇ ਇਸ ਲਈ ਅਪਰਾਧਿਕ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਾਂ ਅਸ਼ਾਂਤੀ ਨਹੀਂ ਚਾਹੁੰਦੇ, ਸਗੋਂ ਅਜਿਹਾ ਮਾਹੌਲ ਚਾਹੁੰਦੇ ਹਨ ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣ, ਵਪਾਰੀ ਬਿਨਾਂ ਡਰ ਦੇ ਆਪਣਾ ਕਾਰੋਬਾਰ ਕਰ ਸਕਣ ਅਤੇ ਆਮ ਪਰਿਵਾਰ ਸੁਰੱਖਿਅਤ ਢੰਗ ਨਾਲ ਆਪਣਾ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਮਜ਼ਬੂਤ ਸਥਿਤੀ ਹੀ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੀ ਬੁਨਿਆਦ ਹੁੰਦੀ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਅਤੇ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਇੱਕ ਸ਼ਾਂਤਮਈ ਅਤੇ ਸੁਰੱਖਿਅਤ ਮਾਹੌਲ ਦੀ ਉਮੀਦ ਰੱਖਦੇ ਹਨ। ਜਸਵਿੰਦਰ ਸਿੰਘ ‘ਸ਼ੰਮ੍ਹੀ ਰੰਧਾਵਾ, ਸੁਖਪਾਲ ਸਿੰਘ ‘ਪਾਲੀ ਬਰਾੜ’, ਹਰਜਿੰਦਰ ਸਿੰਘ ‘ਲਾਲੀ ਬਰਾੜ’, ਮਨਜਿੰਦਰ ਸਿੰਘ ‘ਹੈਪੀ ਧਾਲੀਵਾਲ’ ਅਤੇ ਗੁਰਜੰਟ ਸਿੰਘ ਬਰਾੜ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਉਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਤਾਂ ਜੋ ਲੋਕਾਂ ਦਾ ਵਿਸ਼ਵਾਸ ਮੁੜ ਬਹਾਲ ਹੋ ਸਕੇ ਅਤੇ ਪੰਜਾਬ ਤਰੱਕੀ ਅਤੇ ਵਿਕਾਸ ਦੇ ਰਾਹ ’ਤੇ ਅੱਗੇ ਵਧ ਸਕੇ।