ਜਾਣਕਾਰੀ ਅਨੁਸਾਰ, ਸੁਖਵਿੰਦਰ ਸਿੰਘ ਨੂੰ ਸ਼ੁੱਕਰਵਾਰ ਸਵੇਰੇ 8 ਵਜੇ ਦੇ ਕਰੀਬ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਕਿਹਾ ਕਿ ਉਸ ਦੀ ਹਾਲਤ ਨਾਜ਼ੁਕ ਸੀ ਅਤੇ ਤੁਰੰਤ ਵੈਂਟੀਲੇਟਰ ਦੀ ਲੋੜ ਸੀ।

ਸ਼ਿਵ ਸ਼ਰਮਾ, ਵਿਕਾਸ ਗਰਗ, ਪੰਜਾਬੀ ਜਾਗਰਣ, ਫਰੀਦਕੋਟ : ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਵੈਂਟੀਲੇਟਰ ਦੀ ਘਾਟ ਕਾਰਨ ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੰਜੇ ਨਗਰ ਬਸਤੀ ਦੇ ਵਸਨੀਕ ਅਤੇ ਪੰਜਾਬ ਪੁਲਿਸ ਦੇ ਸੇਵਾਮੁਕਤ ਏਐਸਆਈ ਸੁਖਵਿੰਦਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ, ਸੁਖਵਿੰਦਰ ਸਿੰਘ ਨੂੰ ਸ਼ੁੱਕਰਵਾਰ ਸਵੇਰੇ 8 ਵਜੇ ਦੇ ਕਰੀਬ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਕਿਹਾ ਕਿ ਉਸ ਦੀ ਹਾਲਤ ਨਾਜ਼ੁਕ ਸੀ ਅਤੇ ਤੁਰੰਤ ਵੈਂਟੀਲੇਟਰ ਦੀ ਲੋੜ ਸੀ। ਹਾਲਾਂਕਿ, ਉਸ ਸਮੇਂ ਹਸਪਤਾਲ ਵਿੱਚ ਕੋਈ ਵੈਂਟੀਲੇਟਰ ਉਪਲਬਧ ਨਹੀਂ ਸੀ ਤੇ ਮਰੀਜ਼ ਦੇ ਪਰਿਵਾਰ ਨੂੰ ਇੰਤਜ਼ਾਰ ਕਰਨ ਲਈ ਕਿਹਾ ਗਿਆ। ਦੱਸਿਆ ਜਾ ਰਿਹਾ ਹੈ ਕਿ ਲਗਪਗ 11 ਘੰਟੇ ਵੈਂਟੀਲੇਟਰ ਦੀ ਉਡੀਕ ਕਰਨ ਤੋਂ ਬਾਅਦ ਸ਼ਾਮ 7 ਵਜੇ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ। ਮਿ੍ਰਤਕ ਦੇ ਪਰਿਵਾਰ ਨੇ ਹਸਪਤਾਲ ਪ੍ਰਸ਼ਾਸਨ ਦੇ ਕੰਮਕਾਜ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ ਅਤੇ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਮ੍ਰਿਤਕ ਦੇ ਚਚੇਰੇ ਭਰਾ ਤੇ ਸਾਬਕਾ ਕੌਂਸਲਰ ਕਸ਼ਮੀਰ ਸਿੰਘ ਨੇ ਦੋਸ਼ ਲਾਇਆ ਕਿ ਸੁਖਵਿੰਦਰ ਸਿੰਘ ਮੌਤ ਸਮੇਂ ਸਿਰ ਅਤੇ ਸਹੀ ਇਲਾਜ ਦੀ ਘਾਟ ਕਾਰਨ ਹੋਈ। ਉਧਰ ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ ਨੇ ਕਿਹਾ ਕਿ ਹਸਪਤਾਲ ਵਿੱਚ ਲਗਭਗ 100 ਵੈਂਟੀਲੇਟਰ ਉਪਲਬਧ ਹਨ, ਪਰ ਜਿਸ ਸਮੇਂ ਮਰੀਜ਼ ਨੂੰ ਲੋੜ ਸੀ, ਉਸ ਸਮੇਂ ਕੋਈ ਵੀ ਖਾਲੀ ਨਹੀਂ ਸੀ। ਮਰੀਜ਼ ਅਤੇ ਉਸ ਦੇ ਪਰਿਵਾਰ ਨੂੰ ਇਸ ਬਾਰੇ ਪਹਿਲਾਂ ਹੀ ਸੂਚਿਤ ਕੀਤਾ ਗਿਆ ਸੀ। ਮਰੀਜ਼ ਲੀਵਰ ਡੈਮੇਜ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਉਸ ਦੇ ਪਰਿਵਾਰ ਦੀ ਸਹਿਮਤੀ ਨਾਲ ਮੈਨੂਅਲ ਵੈਂਟੀਲੇਟਰ ਦੀ ਵਰਤੋਂ ਕਰ ਕੇ ਪੰਪ ਕੀਤਾ ਜਾ ਰਿਹਾ ਸੀ, ਪਰ ਉਸ ਦੀ ਹਾਲਤ ਵਿਗੜਦੀ ਗਈ ਅਤੇ ਅੰਤ ਵਿੱਚ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ ਜੋ ਕਿ ਨਿਰਪੱਖ ਜਾਂਚ ਕਰੇਗੀ।
---
ਮਾਮਲੇ ਦੀ ਹੋਵੇ ਨਿਰਪੱਖ ਜਾਂਚ : ਅਰਸ਼ ਸੱਚਰ
ਇਸ ਘਟਨਾ ਨੂੰ ਲੈ ਕੇ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼਼ ਸੱਚਰ ਫਰੀਦਕੋਟ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਹਾਲਤ ‘ਤੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ ਇੱਕ ਪਰਿਵਾਰ ਦਾ ਨਹੀਂ, ਸਾਰੇ ਫਰੀਦਕੋਟ ਦੇ ਹਰ ਘਰ ਦਾ ਮਸਲਾ ਹੈ। ਮਾਮਲੇ ਦੀ ਤੁਰੰਤ ਅਤੇ ਨਿਰਪੱਖ ਜਾਂਚ ਹੋਵੇ, ਹਸਪਤਾਲ ਵਿੱਚ ਵੈਂਟੀਲੇਟਰ, ਬੈੱਡ ਅਤੇ ਐਮਰਜੈਂਸੀ ਸਹੂਲਤਾਂ ਦੀ ਪੂਰੀ ਸਮੀਖਿਆ ਕੀਤੀ ਜਾਵੇ, ਜੇਕਰ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਮਿਲਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ•।