- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ : ਪ੍ਰੋ. ਗੁਰਸੇਵਕ ਸਿੰਘ

ਭੋਲਾ ਸ਼ਰਮਾ (ਪੱਤਰ ਪ੍ਰੇਰਕ), ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਸਮਾਜਿਕ ਅਤੇ ਸੰਗਠਨਾਤਮਕ ਪੱਧਰ ’ਤੇ ਯਤਨਾਂ ਵਿੱਚ ਤੇਜ਼ੀ ਆ ਰਹੀ ਹੈ, ਜਿਸ ਕਾਰਨ ਨਸ਼ਾ ਮੁਕਤੀ ਦੀ ਮੁਹਿੰਮ ਨੂੰ ਹਰ ਪੱਖੋਂ ਮਜ਼ਬੂਤੀ ਮਿਲ ਰਹੀ ਹੈ। ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਵਾਈਸ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦਾ ਹੱਲ ਸਿਰਫ਼ ਸਰਕਾਰੀ ਯਤਨਾਂ ਨਾਲ ਸੰਭਵ ਨਹੀਂ। ਇਸ ਲਈ ਸਮਾਜ, ਨੌਜਵਾਨਾਂ, ਧਾਰਮਿਕ ਸੰਸਥਾਵਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਹਰ ਵਰਗ ਨੂੰ ਇਕਜੁੱਟ ਹੋ ਕੇ ਨਸ਼ਿਆਂ ਵਿਰੁੱਧ ਲੜਾਈ ਲੜਨੀ ਪਵੇਗੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਕੈਂਪ, ਨੌਜਵਾਨ ਮੀਟਿੰਗਾਂ ਅਤੇ ਖੇਡ ਗਤੀਵਿਧੀਆਂ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਲਗਾਤਾਰ ਦਿੱਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਖੇਡਾਂ ਨਾਲ ਜੋੜ ਕੇ ਹੀ ਇਸ ਸਮੱਸਿਆ ਦਾ ਸਥਾਈ ਹੱਲ ਸੰਭਵ ਹੈ। ਇਸ ਦਿਸ਼ਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦਿਨ-ਰਾਤ ਯਤਨਸ਼ੀਲ ਹੈ। ਪ੍ਰੋ. ਗੁਰਸੇਵਕ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਨਸ਼ਿਆਂ ਵਿਰੁੱਧ ਇੱਕ ਨਵੀਂ ਸੋਚ ਵਿਕਸਿਤ ਹੋ ਰਹੀ ਹੈ ਅਤੇ ਇਸ ਮੁਹਿੰਮ ਨੂੰ ਆਮ ਲੋਕਾਂ ਦਾ ਸਹਿਯੋਗ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜੇਕਰ ਸਮਾਜ ਅਤੇ ਪ੍ਰਸ਼ਾਸਨ ਮਿਲ ਕੇ ਕੰਮ ਕਰਨ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਜ਼ਰੂਰ ਸਾਕਾਰ ਹੋ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਪਰਿਵਾਰ, ਸਮਾਜ ਅਤੇ ਸੂਬੇ ਦੀ ਤਰੱਕੀ ਵਿੱਚ ਸਰਗਰਮ ਯੋਗਦਾਨ ਪਾਉਣ ਅਤੇ ਨਸ਼ਾ ਮੁਕਤ ਪੰਜਾਬ ਦੀ ਲਹਿਰ ਨੂੰ ਹੋਰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਲੋਕਾਂ ਨੂੰ ਮੁਫ਼ਤ ਬਿਜਲੀ, ਮੁਫ਼ਤ ਇਲਾਜ, ਬਿਹਤਰ ਸਿਹਤ ਸਹੂਲਤਾਂ ਅਤੇ ਗੁਣਵੱਤਾ ਭਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਇਸ ਮੌਕੇ ‘ਨਸ਼ਾ ਮੁਕਤੀ ਮੋਰਚਾ’ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਤੇ ਨਗਰ ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ ਅਤੇ ਆਮ ਆਦਮੀ ਪਾਰਟੀ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ, ਵਿਕਾਸ ਕਾਰਜ ਅਤੇ ਸਰਕਾਰੀ ਸਹੂਲਤਾਂ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਵਰਗ ਨੂੰ ਰਾਹਤ ਅਤੇ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਫ਼ਤ ਬਿਜਲੀ, ਸਿਹਤ ਅਤੇ ਸਿੱਖਿਆ ਵਰਗੀਆਂ ਯੋਜਨਾਵਾਂ ਦਾ ਲਾਭ ਹਰ ਹੱਕਦਾਰ ਵਿਅਕਤੀ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਦਰਸਾਉਂਦਾ ਹੈ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਤੋਂ ਵੱਧ ਸੀਟਾਂ ਨਾਲ ਮੁੜ ਸਰਕਾਰ ਬਣਾਏਗੀ।