ਮਾਨ ਸਰਕਾਰ ਔਰਤਾਂ ਦੀ ਵਿੱਤੀ ਤਰੱਕੀ ਲਈ ਵਚਨਬੱਧ : ਅਮੋਲਕ ਸਿੰਘ
ਮਾਨ ਸਰਕਾਰ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਵਚਨਬੱਧ : ਵਿਧਾਇਕ ਅਮੋਲਕ ਸਿੰਘ
Publish Date: Sat, 21 Mar 2026 03:37 PM (IST)
Updated Date: Sun, 22 Mar 2026 04:01 AM (IST)

‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਤਹਿਤ ਔਰਤਾਂ ਦਾ ਸਨਮਾਨ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਪਿੰਡ ਚੈਨਾ ਵਿਖੇ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਸਿਰਲੇਖ ਹੇਠ ‘ਮਹਿਲਾ ਉੱਦਮੀ ਸਨਮਾਨ ਸਮਾਰੋਹ-2026’ ਕਰਵਾਇਆ ਗਿਆ। ਇਸ ਸਮਾਗਮ ’ਚ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ’ਚ ਉਨ੍ਹਾਂ ਮਿਹਨਤੀ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ, ਜੋ ਆਪਣਾ ਕਾਰੋਬਾਰ ਆਪਣੀ ਪਹਿਚਾਣ ਤਹਿਤ ਸਵੈ-ਸਹਾਇਤਾ ਗਰੁੱਪਾਂ ਰਾਹੀਂ ਸਵੈ-ਰੋਜ਼ਗਾਰ ਚਲਾ ਕੇ ਆਪਣੇ ਪਰਿਵਾਰਾਂ ਦਾ ਸਫ਼ਲਤਾਪੂਰਵਕ ਪਾਲਣ-ਪੋਸ਼ਣ ਕਰ ਰਹੀਆਂ ਹਨ। ਸਨਮਾਨਿਤ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਮੁੱਖ ਮਹਿਮਾਨ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਥਾਨਕ ਇਲਾਕੇ ਦੀਆਂ ਇਹ ਔਰਤਾਂ ਅੱਜ ਦੂਜਿਆਂ ਲਈ ਪ੍ਰੇਰਣਾ ਸਰੋਤ ਬਣੀਆਂ ਹਨ, ਜੋ ਘਰ ਦੇ ਕੰਮਾਂ ਦੇ ਨਾਲ-ਨਾਲ ਸਵੈ-ਰੋਜ਼ਗਾਰ ਰਾਹੀਂ ਆਰਥਿਕ ਸੁਤੰਤਰਤਾ ਵੱਲ ਵਧ ਰਹੀਆਂ ਹਨ। ਇਸ ਮੌਕੇ ਸਰਪੰਚ ਅਮਨਦੀਪ ਕੌਰ ਪਤਨੀ ਡਾ. ਸੁਖਮੰਦਰ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਟੀਚਾ ਇਨ੍ਹਾਂ ਮਹਿਲਾਵਾਂ ਨੂੰ ਸਮਾਜ ਵਿਚ ਇੱਕ ਵੱਖਰੀ ਪਹਿਚਾਣ ਦੇਣਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕਰਨਾ ਹੈ ਤਾਂ ਜੋ ਹੋਰਨਾਂ ਮਹਿਲਾਵਾਂ ਨੂੰ ਵੀ ਪੈਰਾਂ ਸਿਰ ਹੋਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਮਹਿਲਾਵਾਂ ਘਰ ਬੈਠੇ ਟਿਫਿਨ ਸੇਵਾ, ਸੈਲੂਨ, ਸਿਲਾਈ-ਕਢਾਈ, ਬਿਊਟੀ ਵਰਕ ਅਤੇ ਹੋਰ ਛੋਟੇ ਕਾਰੋਬਾਰਾਂ ਰਾਹੀਂ ਆਪਣਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਖੁਦਮੁਖਤਿਆਰ ਬਣਾਉਣ ਅਤੇ ਉਨ੍ਹਾਂ ਦੇ ਛੋਟੇ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਸਨਮਾਨਿਤ ਹੋਈਆਂ ਮਹਿਲਾਵਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਨਮਾਨਾਂ ਨਾਲ ਉਨ੍ਹਾਂ ਵਿਚ ਕੰਮ ਪ੍ਰਤੀ ਹੋਰ ਉਤਸ਼ਾਹ ਪੈਦਾ ਹੁੰਦਾ ਹੈ। ਸਮਾਗਮ ਦੇ ਅਖ਼ੀਰ ਵਿਚ ਉੱਦਮੀ ਮਹਿਲਾਵਾਂ ਨੂੰ ਮੁੱਖ ਮਹਿਮਾਨ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਅਮਨਦੀਪ ਕੌਰ ਪਤਨੀ ਡਾ. ਸੁਖਮੰਦਰ ਸਿੰਘ, ਪੰਚ ਜਸਵਿੰਦਰ ਕੌਰ, ਪੰਚ ਕੁਲਦੀਪ ਕੌਰ, ਪੰਚ ਗੋਰਾ ਸਿੰਘ ਗਰੇਵਾਲ, ਪੰਚ ਇਕਬਾਲ ਸਿੰਘ ਬਰਾੜ, ਪੰਚ ਕੇਵਲ ਸਿੰਘ, ਪੰਚ ਗੋਰਾ ਸਿੰਘ, ਪੰਚ ਜਸਵਿੰਦਰ ਕੌਰ, ਪੰਚ ਮਨਜੀਤ ਕੁਮਾਰ, ‘ਆਪ’ ਦੇ ਸੀਨੀਅਰ ਆਗੂ ਗੁਰਦਸ਼ਰਨ ਸਿੰਘ ਢਿੱਲੋਂ, ਸਾਧੂ ਸਿੰਘ ਨੰਬਰਦਾਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।