ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਵੱਡੇ ਪੱਧਰ ’ਤੇ ਪੂਰੇ ਕੀਤੇ : ਵਿਧਾਇਕ ਡਿੰਪੀ ਢਿੱਲੋਂ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਵੱਡੇ ਪੱਧਰ ’ਤੇ ਪੂਰੇ ਕੀਤੇ : ਵਿਧਾਇਕ ਡਿੰਪੀ ਢਿੱਲੋਂ
Publish Date: Tue, 14 Jul 2026 04:29 PM (IST)
Updated Date: Wed, 15 Jul 2026 04:01 AM (IST)
ਕਿਹਾ-ਪਾਰਦਰਸ਼ੀ ਸ਼ਾਸਨ ਨਾਲ ਪੰਜਾਬ ਤਰੱਕੀ ਦੇ ਰਾਹ ’ਤੇ, ਡਿੰਪੀ ਢਿੱਲੋਂ ਨੇ ਐਡਵੋਕੇਟ ਗੁਰਸਾਹਿਬ ਬਰਾੜ ਦਾ ਹਾਲ-ਚਾਲ ਪੁੱਛਿਆ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ‘ਡਿੰਪੀ ਢਿੱਲੋਂ’ ਆਪਣੇ ਜੈਤੋ ਦੌਰੇ ਦੌਰਾਨ ਸਥਾਨਕ ਵਸਨੀਕ, ਆਪਣੇ ਬੇਹੱਦ ਕਰੀਬੀ ਪਰਮ ਮਿੱਤਰ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਸੀਨੀਅਰ ਐਡਵੋਕੇਟ ਗੁਰਸਾਹਿਬ ਸਿੰਘ ਬਰਾੜ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਐਡਵੋਕੇਟ ਗੁਰਸਾਹਿਬ ਸਿੰਘ ਬਰਾੜ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਵਿਧਾਇਕ ਡਿੰਪੀ ਢਿੱਲੋਂ ਦਾ ਨਿੱਘਾ ਸਵਾਗਤ ਕੀਤਾ। ਵਿਧਾਇਕ ਡਿੰਪੀ ਢਿੱਲੋਂ ਨੇ ਐਡਵੋਕੇਟ ਗੁਰਸਾਹਿਬ ਸਿੰਘ ਬਰਾੜ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਨਾਲ ਕਾਫ਼ੀ ਸਮਾਂ ਨਿੱਘੀ ਗੱਲਬਾਤ ਕੀਤੀ। ਉਨ੍ਹਾਂ ਸਮੂਹ ਬਰਾੜ ਪਰਿਵਾਰ ਦੀ ਖੈਰ-ਖ਼ਬਰ ਵੀ ਪੁੱਛੀ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਇਸ ਦੌਰਾਨ ਦੋਵਾਂ ਆਗੂਆਂ ਨੇ ਖੇਤਰ ਦੇ ਸਮਾਜਿਕ, ਰਾਜਨੀਤਿਕ ਅਤੇ ਵਿਕਾਸ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਆਪਸੀ ਸਨੇਹ, ਪੁਰਾਣੀ ਦੋਸਤੀ ਅਤੇ ਪਰਿਵਾਰਕ ਸਬੰਧਾਂ ਦੀ ਮਜ਼ਬੂਤੀ ਸਪੱਸ਼ਟ ਤੌਰ ’ਤੇ ਨਜ਼ਰ ਆਈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਹਰਦੀਪ ਸਿੰਘ ‘ਡਿੰਪੀ ਢਿੱਲੋਂ’ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਵੱਡੇ ਪੱਧਰ ’ਤੇ ਅਮਲੀ ਜਾਮਾ ਪਹਿਨਾਇਆ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ, ਲੋਕ-ਕੇਂਦਰਿਤ ਨੀਤੀਆਂ ਅਤੇ ਵਿਕਾਸਮੁਖੀ ਫ਼ੈਸਲਿਆਂ ਸਦਕਾ ਪੰਜਾਬ ਤਰੱਕੀ ਦੀ ਨਵੀਂ ਦਿਸ਼ਾ ਵੱਲ ਅੱਗੇ ਵਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਘਰੇਲੂ ਖ਼ਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਦਕਿ ਕਿਸਾਨਾਂ ਲਈ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਨਾਲ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ, ਜਿਸ ਨਾਲ ਕਿਸਾਨਾਂ ਨੂੰ ਰਾਹਤ ਮਿਲੀ ਹੈ ਅਤੇ ਭੂਮੀਗਤ ਪਾਣੀ ਦੀ ਸੰਭਾਲ ਨੂੰ ਵੀ ਬਲ ਮਿਲਿਆ ਹੈ। ਰੋਜ਼ਗਾਰ ਦੇ ਖੇਤਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਨਾਂ ਕਿਸੇ ਸਿਫ਼ਾਰਸ਼ ਜਾਂ ਭ੍ਰਿਸ਼ਟਾਚਾਰ ਦੇ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਕਰੀਬ ਸਾਢੇ ਪੰਜ ਲੱਖ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ ਹਨ। ਸਿਹਤ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ 990 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਸਸ਼ਕਤੀਕਰਨ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਰਾਹੀਂ ਯੋਗ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਵਿਧਾਇਕ ਡਿੰਪੀ ਢਿੱਲੋਂ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੜਕ ਹਾਦਸਿਆਂ ਨੂੰ ਘਟਾਉਣ ਲਈ ਸੜਕ ਸੁਰੱਖਿਆ ਫੋਰਸ (ਐੱਸ.ਐੱਸ.ਐੱਫ.) ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਵੀ ਇਤਿਹਾਸਕ ਸੁਧਾਰ ਕੀਤੇ ਗਏ ਹਨ। ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਆਧੁਨਿਕ ਬਣਾਇਆ ਗਿਆ ਹੈ ਅਤੇ ਸੂਬੇ ਭਰ ਵਿੱਚ 3,100 ਤੋਂ ਵੱਧ ਖੇਡ ਮੈਦਾਨਾਂ ਦੇ ਵਿਕਾਸ ਲਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ-ਭਲਾਈ, ਇਮਾਨਦਾਰ ਸ਼ਾਸਨ ਅਤੇ ਸਰਬਪੱਖੀ ਵਿਕਾਸ ਦੇ ਆਪਣੇ ਏਜੰਡੇ ’ਤੇ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਸੀਨੀਅਰ ਐਡਵੋਕੇਟ ਗੁਰਸਾਹਿਬ ਸਿੰਘ ਬਰਾੜ ਨੇ ਕਿਹਾ ਕਿ ਵਿਧਾਇਕ ਹਰਦੀਪ ਸਿੰਘ ‘ਡਿੰਪੀ ਢਿੱਲੋਂ’ ਮਿਲਣਸਾਰ, ਇਮਾਨਦਾਰ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਸ਼ਰੀਕ ਹੋਣ ਵਾਲੇ ਜਨ-ਪ੍ਰਤੀਨਿਧ ਹਨ। ਉਨ੍ਹਾਂ ਕਿਹਾ ਕਿ ਡਿੰਪੀ ਢਿੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਦੇ ਹਨ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ ਸੇਵਾ ਲਈ ਸਮਰਪਿਤ ਰਹਿਣਗੇ। ਇਸ ਮੌਕੇ ਕੁਲਦੀਪ ਪੋਲਟਰੀ ਫਾਰਮ ਗੋਨਿਆਣਾ ਮੰਡੀ, ਜ਼ਿਲ੍ਹਾ ਬਠਿੰਡਾ ਦੇ ਮਾਲਕ ਕੁਲਦੀਪ ਸਿੰਘ ਨੇ ਕਿਹਾ ਕਿ ਵਿਧਾਇਕ ਡਿੰਪੀ ਢਿੱਲੋਂ ਦੀ ਸਾਦਗੀ, ਨਿਮਰਤਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਪਛਾਣ ਹੈ। ਉਨ੍ਹਾਂ ਕਿਹਾ ਕਿ ਡਿੰਪੀ ਢਿੱਲੋਂ ਨੇ ਹਮੇਸ਼ਾ ਵਿਕਾਸ, ਪਾਰਦਰਸ਼ਤਾ ਅਤੇ ਲੋਕ-ਭਲਾਈ ਨੂੰ ਤਰਜੀਹ ਦਿੱਤੀ ਹੈ, ਜਿਸ ਕਾਰਨ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਭਰੋਸਾ ਅਤੇ ਸਨਮਾਨ ਲਗਾਤਾਰ ਵਧ ਰਿਹਾ ਹੈ। ਇਸ ਮੌਕੇ ਐਡਵੋਕੇਟ ਗੁਰਪਾਲ ਸਿੰਘ ‘ਸਿੰਪੀ ਸੰਧੂ’ ਫ਼ਰੀਦਕੋਟ, ਉੱਘੇ ਸਮਾਜ ਸੇਵੀ ਬਲਕਾਰ ਸਿੰਘ ਦਲ ਸਿੰਘ ਵਾਲਾ, ਸਮਾਜ ਸੇਵੀ ਆਗੂ ਤਰਨਬੀਰ ਸਿੰਘ ਗੋਨਿਆਣਾ ਮੰਡੀ, ਗੁਰਪ੍ਰੀਤ ਸਿੰਘ ਬਰਾੜ ਕੈਨੇਡਾ, ਜਸਪਿੰਦਰਪਾਲ ਸਿੰਘ, ਸਤਿੰਦਰਪਾਲ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।