'ਆਪ' ਦੀ ਮੋਗਾ ਰੈਲੀ ਦੇ ਮੱਦੇਨਜ਼ਰ ਕਈ ਮੁਲਾਜ਼ਮ ਆਗੂ ਨਜ਼ਰਬੰਦ, ਥਾਣੇ ਪਹੁੰਚ ਕੇ ਵਿਰੋਧ ਮਗਰੋਂ ਕੀਤੇ ਰਿਹਾਅ
ਇਸ ਕਾਰਵਾਈ ਦੇ ਵਿਰੋਧ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਥਾਣਾ ਸਿਟੀ ਪਹੁੰਚ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ। ਕਰੀਬ ਦੋ ਘੰਟੇ ਤੱਕ ਚੱਲੀ ਖਿੱਚੋਤਾਣ ਤੋਂ ਬਾਅਦ ਪੁਲਿਸ ਨੇ ਹਿਰਾਸਤ ਵਿੱਚ ਲਏ ਮੁਲਾਜ਼ਮ ਆਗੂਆਂ ਨੂੰ ਰਿਹਾਅ ਕਰ ਦਿੱਤਾ।
Publish Date: Thu, 26 Nov 2026 03:22 PM (IST)
Updated Date: Thu, 26 Nov 2026 03:32 PM (IST)
ਸ਼ਿਵ ਕੁਮਾਰ ਸ਼ਰਮਾ, ਪੰਜਾਬੀ ਜਾਗਰਣ, ਫਰੀਦਕੋਟ। ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਦੇ ਮੱਦੇਨਜ਼ਰ ਫਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਅਤੇ ਕੁਝ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਨਜ਼ਰਬੰਦ ਕਰਨ ਕਾਰਨ ਮੁਲਾਜ਼ਮ ਜਥੇਬੰਦੀਆਂ ਵਿੱਚ ਰੋਸ ਫੈਲ ਗਿਆ।
ਇਸ ਕਾਰਵਾਈ ਦੇ ਵਿਰੋਧ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਥਾਣਾ ਸਿਟੀ ਪਹੁੰਚ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ। ਕਰੀਬ ਦੋ ਘੰਟੇ ਤੱਕ ਚੱਲੀ ਖਿੱਚੋਤਾਣ ਤੋਂ ਬਾਅਦ ਪੁਲਿਸ ਨੇ ਹਿਰਾਸਤ ਵਿੱਚ ਲਏ ਮੁਲਾਜ਼ਮ ਆਗੂਆਂ ਨੂੰ ਰਿਹਾਅ ਕਰ ਦਿੱਤਾ।
ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਵੀਰਵਾਰ ਨੂੰ ਮੋਗਾ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਦੌਰਾਨ ਮੁਲਾਜ਼ਮ ਜਥੇਬੰਦੀਆਂ ਵੱਲੋਂ ਕੋਈ ਰੋਸ ਪ੍ਰਦਰਸ਼ਨ ਜਾਂ ਹੋਰ ਪ੍ਰੋਗਰਾਮ ਉਲੀਕਿਆ ਨਹੀਂ ਗਿਆ ਸੀ। ਇਸ ਦੇ ਬਾਵਜੂਦ ਪੁਲਿਸ ਨੇ ਕਈ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਦਕਿ ਕੁਝ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ।
ਵੀਰਵਾਰ ਸਵੇਰੇ ਪੁਲਿਸ ਨੇ ਡੀਸੀ ਦਫ਼ਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਨ ਜੈਨ ਨੂੰ ਉਨ੍ਹਾਂ ਦੇ ਘਰੋਂ ਹਿਰਾਸਤ ਵਿੱਚ ਲੈ ਕੇ ਥਾਣਾ ਸਿਟੀ ਵਿੱਚ ਬੰਦ ਕਰ ਦਿੱਤਾ। ਇਸ ਤੋਂ ਇਲਾਵਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੂੰ ਵੀ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ।
ਇਸ ਦੀ ਸੂਚਨਾ ਮਿਲਣ ’ਤੇ ਮਨਿਸਟੀਰੀਅਲ ਇੰਪਲਾਈਜ਼ ਯੂਨੀਅਨ ਦੇ ਸੂਬਾਈ ਆਗੂ ਗੁਰਨਾਮ ਸਿੰਘ ਵਿਰਕ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਦੇ ਵਰਕਰ ਥਾਣਾ ਸਿਟੀ ਪਹੁੰਚ ਗਏ ਅਤੇ ਪੁਲਿਸ ਦੀ ਇਸ ਕਾਰਵਾਈ ਖ਼ਿਲਾਫ਼ ਰੋਸ ਜਤਾਇਆ। ਇਸ ਤੋਂ ਬਾਅਦ ਪੁਲਿਸ ਨੇ ਕਰਨ ਜੈਨ ਸਮੇਤ ਹਿਰਾਸਤ ਵਿੱਚ ਲਏ ਹੋਰ ਮੁਲਾਜ਼ਮ ਆਗੂਆਂ ਨੂੰ ਰਿਹਾਅ ਕਰ ਦਿੱਤਾ।
ਮੰਗਾਂ ਪੂਰੀਆਂ ਨਾ ਹੋਣ ’ਤੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ
ਇਸ ਮੌਕੇ ਗੁਰਨਾਮ ਸਿੰਘ ਵਿਰਕ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਮੁਲਾਜ਼ਮਾਂ ਨਾਲ ਕਈ ਵਾਰ ਮੀਟਿੰਗਾਂ ਹੋਈਆਂ, ਪਰ ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ। ਇੱਥੋਂ ਤੱਕ ਕਿ ਜਿਹੜੀਆਂ ਮੰਗਾਂ ਨੂੰ ਪ੍ਰਵਾਨ ਵੀ ਕੀਤਾ ਜਾ ਚੁੱਕਾ ਹੈ, ਉਨ੍ਹਾਂ ਨੂੰ ਵੀ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ।
ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨਾ ਅਧਿਕਾਰਾਂ ਦਾ ਘਾਣ : ਵਿਰਕ
ਉਨ੍ਹਾਂ ਕਿਹਾ ਕਿ ਮੋਗਾ ਰੈਲੀ ਦੌਰਾਨ ਮੁਲਾਜ਼ਮ ਜਥੇਬੰਦੀਆਂ ਦਾ ਕੋਈ ਪ੍ਰੋਗਰਾਮ ਨਹੀਂ ਸੀ। ਇਸ ਦੇ ਬਾਵਜੂਦ ਆਗੂਆਂ ਨੂੰ ਹਿਰਾਸਤ ਵਿੱਚ ਲੈਣਾ ਅਤੇ ਘਰਾਂ ਵਿੱਚ ਨਜ਼ਰਬੰਦ ਕਰਨਾ ਲੋਕਤੰਤਰੀ ਅਧਿਕਾਰਾਂ ਦਾ ਘਾਣ ਹੈ।
ਮੁਲਾਜ਼ਮ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਲਾਜ਼ਮ ਵਰਗ ਆਮ ਆਦਮੀ ਪਾਰਟੀ ਦਾ ਵਿਰੋਧ ਕਰੇਗਾ।