- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ ਤੇ ਧਰਮ ਦੀ ਪ੍ਰੇਰਣਾ : ਮਨਤਾਰ ਬਰਾੜ/ਤਰਲੋਚਨ ਦੁੱਲਟ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਪੰਜਾਬ ਦੇ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਅਤੇ ਕੋਟਕਪੂਰਾ ਹਲਕੇ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਅਤੇ ਸੀਨੀਅਰ ਅਕਾਲੀ ਆਗੂ ਤਰਲੋਚਨ ਸਿੰਘ ਦੁੱਲਟ ਭਗਤੂਆਣਾ ਨੇ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਨਮਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ਵਿੱਚ ਸੱਚ, ਧਰਮ ਅਤੇ ਇਨਸਾਫ਼ ਲਈ ਦਿੱਤੀ ਗਈ ਸਭ ਤੋਂ ਮਹਾਨ ਕੁਰਬਾਨੀਆਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਧੰਨ-ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦਾਂ ਦਾ ਸਿਰਤਾਜ ਇਸ ਲਈ ਕਿਹਾ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਸੰਸਾਰ ਦੇ ਇਤਿਹਾਸ ਵਿੱਚ ਪਹਿਲੀ ਵਾਰ ਸ਼ਹਾਦਤ ਦਿੱਤੀ। ਗੁਰੂ ਸਾਹਿਬ ਨੇ ਸੱਚ ਅਤੇ ਧਰਮ ਦੇ ਰਾਹ ਤੋਂ ਹਟਣ ਦੀ ਬਜਾਏ ਅਸਹਿ ਤਸੀਹੇ ਸਹਾਰ ਕੇ ਵੀ ਪ੍ਰਭੂ ਦੀ ਰਜ਼ਾ ਨੂੰ ਸਵੀਕਾਰ ਕੀਤਾ ਅਤੇ ਦੁਨੀਆ ਨੂੰ ਸੱਚਾਈ ਲਈ ਡਟੇ ਰਹਿਣ ਦਾ ਸੰਦੇਸ਼ ਦਿੱਤਾ। ਮਨਤਾਰ ਸਿੰਘ ਬਰਾੜ ਅਤੇ ਤਰਲੋਚਨ ਸਿੰਘ ਦੁੱਲਟ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣੇ ਤੋਂ ਪਹਿਲਾਂ ਦੇ ਚਾਰਾਂ ਗੁਰੂ ਸਾਹਿਬਾਨ ਅਤੇ ਵੱਖ-ਵੱਖ ਭਗਤਾਂ ਦੀ ਬਾਣੀ ਨੂੰ ਇਕੱਠਾ ਕਰਕੇ ਆਦਿ ਗ੍ਰੰਥ ਦੀ ਸੰਪਾਦਨਾ ਕੀਤੀ ਅਤੇ ਇਸ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਕੀਤਾ। ਇਹ ਕਾਰਜ ਮਨੁੱਖਤਾ ਨੂੰ ਇੱਕਤਾ, ਭਾਈਚਾਰੇ ਅਤੇ ਰੱਬੀ ਗਿਆਨ ਦੇ ਸਾਂਝੇ ਮੰਚ ’ਤੇ ਲਿਆਉਣ ਵਾਲਾ ਇਤਿਹਾਸਕ ਉਪਰਾਲਾ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਅੱਜ ਵੀ ਸਮੁੱਚੀ ਮਨੁੱਖਤਾ ਲਈ ਰਾਹ ਦਸੇਰਾ ਹੈ ਅਤੇ ਲੋਕਾਂ ਨੂੰ ਸੱਚ, ਨਿਮਰਤਾ, ਸੇਵਾ ਅਤੇ ਪਰਉਪਕਾਰ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਦਰਬਾਰ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਸੰਗਤਾਂ ਇਕੱਤਰ ਹੁੰਦੀਆਂ ਸਨ ਅਤੇ ਗੁਰਬਾਣੀ ਦਾ ਕੀਰਤਨ ਸੁਣ ਕੇ ਆਤਮਿਕ ਸ਼ਾਂਤੀ ਪ੍ਰਾਪਤ ਕਰਦੀਆਂ ਸਨ। ਗੁਰੂ ਸਾਹਿਬ ਦੀ ਲੋਕਪ੍ਰਿਯਤਾ ਅਤੇ ਸੰਗਤਾਂ ਦਾ ਵੱਧਦਾ ਇਕੱਠ ਉਸ ਸਮੇਂ ਦੇ ਮੁਗ਼ਲ ਸ਼ਾਸਕ ਜਹਾਂਗੀਰ ਨੂੰ ਰਾਸ ਨਾ ਆਇਆ। ਜਦੋਂ ਜਹਾਂਗੀਰ ਨੂੰ ਇਹ ਅਹਿਸਾਸ ਹੋਇਆ ਕਿ ਗੁਰੂ ਸਾਹਿਬ ਦੇ ਪ੍ਰਭਾਵ ਹੇਠ ਲੋਕ ਜਾਗਰੂਕ ਹੋ ਰਹੇ ਹਨ ਅਤੇ ਜ਼ੁਲਮ ਦੇ ਵਿਰੁੱਧ ਆਵਾਜ਼ ਉਠਾ ਰਹੇ ਹਨ ਤਾਂ ਉਸ ਨੇ ਗੁਰੂ ਸਾਹਿਬ ਨੂੰ ਤਸੀਹੇ ਦੇ ਕੇ ਸ਼ਹੀਦ ਕਰਨ ਦਾ ਹੁਕਮ ਦਿੱਤਾ। ਅਕਾਲੀ ਆਗੂਆਂ ਨੇ ਕਿਹਾ ਕਿ ਲਾਹੌਰ ਵਿਖੇ ਗੁਰੂ ਸਾਹਿਬ ਨੂੰ ਤੱਤੀ ਤਵੀ ’ਤੇ ਬਿਠਾਇਆ ਗਿਆ, ਉਨ੍ਹਾਂ ਦੇ ਸਰੀਰ ’ਤੇ ਤੱਤੀ ਰੇਤ ਪਾਈ ਗਈ ਅਤੇ ਅਨੇਕਾਂ ਤਸੀਹੇ ਦਿੱਤੇ ਗਏ, ਪਰ ਗੁਰੂ ਸਾਹਿਬ ਨੇ ਅਡੋਲਤਾ, ਧੀਰਜ ਅਤੇ ਪ੍ਰਭੂ ਦੀ ਰਜ਼ਾ ਵਿੱਚ ਰਹਿੰਦਿਆਂ ਸਭ ਕੁਝ ਸਹਾਰ ਲਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਚਾਹੁੰਦੇ ਤਾਂ ਆਪਣੀ ਰੂਹਾਨੀ ਸ਼ਕਤੀ ਨਾਲ ਕੋਈ ਵੀ ਕੌਤਕ ਵਰਤਾ ਸਕਦੇ ਸਨ, ਪਰ ਉਨ੍ਹਾਂ ਨੇ ਮਨੁੱਖਤਾ ਨੂੰ ਸਬਰ, ਸਹਿਣਸ਼ੀਲਤਾ ਅਤੇ ਪ੍ਰਭੂ ਦੀ ਭਾਣਾ ਮੰਨਣ ਦੀ ਸਿੱਖਿਆ ਦੇਣ ਲਈ ਸ਼ਹਾਦਤ ਦਾ ਰਾਹ ਚੁਣਿਆ। ਮਨਤਾਰ ਸਿੰਘ ਬਰਾੜ ਅਤੇ ਤਰਲੋਚਨ ਸਿੰਘ ਦੁੱਲਟ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਸਿੱਖ ਕੌਮ ਵਿੱਚ ਧਰਮ ਅਤੇ ਸੱਚ ਲਈ ਕੁਰਬਾਨੀ ਦੇਣ ਦੀ ਪਰੰਪਰਾ ਹੋਰ ਮਜ਼ਬੂਤ ਹੋਈ। ਇਸ ਤੋਂ ਬਾਅਦ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਕਸ਼ਮੀਰੀ ਪੰਡਤਾਂ ਦੀ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਸ਼ਹਾਦਤ ਦਿੱਤੀ। ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ, ਭਾਈ ਮਨੀ ਸਿੰਘ ਅਤੇ ਭਾਈ ਤਾਰੂ ਸਿੰਘ ਵਰਗੇ ਮਹਾਨ ਸਿੱਖ ਸ਼ਹੀਦਾਂ ਨੇ ਵੀ ਸਿੱਖੀ ਸਿਧਾਂਤਾਂ ਦੀ ਰੱਖਿਆ ਲਈ ਅਦੁੱਤੀ ਕੁਰਬਾਨੀਆਂ ਦਿੱਤੀਆਂ। ਇਸੇ ਤਰ੍ਹਾਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਵੀ ਸਿੱਖ ਇਤਿਹਾਸ ਦਾ ਸੁਨਹਿਰੀ ਅਧਿਆਇ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਇਆ ਜਾਵੇ ਅਤੇ ਸੱਚ, ਸੇਵਾ, ਸਹਿਣਸ਼ੀਲਤਾ, ਇਨਸਾਫ਼ ਅਤੇ ਮਨੁੱਖਤਾ ਦੀ ਭਲਾਈ ਦੇ ਮਾਰਗ ’ਤੇ ਚੱਲਿਆ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਸੱਚ ਅਤੇ ਧਰਮ ਲਈ ਡਟ ਕੇ ਖੜ੍ਹਨ ਦੀ ਪ੍ਰੇਰਣਾ ਦਿੰਦੀ ਰਹੇਗੀ।