- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰੀਦਕੋਟ 'ਚ ਬਾਬਾ ਫਰੀਦ ਯੂਨੀਵਰਸਿਟੀ ਦੇ ਗੇਟ ਅੱਗੇ ਯੂਥ ਅਕਾਲੀ ਦਲ ਦਾ ਵਿਸ਼ਾਲ ਧਰਨਾ

ਫਾਰਮੇਸੀ ਅਫਸਰਾਂ ਦੀ ਪ੍ਰੀਖਿਆ 'ਚ ਨਕਲ ਤੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਘੇਰੀ ਸਰਕਾਰ
ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ ਫਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲੋਂ ਕਰਵਾਈ ਗਈ ਫਾਰਮੇਸੀ ਅਫਸਰ ਦੀ ਭਰਤੀ ਪ੍ਰੀਖਿਆ ਦੌਰਾਨ ਸਾਹਮਣੇ ਆਏ ਨਕਲ ਅਤੇ ਪੇਪਰ ਲੀਕ ਦੇ ਗੰਭੀਰ ਮਾਮਲੇ ਨੂੰ ਲੈ ਕੇ ਸੂਬੇ ਵਿੱਚ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ ਪੰਜਾਬ ਸਰਕਾਰ ਅਤੇ ਯੂਥ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸਾਂਝੇ ਤੌਰ 'ਤੇ ਬਾਬਾ ਫਰੀਦ ਯੂਨੀਵਰਸਿਟੀ ਦੇ ਮੁੱਖ ਗੇਟ ਦੇ ਬਾਹਰ ਜ਼ੋਰਦਾਰ ਧਰਨਾ ਦਿੱਤਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਇਸ ਸਾਰੇ ਘੋਟਾਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਜੋ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲ ਸਕੇ। ਇਸ ਪ੍ਰਦਰਸ਼ਨ ਦੀ ਅਗਵਾਈ ਯੂਥ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਸਰਬਜੀਤ ਸਿੰਘ ਝੀਂਜਰ ਅਤੇ ਸੀਨੀਅਰ ਅਕਾਲੀ ਨੇਤਾ ਪਰਮਹੰਸ ਸਿੰਘ ਬੰਟੀ ਰਮਾਣਾ ਨੇ ਕੀਤੀ, ਜਿਨ੍ਹਾਂ ਨਾਲ ਵੱਡੀ ਗਿਣਤੀ 'ਚ ਸੀਨੀਅਰ ਆਗੂ ਅਤੇ ਵਰਕਰ ਸ਼ਾਮਲ ਹੋਏ। ਵਿਰੋਧੀ ਧਿਰਾਂ ਅਤੇ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਜਵਾਬਦੇਹੀ ਦਾ ਹਵਾਲਾ ਦਿੰਦਿਆਂ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ। ਜਿਸ ਤਰ੍ਹਾਂ ਹਾਲ ਹੀ ਵਿੱਚ ਦਿੱਲੀ ਦੇ ਜੰਤਰ-ਮੰਤਰ 'ਤੇ ਦੇਸ਼ ਭਰ ਦੇ ਨੌਜਵਾਨਾਂ ਵੱਲੋਂ ਪ੍ਰੀਖਿਆਵਾਂ ਵਿੱਚ ਧਾਂਦਲੀਆਂ ਵਿਰੁੱਧ ਕੀਤੇ ਗਏ ਭਾਰੀ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਜਵਾਬਦੇਹੀ ਕਬੂਲ ਕੀਤੀ, ਉਸੇ ਤਰ੍ਹਾਂ ਪੰਜਾਬ ਦੇ ਮੰਤਰੀਆਂ ਨੂੰ ਵੀ ਇਸ ਦੀ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਜਦੋਂ ਕੇਂਦਰ ਵਿੱਚ ਵੱਡੇ ਪੱਧਰ 'ਤੇ ਅਸਤੀਫਾ ਲਿਆ ਜਾ ਸਕਦਾ ਹੈ, ਤਾਂ ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਲਈ ਜ਼ਿੰਮੇਵਾਰ ਮੰਤਰੀਆਂ ਨੂੰ ਕਿਉਂ ਬਚਾਇਆ ਜਾ ਰਿਹਾ ਹੈ? ਅਕਾਲੀ ਦਲ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਨੌਜਵਾਨਾਂ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਸ਼ੁਰੂ ਨਹੀਂ ਹੁੰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫੇ ਦੀ ਮੰਗ
ਪ੍ਰਦਰਸ਼ਨ ਦੌਰਾਨ ਅਕਾਲੀ ਆਗੂਆਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਤੁਰੰਤ ਅਸਤੀਫੇ ਦੀ ਮੰਗ ਕੀਤੀ। ਅਕਾਲੀ ਦਲ ਦੇ ਆਗੂਆਂ ਨੇ ਦੋਸ਼ ਲਾਇਆ ਕਿ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਲਗਾਤਾਰ ਭਰਤੀ ਪ੍ਰੀਖਿਆਵਾਂ ਵਿੱਚ ਧਾਂਦਲੀਆਂ ਅਤੇ ਲੀਕ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨਾਲ ਪੰਜਾਬ ਦੇ ਲੱਖਾਂ ਪੜ੍ਹੇ-ਲਿਖੇ ਤੇ ਮਿਹਨਤੀ ਨੌਜਵਾਨਾਂ ਦਾ ਭਵਿੱਖ ਦਾਅ 'ਤੇ ਲੱਗ ਗਿਆ ਹੈ। ਅਤੇ ਨੌਜਵਾਨਾਂ ਦਾ ਸਰਕਾਰੀ ਭਰਤੀਆਂ ਤੋਂ ਭਰੋਸਾ ਉੱਠ ਰਿਹਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਸਮੇਤ ਬਾਹਰ ਬੈਠ ਕੇ ਨਕਲ ਕਰਵਾਉਣ ਵਾਲੇ ਲੋਕਾਂ ਨੂੰ ਮਿਲਾ ਕੇ ਕਰੀਬ 26 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਪੁਲਿਸ ਪ੍ਰਸ਼ਾਸਨ ਨੇ ਪਹਿਲਾਂ ਅਕਾਲੀ ਦਲ ਨੂੰ ਯੂਨੀਵਰਸਿਟੀ ਦੇ ਗੇਟ ਦੇ ਅੱਗੇ ਧਰਨਾ ਦੇਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ ਪਰ ਵਰਕਰਾਂ ਦੇ ਸਖਤ ਵਿਰੋਧ ਕਾਰਨ ਪ੍ਰਸ਼ਾਸਨ ਨੂੰ ਪਿੱਛੇ ਹਟਣਾ ਪਿਆ।