- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨਾਲ ਮੀਟਿੰਗ ਤੋਂ ਬਾਅਦ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ 9 ਫਰਵਰੀ ਦਾ ਐਸਐਸਪੀ ਦਫ਼ਤਰ ਦੇ ਘਿਰਾਓ ਦਾ ਪ੍ਰੋਗਰਾਮ ਕੀਤਾ ਮੁਲਤਵੀ

ਪੁਲਿਸ ਨਾਲ ਮੀਟਿੰਗ ਮਗਰੋਂ ਬੀਕੇਯੂ ਏਕਤਾ ਸਿੱਧੂਪੁਰ ਨੇ ਲਿਆ ਫੈਸਲਾ
ਸ਼ਿਵ ਕੁਮਾਰ ਸ਼ਰਮਾ ਪੰਜਾਬੀ ਜਾਗਰਣ ਫਰੀਦਕੋਟ : ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ 9 ਫਰਵਰੀ ਨੂੰ ਐਸਐਸਪੀ ਦਫ਼ਤਰ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਅੱਜ ਹੋਈ ਮੀਟਿੰਗ ਦੌਰਾਨ ਪੁਲਿਸ ਵੱਲੋਂ ਕਿਸਾਨ ਜਥੇਬੰਦੀ ਨਾਲ ਸੰਬੰਧਿਤ ਮਸਲਿਆਂ ਦੀ ਜਾਂਚ ਲਈ ਐਸਆਈਟੀ ਬਣਾਉਣ ਅਤੇ ਇੱਕ ਮਹੀਨੇ ਦੇ ਅੰਦਰ ਅੰਦਰ ਸਾਰੇ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਨੀਆ ਤੋਂ ਇਲਾਵਾ ਸੂਬਾ ਪੱਧਰੀ ਆਗੂ ਕਾਕਾ ਸਿੰਘ ਕੋਟੜਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਲੰਮੀ ਚਰਚਾ ਤੋਂ ਬਾਅਦ ਦੋਹਾਂ ਧਿਰਾਂ ਵਿਚਕਾਰ ਆਪਸੀ ਸਹਿਮਤੀ ਬਣੀ। ਜਾਣਕਾਰੀ ਅਨੁਸਾਰ ਫਰੀਦਕੋਟ ਦੇ ਪਿੰਡ ਫਿੱਡੇ ਕਲਾਂ, ਮੁਮਾਰਾ ਅਤੇ ਕੁਝ ਹੋਰ ਪਿੰਡਾਂ ਵਿੱਚ ਕਿਸਾਨਾਂ ਨਾਲ ਜੁੜੇ ਮਸਲਿਆਂ ’ਚ ਪੁਲਿਸ ਵੱਲੋਂ ਯੋਗ ਕਾਰਵਾਈ ਨਾ ਹੋਣ ਦੇ ਰੋਸ਼ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹਾ ਪੁਲਿਸ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਸੀ। ਇਸ ਦੌਰਾਨ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਵੱਖ-ਵੱਖ ਪਿੰਡਾਂ ਵਿੱਚ ਐਸਐਸਪੀ ਦੇ ਪੁਤਲੇ ਵੀ ਫੂਕੇ ਗਏ ਸਨ। ਜਥੇਬੰਦੀ ਵੱਲੋਂ 9 ਫਰਵਰੀ ਨੂੰ ਐਸਐਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ। ਕਿਸਾਨ ਜਥੇਬੰਦੀ ਦੇ ਐਕਸ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਜ਼ਿਲ੍ਹਾ ਪੁਲਿਸ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐਸਪੀ ਡੀ ਜੋਗੇਸ਼ਵਰ ਸਿੰਘ ਗੁਰਾਇਆ ਸਮੇਤ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਅਤੇ ਡੀਐਸਪੀ ਜੈਤੋ ਇਕਬਾਲ ਸਿੰਘ ਸੰਧੂ ਵੀ ਸ਼ਾਮਲ ਹੋਏ। ਆਪਸੀ ਸਹਿਮਤੀ ਬਣਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ 9 ਫਰਵਰੀ ਦੇ ਪ੍ਰੋਗਰਾਮ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਕਾਕਾ ਸਿੰਘ ਕੋਟੜਾ,ਇੰਦਰਜੀਤ ਸਿੰਘ,ਬੋਹੜ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਯੋਗ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ, ਜਿਸ ਕਰਕੇ ਉਹਨਾਂ ਨੇ ਅਗਲਾ ਐਕਸ਼ਨ ਮੁਲਤਵੀ ਕੀਤਾ ਹੈ। ਹਾਲਾਂਕਿ ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਮੁੜ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ। ਡੀਐਸਪੀ ਸੰਜੀਵ ਕੁਮਾਰ ਨੇ ਕਿਹਾ ਕਿ ਜ਼ਿਆਦਾਤਰ ਮਸਲੇ ਪਹਿਲਾਂ ਹੀ ਹੱਲ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਮਸਲਿਆਂ ’ਤੇ ਵੀ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਜਲਦ ਕਾਰਵਾਈ ਕੀਤੀ ਜਾਵੇਗੀ।