- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਹਾਈ ਸਕੂਲ ਢੈਪਈ ਵਿਖੇ ‘ਸਿੱਖਿਆ ਦਾ ਮਹਾ ਜਸ਼ਨ’ ਤਹਿਤ ਮੈਗਾ ਪੀਟੀਐਮ ਅਤੇ ਮਾਪਿਆਂ ਦੀ ਵਰਕਸ਼ਾਪ ਦਾ ਸ਼ਾਨਦਾਰ ਆਯੋਜਨ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਮਾਪਿਆਂ ਨੂੰ ਸਕੂਲੀ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ‘ਸਿੱਖਿਆ ਦਾ ਮਹਾ ਜਸ਼ਨ’ ਤਹਿਤ ਸ਼ਹੀਦ ਹਵਾਲਦਾਰ ਅੰਮ੍ਰਿਤਪਾਲ ਸਿੰਘ ਸਰਕਾਰੀ ਹਾਈ ਸਕੂਲ ਢੈਪਈ (ਜ਼ਿਲ੍ਹਾ ਫ਼ਰੀਦਕੋਟ) ਵਿਖੇ ਮੈਗਾ ਪੀਟੀਐਮ (ਪੇਰੈਂਟਸ-ਟੀਚਰ ਮੀਟਿੰਗ) ਅਤੇ ਮਾਪਿਆਂ ਦੀ ਵਿਸ਼ੇਸ਼ ਵਰਕਸ਼ਾਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਮਾਪਿਆਂ, ਪਿੰਡ ਦੀ ਪੰਚਾਇਤ, ਸਕੂਲ ਪ੍ਰਬੰਧਕ ਕਮੇਟੀ ਅਤੇ ਪਤਵੰਤੇ ਸੱਜਣਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸਰਕਾਰੀ ਸਕੂਲਾਂ ਪ੍ਰਤੀ ਆਪਣੇ ਵਿਸ਼ਵਾਸ ਅਤੇ ਸਹਿਯੋਗ ਦਾ ਪ੍ਰਗਟਾਵਾ ਕੀਤਾ। ਇਹ ਪ੍ਰੋਗਰਾਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਕੂਲ ਦੀ ਮੁੱਖ ਅਧਿਆਪਕਾ ਅਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਮਾਪਿਆਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ, ਪ੍ਰੀਖਿਆ ਨਤੀਜਿਆਂ, ਹਾਜ਼ਰੀ, ਅਨੁਸ਼ਾਸਨ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਮੀਟਿੰਗ ਵਿਚ ਐਸ.ਐਮ.ਸੀ. ਚੇਅਰਪਰਸਨ ਜਸਪ੍ਰੀਤ ਕੌਰ, ਪਿੰਡ ਢੈਪਈ ਦੇ ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’, ਸਮੂਹ ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਹਾਜ਼ਰੀ ਲਗਵਾਈ। ਉਨ੍ਹਾਂ ਸਕੂਲ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਅਧਿਆਪਕਾਂ ਦੇ ਯਤਨਾਂ ਨੂੰ ਸਰਾਹਿਆ ਅਤੇ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਅੰਗਰੇਜ਼ੀ ਮਾਸਟਰ ਜਸਜੀਤ ਸਿੰਘ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਦੇ ਨਾਲ-ਨਾਲ ਉਨ੍ਹਾਂ ਦੀਆਂ ਹੋਰ ਪ੍ਰਤਿਭਾਵਾਂ ਅਤੇ ਖੂਬੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਵੀ ਬਹੁਤ ਜ਼ਰੂਰੀ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਉੱਚੇ ਟੀਚੇ ਨਿਰਧਾਰਿਤ ਕਰਨ, ਵਧੀਆ ਅੰਕ ਹਾਸਲ ਕਰਨ ਅਤੇ ਭਵਿੱਖ ਵਿਚ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਅਮਨਦੀਪ ਕੌਰ ਨੇ ਸਕੂਲ ਦੀਆਂ ਵਿਦਿਅਕ, ਖੇਡਾਂ ਅਤੇ ਸੱਭਿਆਚਾਰਕ ਖੇਤਰਾਂ ਵਿਚ ਪ੍ਰਾਪਤ ਕੀਤੀਆਂ ਉਪਲਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲ ਅੱਜ ਹਰ ਖੇਤਰ ਵਿਚ ਨਵੀਆਂ ਉਚਾਈਆਂ ਛੂਹ ਰਹੇ ਹਨ। ਉਨ੍ਹਾਂ ਸਕੂਲ ਦੇ ਚੱਲ ਰਹੇ ਨਵੀਨੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮਾਪਿਆਂ ਅਤੇ ਪਿੰਡ ਵਾਸੀਆਂ ਤੋਂ ਲਗਾਤਾਰ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਅਤੇ ਮਾਪਿਆਂ ਦੇ ਆਪਸੀ ਤਾਲਮੇਲ ਨਾਲ ਹੀ ਬੱਚਿਆਂ ਦਾ ਸਰਵਪੱਖੀ ਵਿਕਾਸ ਸੰਭਵ ਹੈ। ਪ੍ਰੋਗਰਾਮ ਦੌਰਾਨ ਵੱਖ-ਵੱਖ ਜਮਾਤਾਂ ਅਤੇ ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਦੀ ਬਿਹਤਰੀ ਲਈ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਵੀ ਪ੍ਰਸ਼ੰਸਾ ਚਿੰਨ੍ਹ ਦੇ ਕੇ ਹੌਸਲਾ-ਅਫ਼ਜ਼ਾਈ ਕੀਤੀ ਗਈ। ਸਨਮਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਮਾਣ ਸਪੱਸ਼ਟ ਦਿਖਾਈ ਦਿੱਤਾ। ਮਾਪਿਆਂ ਨੇ ਵੀ ਸਕੂਲ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਲਗਾਤਾਰ ਉੱਚਾ ਹੋ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਵਧੀਆ ਭਵਿੱਖ ਦੀ ਦਿਸ਼ਾ ਮਿਲ ਰਹੀ ਹੈ। ਇਸ ਮੌਕੇ ਅਧਿਆਪਕ ਪਰਮਜੀਤ ਸਿੰਘ, ਅਮਨਦੀਪ ਸਿੰਘ, ਸ਼ਿਖਾ ਗੋਇਲ, ਨੀਰੂ ਗੋਇਲ, ਕਰਮਦੀਪ ਕੌਰ, ਪਰਮਜੀਤ ਸਿੰਘ (ਪੰਜਾਬੀ ਮਾਸਟਰ), ਪ੍ਰਮੋਦ ਕੁਮਾਰ ਧੀਰ (ਕੰਪਿਊਟਰ ਫੈਕਲਟੀ), ਦਲਜੀਤ ਕੌਰ, ਜਗਰੂਪ ਸਿੰਘ ਭੁੱਲਰ, ਗੁਰਪਾਲ ਸਿੰਘ, ਕਾਲਾ ਸਿੰਘ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।