- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਲਾਕ ਕੋਟਕਪੂਰਾ ਵਿਖੇ ਸਰੀਰਕ ਅਤੇ ਮਾਨਸਿਕ ਸਿਹਤ ਗਤੀਵਿਧੀਆਂ ਦਾ ਆਯੋਜਨ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਫਰੀਦਕੋਟ ਦੀ ਯੋਗ ਅਗਵਾਈ ਹੇਠ ਅਤੇ ਰਤਨਦੀਪ ਸੰਧੂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਫਰੀਦਕੋਟ ਦੇ ਯਤਨਾਂ ਸਦਕਾ 13 ਮਾਰਚ 2026 ਦਿਨ ਸ਼ੁੱਕਰਵਾਰ ਨੂੰ ਡੇਰਾ ਬਾਬਾ ਦਰਿਆ ਗਿਰੀ ਜੀ, ਕੋਟਕਪੂਰਾ ਵਿਖੇ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜ਼ੁਰਗਾਂ ਲਈ ਸਰੀਰਕ ਅਤੇ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਗਤੀਵਿਧੀਆਂ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਗੁਰਮੇਲ ਕੌਰ ਮਾਤਾ ਵਿਧਾਨ ਸਭਾ ਸਪੀਕਰ ਪੰਜਾਬ ਨੇ ਬਜ਼ੁਰਗਾਂ ਦਾ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਬਜ਼ੁਰਗ ਸਮਾਜ ਦੀ ਅਨਮੋਲ ਧਰੋਹਰ ਹਨ ਅਤੇ ਉਨ੍ਹਾਂ ਦੀ ਸੇਵਾ ਅਤੇ ਸਤਿਕਾਰ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬਜ਼ੁਰਗਾਂ ਦੀ ਸਿਹਤ ਅਤੇ ਮਨੋਬਲ ਨੂੰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਤ ਹੁੰਦੀਆਂ ਹਨ ਇਸ ਮੌਕੇ ਵੱਖ-ਵੱਖ ਤਰ੍ਹਾਂ ਦੀਆਂ ਗੇਮਾਂ ਕਰਵਾਈਆਂ ਗਈਆਂ ਜਿਵੇਂ ਕਿ ਬਾਲ ਬੈਲੇਂਸਿੰਗ, ਪੇਪਰ ਵਾਕ, ਬਾਲ ਕੈਚਿੰਗ ਵਿਦ ਬਾਸਕਿਟ, ਦਾਦਾ/ਦਾਦੀ – ਪੋਤਾ/ਪੋਤੀ ਰੈਂਪ ਵਾਕ, ਕਪਲ ਰੈਂਪ ਵਾਕ ਅਤੇ ਮੋਤੀ ਚਿਪਕਾ ਕੇ ਆਰਟ ਬਣਾਉਣਾ ਆਦਿ। ਇਨ੍ਹਾਂ ਗਤੀਵਿਧੀਆਂ ਵਿੱਚ ਮੌਕੇ ‘ਤੇ ਸ਼ਾਮਲ ਹੋਏ ਬਜ਼ੁਰਗਾਂ ਨੇ ਆਪਣੇ ਪੋਤੇ-ਪੋਤੀਆਂ ਨਾਲ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਮਾਪਿਆਂ ਜਾਂ ਦਾਦਾ-ਦਾਦੀ ਲਈ ਸੁਨੇਹੇ ਲਿਖਣ ਲਈ ਇੱਕ ਵਿਸ਼ੇਸ਼ ਕੋਰਨਰ ਵੀ ਬਣਾਇਆ ਗਿਆ। ਇਸਦਾ ਇਸਤੇਮਾਲ ਕਰਦੇ ਹੋਏ ਪ੍ਰੋਗਰਾਮ ਵਿੱਚ ਪਹੁੰਚੇ ਭਾਗੀਦਾਰਾਂ ਨੇ ਆਪਣੇ ਮਾਪਿਆਂ ਅਤੇ ਦਾਦਾ-ਦਾਦੀ ਲਈ ਪਿਆਰ ਭਰੇ ਸੁਨੇਹੇ ਲਿਖ ਕੇ ਲਗਾਏ। ਇਸ ਮੌਕੇ ਬਜ਼ੁਰਗਾਂ ਅਤੇ ਬੱਚਿਆਂ ਲਈ ਮਾਨਸਿਕ ਸਿਹਤ ਸੰਬੰਧੀ ਜਾਗਰੂਕਤਾ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਬਜ਼ੁਰਗਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਸੰਤੁਲਿਤ ਖੁਰਾਕ ਲੈਣ ਅਤੇ ਨਿਯਮਿਤ ਕਸਰਤ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦੌਰਾਨ ਲਗਭਗ 193 ਬਜ਼ੁਰਗ ਅਤੇ ਬੱਚੇ ਹਾਜ਼ਰ ਰਹੇ ਜਿਨ੍ਹਾਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈ ਕੇ ਪ੍ਰੋਗਰਾਮ ਦਾ ਆਨੰਦ ਮਾਣਿਆ। ਹਾਜ਼ਰ ਬਜ਼ੁਰਗਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਉਨ੍ਹਾਂ ਨੂੰ ਸਮਾਜ ਨਾਲ ਜੋੜੇ ਰੱਖਣ ਦੇ ਨਾਲ-ਨਾਲ ਸਿਹਤਮੰਦ ਜੀਵਨ ਜੀਉਣ ਲਈ ਪ੍ਰੇਰਿਤ ਕਰਦੇ ਹਨ। ਅੰਤ ਵਿੱਚ ਵਿਭਾਗ ਵੱਲੋਂ ਸਾਰੇ ਹਾਜ਼ਰੀਨ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਬਜ਼ੁਰਗਾਂ ਦੀ ਭਲਾਈ ਲਈ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ।