‘ਮੇਰੀ ਰਸੋਈ’ ਸਕੀਮ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
‘ਮੇਰੀ ਰਸੋਈ’ ਸਕੀਮ ਨਾਲ ਮਿਲੇਗੀ ਲੱਖਾਂ ਪਰਿਵਾਰਾਂ ਨੂੰ ਵੱਡੀ ਰਾਹਤ : ‘ਆਪ’ ਆਗੂ
Publish Date: Fri, 27 Feb 2026 04:35 PM (IST)
Updated Date: Sat, 28 Feb 2026 04:01 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਤੇ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ, ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ ਅਤੇ ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਤੇ ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ‘ਮੇਰੀ ਰਸੋਈ’ ਸਕੀਮ ਰਾਹੀਂ ਸੂਬੇ ਦੇ ਲਗਭਗ 40 ਲੱਖ ਪਰਿਵਾਰਾਂ ਨੂੰ ਵੱਡਾ ਲਾਭ ਮਿਲੇਗਾ। ‘ਆਪ’ ਆਗੂਆਂ ਨੇ ਕਿਹਾ ਕਿ ਇਹ ਯੋਜਨਾ ਖ਼ਾਸ ਤੌਰ ’ਤੇ ਨੀਲੇ ਕਾਰਡ ਧਾਰਕ ਪਰਿਵਾਰਾਂ ਲਈ ਸ਼ੁਰੂ ਕੀਤੀ ਗਈ ਹੈ, ਤਾਂ ਜੋ ਗਰੀਬ ਅਤੇ ਜ਼ਰੂਰਤਮੰਦ ਘਰਾਂ ਦੀ ਰਸੋਈ ਪੂਰੀ ਤਰ੍ਹਾਂ ਚੱਲ ਸਕੇ। ਉਨ੍ਹਾਂ ਕਿਹਾ ਕਿ ਪਬਲਿਕ ਡਿਸਟਰੀਬਿਊਸ਼ਨ ਸਿਸਟਮ ਰਾਹੀਂ ਮਿਲਣ ਵਾਲੀ ਕਣਕ ਪਹਿਲਾਂ ਵਾਂਗ ਜਾਰੀ ਰਹੇਗੀ, ਬਲਕਿ ਹੁਣ ਉਸ ਦੀ ਗੁਣਵੱਤਾ ’ਚ ਵੀ ਸੁਧਾਰ ਕੀਤਾ ਗਿਆ ਹੈ। ‘ਆਪ’ ਆਗੂਆਂ ਨੇ ਕਿਹਾ ਕਿ ‘ਮੇਰੀ ਰਸੋਈ’ ਸਕੀਮ ਤਹਿਤ ਕਣਕ ਦੇ ਨਾਲ ਇਕ ਵਿਸ਼ੇਸ਼ ਫੂਡ ਕਿੱਟ ਵੀ ਦਿੱਤੀ ਜਾਵੇਗੀ। ਇਸ ਕਿੱਟ ’ਚ 2 ਕਿੱਲੋ ਚੀਨੀ, 1 ਕਿੱਲੋ ਸ਼ੁੱਧ ਆਇਓਡਾਈਜ਼ਡ ਨਮਕ, 2 ਕਿੱਲੋ ਮਾਂਹ ਛੋਲਿਆਂ ਦੀ ਦਾਲ, 1 ਲੀਟਰ ਸਰੋਂ ਦਾ ਤੇਲ ਅਤੇ 200 ਗ੍ਰਾਮ ਹਲਦੀ ਪਾਊਡਰ ਸ਼ਾਮਿਲ ਹੋਵੇਗਾ। ਇਹ ਪੂਰੀ ਕਿੱਟ 40 ਲੱਖ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਪਰਿਵਾਰਾਂ, ਖ਼ਾਸ ਕਰਕੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਕੂਪੋਸ਼ਣ ਦਾ ਸ਼ਿਕਾਰ ਨਾ ਹੋਣ। ਧਰਮਜੀਤ ਸਿੰਘ ਰਾਮੇਆਣਾ, ਡਾ. ਲਛਮਣ ਸ਼ਰਮਾ ਭਗਤੂਆਣਾ, ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ ਅਤੇ ਇਕਬਾਲ ਸਿੰਘ ਡੋਡ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਗਰੀਬ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ‘ਮੇਰੀ ਰਸੋਈ’ ਸਕੀਮ ਲੋਕ-ਹਿਤੈਸ਼ੀ ਸੋਚ ਦਾ ਇਕ ਹੋਰ ਕਦਮ ਹੈ।