ਮੇਰੀ ਰਸੋਈ ਯੋਜਨਾ ਲਾਗੂ ਕਰਨ ਦੇ ਫੈਸਲੇ ਦੀ ਕੀਤੀ ਸ਼ਲਾਘਾ
‘ਮੇਰੀ ਰਸੋਈ ਯੋਜਨਾ’ ਨਾਲ ਲੱਖਾਂ ਪਰਿਵਾਰਾਂ ਨੂੰ ਮਿਲੇਗਾ ਸਿੱਧਾ ਲਾਭ : ਵਿਧਾਇਕ ਅਮੋਲਕ ਸਿੰਘ
Publish Date: Fri, 27 Feb 2026 04:37 PM (IST)
Updated Date: Sat, 28 Feb 2026 04:01 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ 2026 ਤੋਂ ਸ਼ੁਰੂ ਕੀਤੀ ਜਾ ਰਹੀ ‘ਮੇਰੀ ਰਸੋਈ ਯੋਜਨਾ’ ਗ਼ਰੀਬ ਤੇ ਜ਼ਰੂਰਤਮੰਦ ਵਰਗ ਲਈ ਇਤਿਹਾਸਿਕ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਭਰ ਦੇ ਲਗਭਗ 40 ਲੱਖ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਮਹਿੰਗਾਈ ਦੇ ਸਮੇਂ ਵਿਚ ਇਹ ਯੋਜਨਾ ਘਰਾਂ ਦੀ ਆਰਥਿਕ ਹਾਲਤ ਨੂੰ ਮਜ਼ਬੂਤ ਕਰਨ ’ਚ ਸਹਾਇਕ ਸਾਬਤ ਹੋਵੇਗੀ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਕੋਈ ਵੀ ਪਰਿਵਾਰ ਰੋਟੀ-ਰੋਜ਼ੀ ਤੋਂ ਵਾਂਝਾ ਨਾ ਰਹੇ। ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਕਣਕ ਦੇ ਨਾਲ-ਨਾਲ ਚੀਨੀ, ਚਣੇ ਦੀ ਦਾਲ, ਨਮਕ, ਹਲਦੀ ਅਤੇ ਸਰੋਂ੍ਹ ਦਾ ਤੇਲ ਪ੍ਰਦਾਨ ਕੀਤਾ ਜਾਵੇਗਾ। ਇਸ ਨਾਲ ਨਾ ਸਿਰਫ਼ ਰਸੋਈ ਦਾ ਖ਼ਰਚ ਘਟੇਗਾ, ਸਗੋਂ ਗ਼ਰੀਬ ਪਰਿਵਾਰਾਂ ਨੂੰ ਪੋਸ਼ਣ ਯੁਕਤ ਖੁਰਾਕ ਮਿਲੇਗੀ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਾਸ਼ਨ ਡਿਪੂ ਹੋਲਡਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਮੱਗਰੀ ਦੀ ਵੰਡ ਪੂਰੀ ਪਾਰਦਰਸ਼ਤਾ ਅਤੇ ਨਿਯਮਾਂ ਅਨੁਸਾਰ ਕੀਤੀ ਜਾਵੇ। ਜੇ ਕਿਸੇ ਵੀ ਲਾਭਪਾਤਰੀ ਨੂੰ ਸਮੱਸਿਆ ਆਉਂਦੀ ਹੈ ਤਾਂ ਉਹ ਸਬੰਧਿਤ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਯੋਗਤਾ ਅਨੁਸਾਰ ਯੋਜਨਾ ਦਾ ਲਾਭ ਲੈਣ ਤੇ ਕਿਸੇ ਵੀ ਗ਼ਲਤ ਤੱਤ ਨੂੰ ਬਰਦਾਸ਼ਤ ਨਾ ਕਰਨ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਲੋਕ-ਭਲਾਈ ਲਈ ਚੁੱਕਿਆ ਕਦਮ ਆਮ ਆਦਮੀ ਲਈ ਵੱਡੀ ਰਾਹਤ ਹੈ ਅਤੇ ਆਉਣ ਵਾਲੇ ਸਮੇਂ ’ਚ ਇਸ ਦੇ ਸਕਰਾਤਮਿਕ ਨਤੀਜੇ ਸਾਹਮਣੇ ਆਉਣਗੇ।