- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਦੇ 10 ਸਾਲ ਪੂਰੇ

ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ,
ਫਰੀਦਕੋਟ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ ਦੇ ਸਫਲਤਾਪੂਰਵਕ 10 ਸਾਲ ਪੂਰੇ ਹੋਣ ਮੌਕੇ ਜ਼ਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਸਮਾਗਮਾਂ ਅਤੇ ਸਿਹਤ ਗਤੀਵਿਧੀਆਂ ਕਰਵਾਈਆਂ। ਇਸੇ ਲੜੀ ਤਹਿਤ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਿਭਾਗ ਵਿਖੇ ਵਿਸ਼ੇਸ਼ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਰਮਨਦੀਪ ਸਿੰਗਲਾ ਅਤੇ ਡਾ. ਮਨਦੀਪ ਕੌਰ ਨੇ ਦੱਸਿਆ ਕਿ ਸਾਲ 2016 ਵਿੱਚ ਸ਼ੁਰੂ ਕੀਤਾ ਗਿਆ ਇਹ ਅਭਿਆਨ ਅੱਜ ਦੇਸ਼ ਦੀਆਂ ਗਰਭਵਤੀ ਮਹਿਲਾਵਾਂ ਲਈ ਵਰਦਾਨ ਸਾਬਤ ਹੋਇਆ ਹੈ। ਪਿਛਲੇ 10 ਸਾਲਾਂ ਦੌਰਾਨ ਇਸ ਯੋਜਨਾ ਨੇ ਲੱਖਾਂ ਉੱਚ ਜ਼ੋਖ਼ਮ ਵਾਲੀਆਂ ਗਰਭ ਅਵਸਥਾਵਾਂ ਦੀ ਸਮੇਂ ਸਿਰ ਪਛਾਣ ਕਰਕੇ ਮਾਂ ਅਤੇ ਬੱਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਉਨ੍ਹਾਂ ਦੱਸਿਆ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਗਰਭਵਤੀ ਔਰਤਾਂ ਦੀ ਮਾਹਿਰ ਡਾਕਟਰਾਂ ਵੱਲੋਂ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ, ਜਿਸ ਰਾਹੀਂ ਗਰਭ ਅਵਸਥਾ ਦੌਰਾਨ ਆਉਣ ਵਾਲੀਆਂ ਸੰਭਾਵਿਤ ਜਟਿਲਤਾਵਾਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਸੰਭਵ ਹੋ ਸਕਦਾ ਹੈ। ਉਨ੍ਹਾਂ ਕੇਅਰ ਕੰਪੈਨਅਨ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਗਰਭਵਤੀ ਮਹਿਲਾ ਅਤੇ ਉਸਦੇ ਪਰਿਵਾਰ ਨੂੰ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਦੀ ਦੇਖਭਾਲ ਸਬੰਧੀ ਸਿਖਲਾਈ ਦਿੱਤੀ ਜਾਂਦੀ ਹੈ, ਜਿਸ ਨਾਲ ਮਾਂ ਅਤੇ ਬੱਚੇ ਦੀ ਸਿਹਤ ਵਿੱਚ ਹੋਰ ਸੁਧਾਰ ਆਉਂਦਾ ਹੈ।
ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗਰਭ ਅਵਸਥਾ ਦੌਰਾਨ ਨਿਯਮਿਤ ਜਾਂਚ, ਲੋੜੀਂਦਾ ਟੀਕਾਕਰਨ, ਆਇਰਨ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਦੀ ਵਰਤੋਂ, ਸੰਤੁਲਿਤ ਖੁਰਾਕ ਅਤੇ ਮਾਹਿਰ ਡਾਕਟਰੀ ਸਲਾਹ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਜਣੇਪਾ ਸੁਰੱਖਿਅਤ ਅਤੇ ਸੰਸਥਾਗਤ ਤਰੀਕੇ ਨਾਲ ਸਰਕਾਰੀ ਸਿਹਤ ਸੰਸਥਾ ਵਿੱਚ ਹੀ ਕਰਵਾਇਆ ਜਾਣਾ ਚਾਹੀਦਾ ਹੈ ਤਾਂ ਜੋ ਜੱਚਾ ਅਤੇ ਬੱਚੇ ਦੀ ਮੌਤ ਦਰ ਨੂੰ ਹੋਰ ਘਟਾਇਆ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਹਰ ਬੁੱਧਵਾਰ ਮਨਾਏ ਜਾਂਦੇ ਮਮਤਾ ਦਿਵਸ, ਨਵਜੰਮੇ ਬੱਚਿਆਂ ਦੀ ਦੇਖਭਾਲ, ਛਾਤੀ ਦੇ ਦੁੱਧ ਦੀ ਮਹੱਤਤਾ, ਟੀਕਾਕਰਨ ਅਤੇ ਪਿੰਡਾਂ ਵਿੱਚ ਚਲਾਏ ਜਾ ਰਹੇ ਗੈਰ-ਸੰਚਾਰੀ ਰੋਗਾਂ ਦੀ ਸਕਰੀਨਿੰਗ ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ‘ਸੁਰੱਖਿਅਤ ਮਾਤਰਤਵ – ਹਰ ਮਾਂ ਦਾ ਅਧਿਕਾਰ’ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਕੈਂਪ ਦੌਰਾਨ ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਲਖਵਿੰਦਰ ਕੈੰਥ ਅਤੇ ਆਰਐੱਮਐੱਨਸੀਐੱਚ ਕੌਂਸਲਰ ਲਵਲੀ ਚਾਵਲਾ ਨੇ ਹਾਜ਼ਰ ਮਹਿਲਾਵਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ, ਬੱਚਿਆਂ ਦੇ ਸਹੀ ਵਾਧੇ ਅਤੇ ਵਿਕਾਸ, ਪਰਿਵਾਰ ਨਿਯੋਜਨ, ਲਿੰਗ ਅਨੁਪਾਤ ਸੁਧਾਰ ਅਤੇ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਅੰਤ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਫਰੀਦਕੋਟ ਡਾ. ਪੁਨੀਤ ਕਾਜਲ ਨੇ ਸਮੂਹ ਹਾਜ਼ਰੀਨ, ਗਰਭਵਤੀ ਮਹਿਲਾਵਾਂ ਅਤੇ ਸਿਹਤ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ, ਸੀਨੀਅਰ ਮੈਡੀਕਲ ਅਫ਼ਸਰ ਜੰਡ ਸਾਹਿਬ ਡਾ. ਅਰਸ਼ਦੀਪ ਸਿੰਘ ਬਰਾੜ, ਸੀਨੀਅਰ ਫਾਰਮੇਸੀ ਅਫ਼ਸਰ ਸੁਨੀਲ ਸਿੰਗਲਾ, ਗਾਇਨੀਕੋਲੋਜਿਸਟ ਡਾ. ਅਨੀਤਾ ਗੋਇਲ, ਫੈਸਿਲਿਟੀ ਮੈਨੇਜਰ ਵੀਰਪਾਲ ਕੌਰ, ਆਸ਼ਾ ਵਰਕਰਾਂ, ਨਰਸਿੰਗ ਵਿਦਿਆਰਥੀਆਂ ਅਤੇ ਵੱਡੀ ਗਿਣਤੀ ਵਿੱਚ ਗਰਭਵਤੀ ਮਹਿਲਾਵਾਂ ਹਾਜ਼ਰ ਸਨ।