- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਅਮੋਲਕ ਸਿੰਘ ਵੱਲੋਂ ਸਫ਼ਾਈ ਕਰਮਚਾਰੀਆਂ ਨੂੰ 50 ਹੱਥ ਰੇਹੜੀਆਂ ਵੰਡੀਆਂ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਸ਼ਹਿਰ ਵਿੱਚ ਸਫ਼ਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ, ਸੁਚੱਜਾ ਅਤੇ ਪ੍ਰਭਾਵਸ਼ਾਲੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਜੈਤੋ ਨਗਰ ਕੌਂਸਲ ਵੱਲੋਂ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਵਾਲੇ ਸਫ਼ਾਈ ਕਰਮਚਾਰੀਆਂ ਲਈ 50 ਨਵੀਆਂ ਹੱਥ ਰੇਹੜੀਆਂ ਉਪਲਬਧ ਕਰਵਾਈਆਂ ਗਈਆਂ। ਇਸ ਪਹਿਲ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਸਫ਼ਾਈ ਸੇਵਾਵਾਂ ਦੀ ਗਤੀ ਤੇ ਗੁਣਵੱਤਾ ਨੂੰ ਹੋਰ ਸੁਧਾਰਨਾ ਅਤੇ ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਸਮੇਂਬੱਧ ਤੇ ਪ੍ਰਭਾਵਸ਼ਾਲੀ ਬਣਾਉਣਾ ਹੈ। ਇਨ੍ਹਾਂ ਹੱਥ ਰੇਹੜੀਆਂ ਦੀ ਰਸਮੀ ਵੰਡ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਵਿਸ਼ੇਸ਼ ਤੌਰ ’ਤੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਸਫ਼ਾਈ ਕਰਮਚਾਰੀਆਂ ਨੂੰ ਰੇਹੜੀਆਂ ਸੌਂਪੀਆਂ ਅਤੇ ਉਨ੍ਹਾਂ ਦੀ ਮਿਹਨਤ, ਨਿਸ਼ਠਾ ਅਤੇ ਸਮਾਜ ਪ੍ਰਤੀ ਯੋਗਦਾਨ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਵਿਧਾਇਕ ਇੰਜੀ. ਅਮੋਲਕ ਸਿੰਘ ਨੇ ਕਿਹਾ ਕਿ ‘ਸਾਫ਼-ਸੁਥਰਾ, ਸੁੰਦਰ ਅਤੇ ਬਿਮਾਰੀ-ਰਹਿਤ ਜੈਤੋ’ ਬਣਾਉਣਾ ਪੰਜਾਬ ਸਰਕਾਰ ਦੀ ਸਿਰਮੌਰ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਨਵੀਆਂ ਰੇਹੜੀਆਂ ਦੇ ਸ਼ਾਮਲ ਹੋਣ ਨਾਲ ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਅਤੇ ਹਰ ਗਲੀ-ਮੁਹੱਲੇ ਤੱਕ ਸਫ਼ਾਈ ਸੇਵਾਵਾਂ ਨਿਰੰਤਰ ਤੇ ਸੁਚੱਜੇ ਢੰਗ ਨਾਲ ਪਹੁੰਚ ਸਕਣਗੀਆਂ। ਉਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਜ਼ਿੰਮੇਵਾਰੀ, ਲਗਨ ਅਤੇ ਨਿਯਮਿਤਤਾ ਨਾਲ ਆਪਣਾ ਕੰਮ ਜਾਰੀ ਰੱਖਣ, ਤਾਂ ਜੋ ਜੈਤੋ ਨੂੰ ਹੋਰ ਸਾਫ਼-ਸੁਥਰਾ, ਸੁੰਦਰ ਅਤੇ ਰਹਿਣ ਯੋਗ ਸ਼ਹਿਰ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਭਾਵਸ਼ਾਲੀ ਕੂੜਾ ਪ੍ਰਬੰਧਨ ਨਾਲ ਨਾ ਸਿਰਫ਼ ਸਫ਼ਾਈ ਵਿੱਚ ਸੁਧਾਰ ਆਵੇਗਾ, ਸਗੋਂ ਲੋਕਾਂ ਨੂੰ ਸਿਹਤਮੰਦ ਵਾਤਾਵਰਣ ਵੀ ਮਿਲੇਗਾ ਅਤੇ ਬਿਮਾਰੀਆਂ ਦੇ ਖ਼ਤਰੇ ਵਿੱਚ ਕਮੀ ਆਵੇਗੀ। ਇਸ ਮੌਕੇ ਨਗਰ ਕੌਂਸਲ ਦੇ ਇੰਸਪੈਕਟਰ ਨਾਇਬ ਸਿੰਘ ਬਰਾੜ ਸੇਵੇਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ 50 ਨਵੀਆਂ ਹੱਥ ਰੇਹੜੀਆਂ ਸਫ਼ਾਈ ਪ੍ਰਣਾਲੀ ਨੂੰ ਹੋਰ ਵਿਵਸਥਿਤ ਕਰਨ, ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਯਕੀਨੀ ਬਣਾਉਣ ਅਤੇ ਸ਼ਹਿਰ ਵਿੱਚ ਗੰਦਗੀ ਤੇ ਸੰਭਾਵਿਤ ਬਿਮਾਰੀਆਂ ਦੇ ਖ਼ਤਰੇ ਨੂੰ ਘਟਾਉਣ ਲਈ ਦਿੱਤੀਆਂ ਗਈਆਂ ਹਨ। ਸਮਾਗਮ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਨਵੀਆਂ ਹੱਥ ਰੇਹੜੀਆਂ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਕੰਮ ਵਿੱਚ ਆਸਾਨੀ, ਤੇਜ਼ੀ ਅਤੇ ਸੁਚਾਰੂਤਾ ਆਏਗੀ। ਉਨ੍ਹਾਂ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ਨਗਰ ਕੌਂਸਲ ਦਾ ਧੰਨਵਾਦ ਵੀ ਕੀਤਾ। ਸਮਾਪਤੀ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਮਨਿੰਦਰਪਾਲ ਸਿੰਘ ਨੇ ਭਰੋਸਾ ਦਿਵਾਇਆ ਕਿ ਜੈਤੋ ਨੂੰ ਆਦਰਸ਼ ਅਤੇ ਸਫ਼ਾਈ ਦੇ ਮਾਪਦੰਡਾਂ ’ਤੇ ਅੱਗੇ ਲਿਜਾਣ ਲਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਵਿਕਾਸਮੁਖੀ ਕਦਮ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਸ਼ਹਿਰ ਨੂੰ ਸੱਚਮੁੱਚ ਸਾਫ਼, ਸੁੰਦਰ ਅਤੇ ਸਿਹਤਮੰਦ ਬਣਾਇਆ ਜਾ ਸਕੇ। ਇਸ ਮੌਕੇ ਕੌਂਸਲਰ ਲਖਵਿੰਦਰ ਸਿੰਘ ‘ਲੱਖਾ ਬਰਾੜ’, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ, ਕਲੈਰੀਕਲ ਯੂਨੀਅਨ ਜੈਤੋ ਦੇ ਪ੍ਰਧਾਨ ਕੋਮਲ ਕੁਮਾਰ ‘ਸੋਨੂੰ ਸ਼ਰਮਾ’, ਸਫ਼ਾਈ ਸੇਵਕ ਯੂਨੀਅਨ ਜੈਤੋ ਦੇ ਪ੍ਰਧਾਨ ਰਾਕੇਸ਼ ਕੁਮਾਰ ਰਿੰਕੂ ਆਦਿ ਹਾਜ਼ਰ ਸਨ।