- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਮਿਲਣੀ ਪ੍ਰੋਗਰਾਮ ਦੌਰਾਨ ਦਬੜ੍ਹੀਖਾਨਾ ਵਿਖੇ ਵਿਧਾਇਕ ਅਮੋਲਕ ਸਿੰਘ ਹੋਏ ਲੋਕਾਂ ਦੇ ਰੂਬਰੂ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਮੰਤਵ ਨਾਲ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੇ ਗਏ ‘ਲੋਕ ਮਿਲਣੀ ਪ੍ਰੋਗਰਾਮ’ ਤਹਿਤ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਦਬੜ੍ਹੀਖਾਨਾ, ਜ਼ਿਲ੍ਹਾ ਫ਼ਰੀਦਕੋਟ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਹਲਕਾ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਵਿਰੋਧੀ ਧਿਰਾਂ ਚਿੰਤਾ ਵਿੱਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਸਹੂਲਤਾਂ ਦਾ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ 600 ਯੂਨਿਟ ਪ੍ਰਤੀ ਬਿੱਲ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ, ਜਿਸ ਸਦਕਾ ਅੱਜ 85 ਫ਼ੀਸਦੀ ਤੋਂ ਵੱਧ ਪਰਿਵਾਰਾਂ ਨੂੰ ਬਿਜਲੀ ਦੇ ਬਿੱਲਾਂ ਵਿੱਚ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ’ ਯੋਜਨਾ ਤਹਿਤ ਜਨਰਲ ਜਾਤੀ ਨਾਲ ਸਬੰਧਿਤ ਮਹਿਲਾਵਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਮਹਿਲਾਵਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਆਉਣੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਲਈ ਵੱਡੇ ਪੱਧਰ ’ਤੇ ਰਜਿਸਟ੍ਰੇਸ਼ਨ ਦਾ ਕੰਮ ਜਾਰੀ ਹੈ ਅਤੇ ਯੋਗ ਮਾਤਾਵਾਂ-ਭੈਣਾਂ ਨੂੰ ਇਸ ਦਾ ਲਾਭ ਦਿੱਤਾ ਜਾ ਰਿਹਾ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਲਕਾ ਜੈਤੋ ਦੀ ਵਿਕਾਸ ਪੱਖੋਂ ਨੁਹਾਰ ਬਦਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨਾਲ-ਨਾਲ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੀ ਸਰਕਾਰ ਵੱਲੋਂ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਆਮ ਤੌਰ ’ਤੇ ਸਰਕਾਰ ਦੇ ਕਾਰਜਕਾਲ ਦੇ ਆਖ਼ਰੀ ਸਾਲਾਂ ਵਿੱਚ ਲੋਕਾਂ ਦਾ ਇਕੱਠ ਕਰਨਾ ਮੁਸ਼ਕਲ ਹੋ ਜਾਂਦਾ ਹੈ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਕਾਰਨ ਪਿੰਡ ਦਬੜ੍ਹੀਖਾਨਾ ਵਿਖੇ ਲੋਕਾਂ ਦਾ ਵੱਡਾ ਇਕੱਠ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਵਿਸ਼ਵਾਸ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਹੈ ਅਤੇ ਲੋਕਾਂ ਦੇ ਕੰਮ ਕਰਨਾ ਸਰਕਾਰ ਦੇ ਹਰ ਨੁਮਾਇੰਦੇ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰਾਂ, ਸਮਰਥਕਾਂ, ਵਿਧਾਇਕਾਂ, ਮੰਤਰੀਆਂ ਅਤੇ ਮੁੱਖ ਮੰਤਰੀ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅੰਤ ਵਿੱਚ ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਦੀਪ ਸਿੰਘ ਢਿੱਲੋਂ ਨੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ਪਹੁੰਚੇ ਹੋਏ ਸਮੂਹ ਆਗੂਆਂ ਤੇ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ਬਲਾਕ ਸੰਮਤੀ ਮੈਂਬਰ ਚਰਨਜੀਵ ਸਿੰਘ ‘ਟੋਨੀ ਢਿੱਲੋਂ’, ਬਲਾਕ ਕੋਆਰਡੀਨੇਟਰ ਲਖਵਿੰਦਰ ਕੌਰ, ਸਰਪੰਚ ਰਾਜਨ ਸਿੰਘ ਫ਼ਤਹਿਗੜ੍ਹ, ਸਰਪੰਚ ਅਜੈਬ ਸਿੰਘ ਕੋਠੇ ਮਹਿਲੜ੍ਹ, ਸਰਪੰਚ ਮੁਖਤਿਆਰ ਸਿੰਘ ਕੋਠੇ ਬੰਬੀਹੇ ਵਾਲੇ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ), ਪੰਚ ਮੰਦਰ ਸਿੰਘ, ਪੰਚ ਤਲਵਿੰਦਰ ਸਿੰਘ, ਪੰਚ ਸੱਤਪਾਲ ਸਿੰਘ, ਪੰਚ ਨਛੱਤਰ ਸਿੰਘ, ਪੰਚ ਕਰਮਜੀਤ ਕੌਰ, ਪੰਚ ਗੁਰਮੀਤ ਕੌਰ, ਪੰਚ ਰਵਿੰਦਰ ਕੌਰ, ਰੁਪਿੰਦਰ ਸਿੰਘ ਢਿੱਲੋਂ, ਹਰਗੋਬਿੰਦਪਾਲ ਸਿੰਘ ‘ਗੋਵਿੰਦਾ ਢਿੱਲੋਂ’, ਕੁਲਵਿੰਦਰ ਸਿੰਘ ‘ਰਾਜਾ ਢਿੱਲੋਂ’, ਨੰਬਰਦਾਰ ਸੁਖਪਾਲ ਸਿੰਘ ਢਿੱਲੋਂ, ਸ਼ਿਵਰਾਜ ਸਿੰਘ ਢਿੱਲੋਂ, ਇਕਬਾਲ ਸਿੰਘ ਬਰਾੜ, ਨਵਦੀਪ ਸਿੰਘ ‘ਮੋਨੂੰ ਰੱਤੂ’, ਜਤਿੰਦਰ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।