- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਨ.ਐੱਚ-54 ਤੋਂ ਜੈਤੋ-ਬਾਜਾਖਾਨਾ ਰੋਡ ਨੂੰ 18 ਫੁੱਟ ਚੌੜਾ ਕਰਨ ਦੇ ਪ੍ਰੋਜੈਕਟ ਦਾ ਵਿਧਾਇਕ ਅਮੋਲਕ ਸਿੰਘ ਨੇ ਰੱਖਿਆ ਨੀਂਹ ਪੱਥਰ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਦੇ ਵਿਕਾਸ ਨੂੰ ਲਗਾਤਾਰ ਅੱਗੇ ਵਧਾਉਂਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਵੱਲੋਂ ਇਲਾਕੇ ਦੇ ਲੋਕਾਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦਿੱਤਾ ਗਿਆ। ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਬਣੀ ਹੋਈ ਐੱਨ.ਐੱਚ-54 ਤੋਂ ਬਰਗਾੜੀ, ਪਿੰਡ ਰਣ ਸਿੰਘ ਵਾਲਾ ਰਾਹੀਂ ਜੈਤੋ-ਬਾਜਾਖਾਨਾ ਰੋਡ ਨੂੰ ਚੌੜਾ ਕਰਨ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਨੀਂਹ ਪੱਥਰ ਰੱਖਿਆ। ਇਸ ਪ੍ਰੋਜੈਕਟ ਤਹਿਤ ਮੌਜੂਦਾ 10 ਫੁੱਟ ਚੌੜੀ ਸੜਕ ਨੂੰ ਵਧਾ ਕੇ 18 ਫੁੱਟ ਕੀਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ, ਸੁਰੱਖਿਅਤ ਅਤੇ ਸੁਚਾਰੂ ਸਹੂਲਤ ਮਿਲੇਗੀ। ਇਸ ਸੜਕ ਦੇ ਨਿਰਮਾਣ ਨਾਲ ਜੈਤੋ ਹਲਕੇ ਦੇ ਕਈ ਪਿੰਡਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਘੱਟ ਹੋਣਗੀਆਂ। ਨੀਂਹ ਪੱਥਰ ਰੱਖਣ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਕਿਸੇ ਵੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਮਜ਼ਬੂਤ ਸੜਕੀ ਢਾਂਚਾ ਬਹੁਤ ਜ਼ਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਜੈਤੋ ਹਲਕੇ ਵਿੱਚ ਵੀ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਚੌੜੀਕਰਨ ਨਾਲ ਨਾ ਸਿਰਫ਼ ਸਫ਼ਰ ਆਸਾਨ ਅਤੇ ਸਮੇਂ ਦੀ ਬਚਤ ਵਾਲਾ ਹੋਵੇਗਾ, ਸਗੋਂ ਸੜਕ ਹਾਦਸਿਆਂ ਦੇ ਖ਼ਤਰੇ ਵਿੱਚ ਵੀ ਕਮੀ ਆਉਣ ਦੀ ਸੰਭਾਵਨਾ ਹੈ। ਬਿਹਤਰ ਸੜਕੀ ਸੰਪਰਕ ਕਾਰਨ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਵਿਧਾਇਕ ਇੰਜੀ. ਅਮੋਲਕ ਸਿੰਘ ਨੇ ਕਿਹਾ ਕਿ ਪਿੰਡ ਰਣ ਸਿੰਘ ਵਾਲਾ, ਝੱਖੜਵਾਲਾ ਅਤੇ ਆਸ-ਪਾਸ ਦੇ ਹੋਰ ਪਿੰਡਾਂ ਦੇ ਲੋਕ ਲੰਬੇ ਸਮੇਂ ਤੋਂ ਇਸ ਸੜਕ ਨੂੰ ਚੌੜਾ ਕਰਨ ਦੀ ਮੰਗ ਕਰ ਰਹੇ ਸਨ। ਹੁਣ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਆਵਾਜਾਈ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਚੰਗੀਆਂ ਸੜਕਾਂ ਨਾਲ ਪਿੰਡਾਂ ਦਾ ਸ਼ਹਿਰਾਂ ਨਾਲ ਸੰਪਰਕ ਮਜ਼ਬੂਤ ਹੁੰਦਾ ਹੈ ਅਤੇ ਖੇਤੀਬਾੜੀ ਤੇ ਵਪਾਰਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਕਾਸ ਸਿਰਫ਼ ਇਮਾਰਤਾਂ ਅਤੇ ਸੜਕਾਂ ਬਣਾਉਣ ਤੱਕ ਸੀਮਿਤ ਨਹੀਂ ਹੁੰਦਾ, ਸਗੋਂ ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਵੀ ਵਿਕਾਸ ਦਾ ਅਹਿਮ ਹਿੱਸਾ ਹੈ। ਇਸੇ ਸੋਚ ਤਹਿਤ ਜੈਤੋ ਹਲਕੇ ਦੇ ਹਰ ਪਿੰਡ ਵਿੱਚ ਜ਼ਰੂਰੀ ਸਹੂਲਤਾਂ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੜਕ ਦੇ ਚੌੜੀਕਰਨ ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ। ਲੋਕਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਜਿੱਥੇ ਆਵਾਜਾਈ ਸੁਖਾਲੀ ਹੋਵੇਗੀ, ਉੱਥੇ ਇਲਾਕੇ ਦੇ ਵਿਕਾਸ ਨੂੰ ਵੀ ਨਵੀਂ ਰਫ਼ਤਾਰ ਮਿਲੇਗੀ। ਸਮਾਗਮ ਦੌਰਾਨ ਹਾਜ਼ਰ ਲੋਕਾਂ ਨੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਇਸ ਪ੍ਰੋਜੈਕਟ ਦੇ ਜਲਦੀ ਮੁਕੰਮਲ ਹੋਣ ਨਾਲ ਜੈਤੋ ਹਲਕੇ ਦੇ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ। ਨੀਂਹ ਪੱਥਰ ਸਮਾਗਮ ਦੌਰਾਨ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ, ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਵਾਈਸ ਚੇਅਰਮੈਨ ਤੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਪੰਜਾਬ ਦੇ ਸੂਬਾ ਸਕੱਤਰ ਗੁਰਭੇਜ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।