ਜਲ ਜੀਵਨ ਮਿਸ਼ਨ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਵਿਧਾਇਕ ਸੇਖੋਂ ਨੇ ਜਲ ਜੀਵਨ ਮਿਸ਼ਨ ਦੇ ਕੰਮਾਂ ਦੀ ਪ੍ਰਗਤੀ ਅਤੇ ਨਵੇਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਕੀਤੀ ਮੀਟਿੰਗ
Publish Date: Mon, 02 Mar 2026 04:25 PM (IST)
Updated Date: Tue, 03 Mar 2026 04:02 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਰੀਦਕੋਟ : ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਕਮੇਟੀ ਦੀ ਮੀਟਿੰਗ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਿਧਾਇਕ ਸੇਖੋਂ ਨੇ ਜਲ ਜੀਵਨ ਮਿਸ਼ਨ ਦੇ ਕੰਮਾਂ ਦੀ ਪ੍ਰਗਤੀ ਅਤੇ ਨਵੇਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ, ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ, ਘਰੇਲੂ ਅਤੇ ਜਨਤਕ ਪਖਾਨੇ, ਬਲਾਕ ਪੱਧਰੀ ਪਲਾਸਟਿਕ ਕੂੜਾ ਪ੍ਰਬੰਧਨ ਯੂਨਿਟ ਆਦਿ ਮੱਦਾਂ ਅਧੀਨ ਉਸਾਰੀਆਂ ਜਾ ਰਹੀਆਂ ਅਤੇ ਨਵੀਆਂ ਉਸਾਰੀਆਂ ਜਾਣ ਵਾਲੀਆਂ ਸਕੀਮਾਂ ਬਾਰੇ ਵਿਸਤਰਤ ਰੂਪ ਵਿੱਚ ਵਿਚਾਰ ਵਟਾਂਦਰਾ ਕੀਤਾ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਲੋਕ-ਹਿਤੈਸ਼ੀ ਵਿਕਾਸ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿਚ ਵੱਡੀ ਗਿਣਤੀ ਵਿੱਚ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਅੱਗੇ ਵੀ ਵਿਕਾਸ ਕਾਰਜ ਜਾਰੀ ਹਨ ਜਿਨ੍ਹਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਪਿੰਡਾਂ ਵਿਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਰਾਹੀਂ ਹਰੇਕ ਪਿੰਡ ਨੂੰ ਓ.ਡੀ.ਐੱਫ. ਪਲੱਸ ਮਾਡਲ ਪਿੰਡ ਬਣਾਉਣ ਵਿਚ ਵੱਖ-ਵੱਖ ਵਿਭਾਗਾਂ ਦੇ ਆਪਸੀ ਸਹਿਯੋਗ ਦੇ ਨਾਲ-ਨਾਲ ਆਮ ਲੋਕਾਂ ਦੀ ਬਹੁਤ ਹੀ ਅਹਿਮ ਭੂਮਿਕਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ੀ ਨਾਲ ਕੰਮ ਕਰਵਾਏ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਮਲਹੋਤਰਾ, ਸ਼ਮਿੰਦਰ ਸਿੰਘ ਐਕਸੀਅਨ, ਸੁਰਜੀਤ ਸਿੰਘ ਮੱਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਹਰਸ਼ਮਿੰਦਰ ਸਿੰਘ ਐਸ.ਡੀ.ਓ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਬੀ.ਡੀ.ਪੀ.ਓ ਫ਼ਰੀਦਕੋਟ ਨੱਥਾ ਸਿੰਘ, ਬੀ.ਡੀ.ਪੀ.ਓ ਕੋਟਕਪੂਰਾ ਵਿਕਾਸ ਕੁਮਾਰ, ਬੀ.ਡੀ.ਪੀ.ਓ ਜੈਤੋ ਇਕਬਾਲ ਸਿੰਘ, ਪਵਨ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ, ਡਾਕਟਰ ਹਿਮਾਂਸ਼ੂ ਗੁਪਤਾ ਜਿਲਾ ਹੈਲਥ ਅਫਸਰ, ਗੁਰਪ੍ਰੀਤ ਸਿੰਘ ਜੇ.ਈ, ਖੁਸ਼ਵੰਤ ਸਿੰਘ ਜੇ.ਈ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।