
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਲੜਕੀਆਂ ਦੇ ਹੋਸਟਲ ਬਲਾਕ ਦੀ ਪਹਿਲੀ ਮੰਜ਼ਿਲ ਦਾ ਉਦਘਾਟਨ ਵਿਧਾਇਕ ਸੇਖੋਂ ਨੇ ਕੀਤਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਰੀਦਕੋਟ : ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਲੜਕੀਆਂ ਦੇ ਹੋਸਟਲ ਬਲਾਕ ਦੀ ਪਹਿਲੀ ਮੰਜ਼ਿਲ ਦਾ ਉਦਘਾਟਨ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਬੱਚੇ ਤੱਕ ਮਿਆਰੀ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਾਇਮਰੀ ਸਿੱਖਿਆ ਤੋਂ ਲੈ ਕੇ ਮੈਡੀਕਲ, ਬੀ.ਐੱਡ., ਖੇਤੀਬਾੜੀ, ਆਈ.ਟੀ. ਅਤੇ ਹੋਰ ਉੱਚ ਸਿੱਖਿਆ ਦੇ ਖੇਤਰਾਂ ਵਿੱਚ ਵਿਦਿਆਰਥੀਆਂ ਲਈ ਬਿਹਤਰ ਮੌਕੇ ਅਤੇ ਸਹੂਲਤਾਂ ਪੈਦਾ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੂਰ-ਦੁਰਾਡੇ ਪਿੰਡਾਂ ਤੋਂ ਸ਼ਹਿਰਾਂ ਵਿੱਚ ਪੜ੍ਹਾਈ ਲਈ ਆਉਣ ਵਾਲੀਆਂ ਵਿਦਿਆਰਥਣਾਂ ਲਈ ਸੁਰੱਖਿਅਤ ਅਤੇ ਸੁਚੱਜੀ ਰਿਹਾਇਸ਼ ਦੀ ਸਹੂਲਤ ਬਹੁਤ ਜ਼ਰੂਰੀ ਹੈ। ਇਸੇ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਹੋਸਟਲ ਬਲਾਕ ਦੀ ਪਹਿਲੀ ਮੰਜ਼ਿਲ ਤਿਆਰ ਕੀਤੀ ਗਈ ਹੈ, ਜਿਸ ਨਾਲ ਵਿਦਿਆਰਥਣਾਂ ਨੂੰ ਵੱਡੀ ਰਾਹਤ ਮਿਲੇਗੀ। ਵਿਧਾਇਕ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਵਿਸ਼ੇਸ਼ ਕੋਸ਼ਿਸ਼ ਹੈ ਕਿ ਵਿਕਾਸ ਕਾਰਜ ਸਿਰਫ਼ ਨੀਂਹ ਪੱਥਰ ਰੱਖਣ ਤੱਕ ਸੀਮਤ ਨਾ ਰਹਿਣ, ਸਗੋਂ ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਅਮਲੀ ਰੂਪ ਦੇ ਕੇ ਲੋਕਾਂ ਨੂੰ ਸਿੱਧੇ ਤੌਰ ਤੇ ਉਨ੍ਹਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੋਸਟਲ ਦੀ ਇਹ ਸਹੂਲਤ ਕੇਵਲ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਦੀਆਂ ਵਿਦਿਆਰਥਣਾਂ ਤੱਕ ਹੀ ਸੀਮਤ ਨਹੀਂ ਰਹੇਗੀ, ਸਗੋਂ ਜ਼ਰੂਰਤ ਅਤੇ ਨਿਯਮਾਂ ਅਨੁਸਾਰ ਹੋਰ ਵਿਦਿਅਕ ਸੰਸਥਾਵਾਂ ਜਿੰਨਾ ਵਿੱਚ ਬਰਜਿੰਦਰਾ ਕਾਲਜ, ਡਾਇਟ, ਬੀ.ਐੱਡ., ਐਗਰੀਕਲਚਰ ਅਤੇ ਆਈ.ਟੀ. ਆਦਿ ਸੰਸਥਾਵਾਂ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਲਈ ਵੀ ਇਸ ਸਹੂਲਤ ਦਾ ਲਾਭ ਲੈਣ ਦੀ ਵਿਵਸਥਾ ਕੀਤੀ ਗਈ ਹੈ। ਵਿਧਾਇਕ ਸੇਖੋਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਸੁਰੱਖਿਅਤ ਰਿਹਾਇਸ਼, ਬਿਹਤਰ ਬੁਨਿਆਦੀ ਢਾਂਚਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮਿਲਣਗੀਆਂ ਤਾਂ ਉਹ ਆਪਣੀ ਪੜ੍ਹਾਈ ਤੇ ਹੋਰ ਵਧੀਆ ਢੰਗ ਨਾਲ ਧਿਆਨ ਕੇਂਦਰਿਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਮਕਸਦ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਬਿਹਤਰ ਮਾਹੌਲ ਮੁਹੱਈਆ ਕਰਵਾਉਣਾ ਹੈ, ਤਾਂ ਜੋ ਪੰਜਾਬ ਦੇ ਬੱਚੇ ਹਰ ਖੇਤਰ ਵਿੱਚ ਅੱਗੇ ਵਧ ਸਕਣ ਅਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ ਬਾਬਾ, ਪ੍ਰਿੰ. ਰਾਜੇਸ਼ ਮੋਹਨ, ਸਰਬਜੀਤ ਸਿੰਘ ਬਰਾੜ ਚੇਅਰਮੈਨ ਬਲਾਕ ਸੰਮਤੀ, ਰਣਜੀਤ ਸਿੰਘ, ਬੀਰਿੰਦਰ ਸਿੰਘ, ਅਮਰਜੀਤ ਸਿੰਘ ਪਰਮਾਰ ਤੋਂ ਇਲਾਵਾ ਹੋਰ ਹਾਜ਼ਰ ਸਨ।