ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ ਦੇ ਫੈਸਲੇ ਦੀ ਸ਼ਲਾਘਾ
ਔਰਤਾਂ ਨੂੰ 1000 ਰੁਪਏ ਮਹੀਨਾ ਦੇਣਾ ਸਰਕਾਰ ਦਾ ਇਤਿਹਾਸਕ ਕਦਮ : ਡਾ. ਹਰਪਾਲ ਸਿੰਘ ਢਿੱਲਵਾਂ
Publish Date: Sun, 15 Mar 2026 04:29 PM (IST)
Updated Date: Mon, 16 Mar 2026 04:04 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਨੈਸ਼ਨਲ ਅਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਸਰਕਾਰ ਨੇ ਰਾਜ ਦੀਆਂ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਇਤਿਹਾਸਕ ਫ਼ੈਸਲਾ ਲਿਆ ਹੈ। ਡਾ. ਹਰਪਾਲ ਸਿੰਘ ਢਿੱਲਵਾਂ ਨੇ ਦੱਸਿਆ ਕਿ ਇਸ ਯੋਜਨਾ ਦੇ ਤਹਿਤ 18 ਸਾਲ ਤੋਂ ਵੱਧ ਉਮਰ ਦੀ ਜਨਰਲ ਕੈਟਾਗਰੀ ਦੀਆਂ ਮਾਵਾਂ-ਭੈਣਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਔਰਤਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਡਾ. ਹਰਪਾਲ ਸਿੰਘ ਢਿੱਲਵਾਂ ਨੇ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ ਲਈ ਸਰਕਾਰ ਵੱਲੋਂ ਲਗਭਗ 9300 ਕਰੋੜ ਰੁਪਏ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ, ਜੋ ਔਰਤਾਂ ਦੇ ਸਸ਼ਕਤੀਕਰਨ ਦੀ ਦਿਸ਼ਾ ਵੱਲ ਇਕ ਵੱਡਾ ਕਦਮ ਹੈ। ਡਾ. ਹਰਪਾਲ ਸਿੰਘ ਢਿੱਲਵਾਂ ਨੇ ਦੱਸਿਆ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਵਿਸਾਖੀ ਦੇ ਸ਼ੁੱਭ ਮੌਕੇ ’ਤੇ ਸ਼ੁਰੂ ਕੀਤੀ ਜਾਵੇਗੀ ਅਤੇ ਸਰਕਾਰ ਦਾ ਟੀਚਾ ਹੈ ਕਿ ਜਲਦੀ ਤੋਂ ਜਲਦੀ ਯੋਗ ਮਹਿਲਾਵਾਂ ਦੇ ਖ਼ਾਤਿਆਂ ਵਿਚ ਇਹ ਰਕਮ ਪਹੁੰਚਾਈ ਜਾਵੇ। ਢਿੱਲਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਮਹਿਲਾਵਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਦਿਆਂ ਵਿਸ਼ਵ ਮਹਿਲਾ ਦਿਵਸ ਦੇ ਮੌਕੇ ’ਤੇ ਰਾਜ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ।