- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
15 ਅਗਸਤ ਤੋਂ ਮਿਲੇਗਾ 10 ਹਜ਼ਾਰ ਰੁਪਏ ਮਹੀਨਾਵਾਰ ਮਾਣਭੱਤਾ : ਧਰਮਜੀਤ ਰਾਮੇਆਣਾ/ਲਛਮਣ ਭਗਤੂਆਣਾ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਪੰਚਾਇਤਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਸਰਪੰਚਾਂ ਲਈ ਵੱਡਾ ਐਲਾਨ ਕੀਤਾ ਹੈ। ਸੂਬਾ ਸਰਕਾਰ ਵੱਲੋਂ 15 ਅਗਸਤ ਤੋਂ ਹਰ ਸਰਪੰਚ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫ਼ੈਸਲੇ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲਣ ਅਤੇ ਪੰਚਾਇਤੀ ਪ੍ਰਬੰਧ ਨੂੰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਇਸ ਫ਼ੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਤੇ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ ਅਤੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਜ਼ਮੀਨੀ ਪੱਧਰ ’ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਪੰਚ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਵਿਕਾਸ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਸਭ ਤੋਂ ਅਹਿਮ ਭੂਮਿਕਾ ਨਿਭਾਉਂਦੇ ਹਨ। ਸਰਪੰਚਾਂ ਨੂੰ ਦਿੱਤਾ ਜਾਣ ਵਾਲਾ ਇਹ ਮਾਣਭੱਤਾ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦੇਵੇਗਾ। ਧਰਮਜੀਤ ਸਿੰਘ ਰਾਮੇਆਣਾ ਅਤੇ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਸਰਪੰਚਾਂ ਦੀ ਅਹਿਮ ਭੂਮਿਕਾ ਨੂੰ ਮਾਨਤਾ ਦੇਣ ਵਾਲਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਰਪੰਚਾਂ ਦੀ ਸਰਗਰਮ ਭੂਮਿਕਾ ਬਹੁਤ ਜ਼ਰੂਰੀ ਹੈ। ਸਰਕਾਰ ਵੱਲੋਂ ਦਿੱਤਾ ਜਾਣ ਵਾਲਾ ਮਾਣਭੱਤਾ ਨਾ ਸਿਰਫ਼ ਉਨ੍ਹਾਂ ਨੂੰ ਉਤਸ਼ਾਹਿਤ ਕਰੇਗਾ, ਸਗੋਂ ਪਿੰਡ ਪੱਧਰ ’ਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਧਰਮਜੀਤ ਸਿੰਘ ਰਾਮੇਆਣਾ ਅਤੇ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਏ ਜਾ ਰਹੇ ਲੋਕ-ਹਿਤੈਸ਼ੀ ਫ਼ੈਸਲਿਆਂ ਨਾਲ ਆਮ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋ ਰਿਹਾ ਹੈ। 15 ਅਗਸਤ ਤੋਂ ਸ਼ੁਰੂ ਹੋਣ ਵਾਲੀ ਇਹ ਵਿਵਸਥਾ ਸੂਬੇ ਦੀਆਂ ਪੰਚਾਇਤਾਂ ਨੂੰ ਹੋਰ ਸਰਗਰਮ ਕਰੇਗੀ ਅਤੇ ਪੰਜਾਬ ਦੇ ਪਿੰਡਾਂ ਨੂੰ ਵਿਕਾਸ ਦੀ ਦਿਸ਼ਾ ਵਿੱਚ ਹੋਰ ਅੱਗੇ ਲੈ ਕੇ ਜਾਵੇਗੀ।