- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਪੰਜਾਬ ਸਰਕਾਰ ਦੀ ਵੱਡੀ ਪਹਿਲ : ‘ਆਪ’ ਆਗੂ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਔਰਤ ਵਰਗ ਦੇ ਸਸ਼ਕਤੀਕਰਨ ਵੱਲ ਇੱਕ ਅਹਿਮ ਕਦਮ ਕਰਾਰ ਦਿੱਤਾ ਹੈ। ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਨੈਸ਼ਨਲ ਅਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਦੇ ਸਾਬਕਾ ਨਿੱਜੀ ਸਹਾਇਕ ਅਤੇ ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਵਾਈਸ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ ਅਤੇ ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ ਤੇ ਪਿੰਡ ਢੈਪਈ ਦੇ ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮਾਣ-ਸਨਮਾਨ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਰਾਹੀਂ ਪੰਜਾਬ ਦੀਆਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਮਿਲੇਗੀ, ਜਿਸ ਨਾਲ ਉਹ ਆਪਣੇ ਪਰਿਵਾਰਕ ਜੀਵਨ ਵਿੱਚ ਹੋਰ ਮਜ਼ਬੂਤ ਭੂਮਿਕਾ ਨਿਭਾ ਸਕਣਗੀਆਂ। ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਹੋਰ ਸਨਮਾਨ ਦਿਵਾਉਣਾ ਹੈ। ਇਸ ਮੌਕੇ ਡਾ. ਹਰਪਾਲ ਸਿੰਘ ਢਿੱਲਵਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਅਤੇ ਲੋਕ-ਹਿੱਤ ਨਾਲ ਜੁੜੀਆਂ ਹੋਰ ਯੋਜਨਾਵਾਂ ਸਰਕਾਰ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੀਆਂ ਹਨ। ਇਸ ਮੌਕੇ ਪ੍ਰੋ. ਗੁਰਸੇਵਕ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕਾਂ ਨਾਲ ਕਈ ਵਾਅਦੇ ਕੀਤੇ ਗਏ, ਪਰ ਅਮਲ ਘੱਟ ਹੋਇਆ। ਇਸ ਦੇ ਉਲਟ ਮੌਜੂਦਾ ਸਰਕਾਰ ਨੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਮਿਲਣ ਵਾਲੀ ਸਹਾਇਤਾ ਨਾਲ ਘਰਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਆਵੇਗਾ ਅਤੇ ਪਰਿਵਾਰਾਂ ਨੂੰ ਮਜ਼ਬੂਤੀ ਮਿਲੇਗੀ। ਇਸ ਮੌਕੇ ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’ ਨੇ ਕਿਹਾ ਕਿ ਪਿੰਡਾਂ ਵਿੱਚ ਰਹਿਣ ਵਾਲੀਆਂ ਮਹਿਲਾਵਾਂ ਲਈ ਅਜਿਹੀਆਂ ਯੋਜਨਾਵਾਂ ਵਿਸ਼ੇਸ਼ ਮਹੱਤਵ ਰੱਖਦੀਆਂ ਹਨ, ਕਿਉਂਕਿ ਇਸ ਨਾਲ ਉਨ੍ਹਾਂ ਦੀ ਭਾਗੀਦਾਰੀ ਸਮਾਜਿਕ ਅਤੇ ਆਰਥਿਕ ਖੇਤਰਾਂ ਵਿੱਚ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਲੋਕਾਂ ਦੇ ਨੇੜੇ ਲਿਆਉਣ ਲਈ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਵੀ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਲਈ ਲਾਭਦਾਇਕ ਸਾਬਤ ਹੋ ਰਹੇ ਹਨ। ‘ਆਪ’ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੀ ਨਵੀਂ ਦਿਸ਼ਾ ਤਿਆਰ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਆਮ ਲੋਕਾਂ ਨੂੰ ਰਾਹਤ ਮਿਲ ਰਹੀ ਹੈ ਅਤੇ ਪੰਜਾਬ ਤਰੱਕੀ ਦੇ ਰਸਤੇ ’ਤੇ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਿਰਫ਼ ਆਰਥਿਕ ਸਹਾਇਤਾ ਦੀ ਯੋਜਨਾ ਨਹੀਂ, ਸਗੋਂ ਔਰਤਾਂ ਦੇ ਸਨਮਾਨ, ਅਧਿਕਾਰ ਅਤੇ ਸਮਾਜ ਵਿੱਚ ਉਨ੍ਹਾਂ ਦੀ ਮਹੱਤਤਾ ਨੂੰ ਮਜ਼ਬੂਤ ਕਰਨ ਵਾਲੀ ਪਹਿਲ ਹੈ।