- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾ ਸਸ਼ਕਤੀਕਰਨ ਵੱਲ ਇਤਿਹਾਸਕ ਕਦਮ : ‘ਆਪ’ ਆਗੂ

ਭੋਲਾ ਸ਼ਰਮਾ (ਪੱਤਰ ਪ੍ਰੇਰਕ), ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਪੰਜਾਬ ਦੀਆਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸਨਮਾਨ ਨੂੰ ਨਵੀਂ ਦਿਸ਼ਾ ਦੇਣ ਵਾਲਾ ਇਤਿਹਾਸਕ ਉਪਰਾਲਾ ਕਰਾਰ ਦਿੰਦਿਆਂ ਵਿਧਾਨ ਸਭਾ ਹਲਕਾ ਜੈਤੋ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਸ ਦਾ ਨਿੱਘਾ ਸਵਾਗਤ ਕੀਤਾ ਹੈ। ‘ਆਪ’ ਆਗੂਆਂ ਦਾ ਕਹਿਣਾ ਹੈ ਕਿ ਇਹ ਯੋਜਨਾ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ ਅਤੇ ਸੂਬੇ ਦੀਆਂ ਲੱਖਾਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇੱਕ ਸਾਂਝੇ ਬਿਆਨ ਰਾਹੀਂ ‘ਨਸ਼ਾ ਮੁਕਤੀ ਮੋਰਚਾ’ ਮੁਹਿੰਮ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ, ਨਗਰ ਕੌਂਸਲ ਜੈਤੋ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੇ ਮੌਜੂਦਾ ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ, ਬਲਾਕ ਸੰਮਤੀ ਮੈਂਬਰ ਚਰਨਜੀਵ ਸਿੰਘ ‘ਟੋਨੀ ਢਿੱਲੋਂ’ ਦਬੜ੍ਹੀਖਾਨਾ, ‘ਆਪ’ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਜੈਤੋ ਦੇ ਡਾਇਰੈਕਟਰ ਤੇ ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ‘ਆਪ’ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ ਅਤੇ ‘ਆਪ’ ਯੂਥ ਵਿੰਗ ਬਲਾਕ ਜੈਤੋ ਦੇ ਕੋਆਰਡੀਨੇਟਰ ਨੰਬਰਦਾਰ ਸੰਦੀਪ ਸਿੰਘ ਬਰਾੜ ਰੋੜੀਕਪੂਰਾ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ, ਸੁਰੱਖਿਆ ਅਤੇ ਆਰਥਿਕ ਖੁਦਮੁਖਤਿਆਰੀ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਪੱਖੀ ਫ਼ੈਸਲੇ ਲੈ ਰਹੀ ਹੈ। ‘ਆਪ’ ਆਗੂਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਯੋਗ ਆਮ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਰਾਸ਼ੀ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਸਵੈ-ਨਿਰਭਰਤਾ ਨੂੰ ਵੀ ਨਵੀਂ ਤਾਕਤ ਪ੍ਰਦਾਨ ਕਰੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਜੁਲਾਈ ਨੂੰ ਸੂਬੇ ਭਰ ਦੀਆਂ ਯੋਗ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਰਕਮ ਇੱਕਮੁਸ਼ਤ ਜਮ੍ਹਾਂ ਕਰਵਾਈ ਜਾਵੇਗੀ। ਇਸ ਫ਼ੈਸਲੇ ਨਾਲ ਮਹਿਲਾਵਾਂ ਨੂੰ ਤੁਰੰਤ ਆਰਥਿਕ ਸਹਾਰਾ ਮਿਲੇਗਾ ਅਤੇ ਉਨ੍ਹਾਂ ਦੀਆਂ ਘਰੇਲੂ ਲੋੜਾਂ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਆਰਥਿਕ ਸਹਾਇਤਾ ਤੱਕ ਸੀਮਤ ਨਹੀਂ, ਸਗੋਂ ਮਹਿਲਾਵਾਂ ਦੇ ਸਨਮਾਨ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਦਾ ਵੀ ਇੱਕ ਅਹਿਮ ਯਤਨ ਹੈ। ‘ਆਪ’ ਆਗੂਆਂ ਨੇ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਇਸ ਮਹੱਤਵਪੂਰਨ ਯੋਜਨਾ ਲਈ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਪੰਜਾਬ ਦੀਆਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ, ਸਮਾਜਿਕ ਭਾਗੀਦਾਰੀ ਅਤੇ ਸਨਮਾਨ ਵਿੱਚ ਮਹੱਤਵਪੂਰਨ ਵਾਧਾ ਕਰੇਗੀ ਅਤੇ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਨਵਾਂ ਅਧਿਆਏ ਸਾਬਤ ਹੋਵੇਗੀ।