- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਮਪੀਲੈਡਸ ਫੰਡ ਖ਼ਰਚਣ ਵਿੱਚ ਐੱਮਪੀ ਸਰਬਜੀਤ ਸਿੰਘ ਖਾਲਸਾ ਪੰਜਾਬ ਭਰ ਵਿੱਚ ਪਹਿਲੇ ਸਥਾਨ ’ਤੇ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਸੰਸਦ ਮੈਂਬਰ ਸਥਾਨਕ ਖੇਤਰ ਵਿਕਾਸ ਯੋਜਨਾ (ਐੱਮਪੀਲੈਡਸ) ਤਹਿਤ ਪ੍ਰਾਪਤ ਹੋਏ ਫੰਡ ਦੀ ਵਰਤੋਂ ਕਰਨ ਦੇ ਮਾਮਲੇ ਵਿੱਚ ਪੰਜਾਬ ਦੇ ਸਮੂਹ ਲੋਕ ਸਭਾ ਹਲਕਿਆਂ ਦੇ ਸੰਸਦ ਮੈਂਬਰਾਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਜਾਣਕਾਰੀ ਸੰਸਦ ਮੈਂਬਰ ਦੇ ਓ.ਐੱਸ.ਡੀ. ਭਾਈ ਗੁਰਪ੍ਰੀਤ ਸਿੰਘ ਮੱਤਾ ‘ਯੂਕੇ’ ਨੇ ਦਿੱਤੀ। ਉਨ੍ਹਾਂ ਕਿਹਾ ਕਿ ਵਿਕਾਸ ਫੰਡ ਦੀ ਪਾਰਦਰਸ਼ੀ, ਯੋਜਨਾਬੱਧ ਅਤੇ ਸਮੇਂ ਸਿਰ ਵਰਤੋਂ ਕਰਨਾ ਹੀ ਸੰਸਦ ਮੈਂਬਰ ਦੀ ਮੁੱਖ ਤਰਜੀਹ ਹੈ, ਜਿਸ ਦੇ ਨਤੀਜੇ ਵਜੋਂ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਰਫ਼ਤਾਰ ਨਾਲ ਜਾਰੀ ਹਨ। ਭਾਈ ਗੁਰਪ੍ਰੀਤ ਸਿੰਘ ਮੱਤਾ ਨੇ ਦੱਸਿਆ ਕਿ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਨੂੰ ਹੁਣ ਤੱਕ ਐੱਮਪੀਲੈਡਸ ਤਹਿਤ ਕੁੱਲ 15 ਕਰੋੜ 8 ਲੱਖ 50 ਹਜ਼ਾਰ 348 ਰੁਪਏ ਦੀ ਰਕਮ ਅਲਾਟ ਹੋਈ ਹੈ। ਇਸ ਵਿੱਚੋਂ 8 ਕਰੋੜ 86 ਲੱਖ 7 ਹਜ਼ਾਰ 249 ਰੁਪਏ, ਭਾਵ 58.7 ਫ਼ੀਸਦੀ ਰਕਮ, ਵੱਖ-ਵੱਖ ਵਿਕਾਸ ਕਾਰਜਾਂ ’ਤੇ ਖ਼ਰਚ ਕੀਤੀ ਜਾ ਚੁੱਕੀ ਹੈ। ਇਹ ਖ਼ਰਚ ਦੀ ਦਰ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਵਿੱਚ ਸਭ ਤੋਂ ਵੱਧ ਹੈ, ਜਿਸ ਕਾਰਨ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਸੂਬੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਐੱਮਪੀਲੈਡਸ ਤਹਿਤ 5 ਕਰੋੜ ਰੁਪਏ ਦੀ ਹੋਰ ਕਿਸ਼ਤ ਜਾਰੀ ਹੋਈ ਹੈ। ਇਸ ਤੋਂ ਪਹਿਲਾਂ ਕਰੀਬ 10 ਕਰੋੜ ਰੁਪਏ ਦੀ ਰਕਮ ਅਲਾਟ ਕੀਤੀ ਗਈ ਸੀ, ਜਿਸ ਵਿੱਚੋਂ ਲਗਭਗ 9 ਕਰੋੜ ਰੁਪਏ ਵਿਕਾਸ ਕਾਰਜਾਂ ’ਤੇ ਖ਼ਰਚ ਕੀਤੇ ਜਾ ਚੁੱਕੇ ਸਨ। ਨਵੀਂ ਕਿਸ਼ਤ ਮਿਲਣ ਤੋਂ ਬਾਅਦ ਹੁਣ ਕੁੱਲ ਅਲਾਟ ਰਕਮ 15.08 ਕਰੋੜ ਰੁਪਏ ਤੋਂ ਵੱਧ ਹੋ ਗਈ ਹੈ, ਜਿਸ ਦੀ ਵਰਤੋਂ ਵੀ ਵੱਖ-ਵੱਖ ਜਨਹਿੱਤ ਦੇ ਪ੍ਰਾਜੈਕਟਾਂ ਲਈ ਯੋਜਨਾਬੱਧ ਢੰਗ ਨਾਲ ਕੀਤੀ ਜਾ ਰਹੀ ਹੈ। ਭਾਈ ਗੁਰਪ੍ਰੀਤ ਸਿੰਘ ਮੱਤਾ ਨੇ ਕਿਹਾ ਕਿ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਹਰ ਵਰਗ ਤੱਕ ਵਿਕਾਸ ਦੀ ਰੌਸ਼ਨੀ ਪਹੁੰਚਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਐੱਮਪੀਲੈਡਸ ਫੰਡ ਰਾਹੀਂ ਸੜਕਾਂ ਦਾ ਨਿਰਮਾਣ, ਗਲੀਆਂ ਅਤੇ ਨਾਲੀਆਂ ਦੀ ਮੁਰੰਮਤ, ਸਟਰੀਟ ਲਾਈਟਾਂ ਦੀ ਸਥਾਪਨਾ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ, ਕਮਿਊਨਿਟੀ ਢਾਂਚਿਆਂ ਦੇ ਵਿਕਾਸ ਅਤੇ ਹੋਰ ਜਨਹਿੱਤ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਵਿਕਾਸ ਕਾਰਜਾਂ ਨਾਲ ਹਲਕੇ ਦੇ ਵਸਨੀਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ ਅਤੇ ਬੁਨਿਆਦੀ ਸਹੂਲਤਾਂ ਵਿੱਚ ਲਗਾਤਾਰ ਸੁਧਾਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਸਰਕਾਰੀ ਫੰਡ ਦਾ ਹਰ ਇਕ ਰੁਪਇਆ ਪਾਰਦਰਸ਼ੀ ਢੰਗ ਨਾਲ ਲੋਕ ਭਲਾਈ ਲਈ ਖ਼ਰਚ ਹੋਵੇ। ਇਸੇ ਸੋਚ ਦੇ ਤਹਿਤ ਵਿਕਾਸ ਕਾਰਜਾਂ ਦੀ ਨਿਯਮਤ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਮਨਜ਼ੂਰ ਹੋਏ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਉੱਚ ਮਿਆਰ ਨਾਲ ਮੁਕੰਮਲ ਹੋ ਸਕਣ। ਭਾਈ ਗੁਰਪ੍ਰੀਤ ਸਿੰਘ ਮੱਤਾ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਐੱਮਪੀਲੈਡਸ ਫੰਡ ਤਹਿਤ ਹੋਰ ਨਵੇਂ ਵਿਕਾਸ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿਵਾ ਕੇ ਹਲਕੇ ਦੇ ਹਰ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ, ਤਾਂ ਜੋ ਲੋਕ ਸਭਾ ਹਲਕਾ ਫ਼ਰੀਦਕੋਟ ਵਿਕਾਸ ਦੇ ਖੇਤਰ ਵਿੱਚ ਹੋਰ ਨਵੀਆਂ ਉਚਾਈਆਂ ਨੂੰ ਛੂਹ ਸਕੇ।