ਮੁੱਖ ਮੰਤਰੀ ਸਿਹਤ ਯੋਜਨਾ ਇਤਿਹਾਸਕ ਕਦਮ : ਸਪੀਕਰ ਸੰਧਵਾਂ
‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਆਗਾਜ਼ ਸੂਬੇ ਦੀ ਸਿਹਤ ਕ੍ਰਾਂਤੀ ਵੱਲ ਇੱਕ ਇਤਿਹਾਸਕ ਕਦਮ–ਸਪੀਕਰ ਸੰਧਵਾਂ
Publish Date: Fri, 23 Jan 2026 05:22 PM (IST)
Updated Date: Sat, 24 Jan 2026 04:07 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅੱਜ ਤੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਦੀ ਸਿਹਤ ਪ੍ਰਣਾਲੀ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਹੁਣ ਪੈਸੇ ਦੀ ਕਮੀ ਕਾਰਨ ਕਿਸੇ ਵੀ ਗਰੀਬ ਜਾਂ ਮੱਧਵਰਗੀ ਪਰਿਵਾਰ ਦਾ ਇਲਾਜ ਰੁਕਣ ਨਹੀਂ ਦਿੱਤਾ ਜਾਵੇਗਾ। ਸਪੀਕਰ ਸੰਧਵਾਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਪੰਜਾਬੀ ਨਿਵਾਸੀ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਮਰੀਜ਼ ਨੂੰ ਹਸਪਤਾਲ ਵਿੱਚ ਕਿਸੇ ਵੀ ਤਰ੍ਹਾਂ ਦੀ ਅਗਾਊਂ ਰਕਮ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਹੋਵੇਗੀ ਅਤੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਸਿੱਧਾ ਅਦਾ ਕੀਤਾ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਸਰਕਾਰ ਵੱਲੋਂ ਸੂਚੀਬੱਧ ਇਨਪੈਨਲਮੈਂਟ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਮੁਫ਼ਤ ਇਲਾਜ ਦੀ ਸੁਵਿਧਾ ਉਪਲਬਧ ਹੋਵੇਗੀ। ਇਹ ਯੋਜਨਾ ਪੰਜਾਬ ਦੇ ਹਰ ਨਿਵਾਸੀ ਲਈ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਤ, ਧਰਮ ਜਾਂ ਰਾਜਨੀਤਿਕ ਭੇਦਭਾਵ ਨਹੀਂ ਕੀਤਾ ਜਾਵੇਗਾ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ, ਸਮੇਂ ਸਿਰ ਅਤੇ ਇੱਜ਼ਤਦਾਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹੰਮ ਭੂਮਿਕਾ ਨਿਭਾਏਗੀ। ਉਨ੍ਹਾਂ ਦੱਸਿਆ ਕਿ ਹੈਲਥ ਕਾਰਡ ਬਣਾਉਣ ਲਈ ਜ਼ਿਲ੍ਹਾ ਫ਼ਰੀਦਕੋਟ ਵਿੱਚ ਕੁੱਲ 107 ਸੈਂਟਰ ਸਥਾਪਿਤ ਕੀਤੇ ਗਏ ਹਨ, ਤਾਂ ਜੋ ਲੋਕਾਂ ਨੂੰ ਕਾਰਡ ਬਣਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਲੋਕ-ਹਿਤੈਸ਼ੀ ਯੋਜਨਾ ਦਾ ਲਾਭ ਉਠਾਉਣ।