- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੇਰੇ ਪਿਤਾ ਗੁਰਦੇਵ ਸਿੰਘ ਬਾਦਲ ਦੇ ਵਿਕਾਸ ਕਾਰਜ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜ਼ਿੰਦਾ : ਸੂਬਾ ਸਿੰਘ ਬਾਦਲ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੂਬਾ ਸਿੰਘ ਬਾਦਲ ਨੇ ਇੱਥੇ ‘ਪੰਜਾਬੀ ਜਾਗਰਣ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮੇਰੇ ਸਤਿਕਾਰਯੋਗ ਪਿਤਾ ਅਤੇ ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਸਵਰਗੀ ਸ. ਗੁਰਦੇਵ ਸਿੰਘ ਬਾਦਲ ਵੱਲੋਂ ਆਪਣੇ ਕਾਰਜਕਾਲ ਦੌਰਾਨ ਜੈਤੋ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਗਏ ਇਤਿਹਾਸਕ ਅਤੇ ਲੋਕ-ਭਲਾਈ ਕਾਰਜ ਅੱਜ ਵੀ ਇਲਾਕੇ ਦੇ ਲੋਕਾਂ ਦੀ ਯਾਦ ਵਿੱਚ ਤਾਜ਼ਾ ਹਨ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰਤੀ ਦੂਰਅੰਦੇਸ਼ੀ ਸੋਚ, ਲੋਕਾਂ ਨਾਲ ਸਿੱਧਾ ਰਾਬਤਾ ਅਤੇ ਹਲਕੇ ਦੀਆਂ ਲੋੜਾਂ ਨੂੰ ਸਮਝਦਿਆਂ ਕਰਵਾਏ ਗਏ ਕੰਮਾਂ ਸਦਕਾ ਜੈਤੋ ਨੇ ਇੱਕ ਵਿਲੱਖਣ ਪਛਾਣ ਬਣਾਈ, ਜਿਸ ਦੀ ਮਿਸਾਲ ਲੋਕ ਅੱਜ ਵੀ ਮਾਣ ਨਾਲ ਦਿੰਦੇ ਹਨ। ਸੂਬਾ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਦੌਰਾਨ ਜੈਤੋ ਹਲਕੇ ਵਿੱਚ ਵਿਕਾਸ ਦੇ ਅਨੇਕਾਂ ਪ੍ਰੋਜੈਕਟ ਲਾਗੂ ਕੀਤੇ ਗਏ, ਜਿਨ੍ਹਾਂ ਦਾ ਲਾਭ ਲੋਕ ਅੱਜ ਵੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਈ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਆਰ.ਓ. ਸਿਸਟਮ ਲਗਵਾਏ ਗਏ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਸਿੱਧਾ ਫ਼ਾਇਦਾ ਮਿਲਿਆ। ਸਿਹਤਮੰਦ ਸਮਾਜ ਦੀ ਸਿਰਜਣਾ ਲਈ ਇਹ ਇੱਕ ਮਹੱਤਵਪੂਰਨ ਕਦਮ ਸੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ ਬਣਵਾਏ ਗਏ। ਇਨ੍ਹਾਂ ਸਟੇਡੀਅਮਾਂ ਨੇ ਅਨੇਕਾਂ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਦਿੱਤਾ। ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਯੋਗਦਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜੈਤੋ ਵਿੱਚ ਯੂਨੀਵਰਸਿਟੀ ਕਾਲਜ ਦੀ ਸਥਾਪਨਾ ਕਰਵਾਉਣਾ ਇਲਾਕੇ ਲਈ ਇੱਕ ਇਤਿਹਾਸਕ ਪ੍ਰਾਪਤੀ ਸੀ। ਇਸ ਨਾਲ ਹਜ਼ਾਰਾਂ ਵਿਦਿਆਰਥੀਆਂ, ਖ਼ਾਸ ਕਰਕੇ ਪੇਂਡੂ ਖੇਤਰਾਂ ਦੀਆਂ ਲੜੀਕੀਆਂ ਅਤੇ ਨੌਜਵਾਨਾਂ ਨੂੰ ਉੱਚ ਸਿੱਖਿਆ ਹਾਸਲ ਕਰਨ ਲਈ ਦੂਰ-ਦੁਰਾਡੇ ਨਹੀਂ ਜਾਣਾ ਪਿਆ ਅਤੇ ਉਨ੍ਹਾਂ ਦੇ ਸਮੇਂ ਅਤੇ ਧਨ ਦੀ ਬਚਤ ਹੋਈ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਪ੍ਰਸ਼ਾਸਨਿਕ ਸਹੂਲਤਾਂ ਨੂੰ ਸੁਚਾਰੂ ਬਣਾਉਣ ਲਈ ਆਧੁਨਿਕ ਤਹਿਸੀਲ ਕੰਪਲੈਕਸ ਬਣਵਾਇਆ ਗਿਆ, ਜਿਸ ਨਾਲ ਆਮ ਲੋਕਾਂ ਨੂੰ ਸਰਕਾਰੀ ਕੰਮਾਂ ਲਈ ਬਿਹਤਰ ਅਤੇ ਸੁਵਿਧਾਜਨਕ ਮਾਹੌਲ ਪ੍ਰਾਪਤ ਹੋਇਆ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਡੀ ਗਿਣਤੀ ਵਿੱਚ ਖੇਤੀਬਾੜੀ ਮੋਟਰ ਕੁਨੈਕਸ਼ਨ ਜਾਰੀ ਕਰਵਾਏ ਗਏ, ਜਿਸ ਨਾਲ ਸਿੰਚਾਈ ਪ੍ਰਣਾਲੀ ਮਜ਼ਬੂਤ ਹੋਈ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਆਇਆ। ਸੂਬਾ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਅਤੇ ਮੰਡੀਕਰਨ ਨੂੰ ਹੋਰ ਸੁਚਾਰੂ ਬਣਾਉਣ ਲਈ ਨਵੀਆਂ ਦਾਣਾ ਮੰਡੀਆਂ ਬਣਵਾਈਆਂ ਗਈਆਂ, ਜਿਨ੍ਹਾਂ ਦਾ ਲਾਭ ਅੱਜ ਵੀ ਕਿਸਾਨ ਭਾਈਚਾਰਾ ਲੈ ਰਿਹਾ ਹੈ। ਇਸੇ ਤਰ੍ਹਾਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਆਟਾ-ਦਾਲ ਸਕੀਮ ਲਾਗੂ ਕੀਤੀ ਗਈ, ਜਿਸ ਨੇ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਰਾਹਤ ਪ੍ਰਦਾਨ ਕੀਤੀ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸਹਾਰਾ ਦਿੱਤਾ। ਉਨ੍ਹਾਂ ਕਿਹਾ ਕਿ ਜੈਤੋ ਸ਼ਹਿਰ ਅਤੇ ਪਿੰਡਾਂ ਵਿੱਚ ਸੜਕਾਂ, ਗਲੀਆਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਕੰਮ ਕਰਵਾਏ ਗਏ। ਅੱਜ ਵੀ ਇਹ ਵਿਕਾਸ ਕਾਰਜ ਜੈਤੋ ਹਲਕੇ ਦੀ ਤਰੱਕੀ, ਦੂਰਅੰਦੇਸ਼ੀ ਯੋਜਨਾਬੰਦੀ ਅਤੇ ਲੋਕ-ਪੱਖੀ ਸੋਚ ਦੇ ਜੀਵੰਤ ਪ੍ਰਤੀਕ ਵਜੋਂ ਖੜ੍ਹੇ ਹਨ। ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ’ਤੇ ਸਵਾਲ ਉਠਾਉਂਦਿਆਂ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਦੱਸੇ ਕਿ ਜੈਤੋ ਹਲਕੇ ਲਈ ਅਜਿਹਾ ਕਿਹੜਾ ਨਵਾਂ ਵਿਕਾਸ ਕਾਰਜ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਵਿੱਚ ਸਪੱਸ਼ਟ ਅਤੇ ਦਿਖਾਈ ਦੇਣ ਵਾਲਾ ਬਦਲਾਅ ਆਇਆ ਹੋਵੇ। ਉਨ੍ਹਾਂ ਕਿਹਾ ਕਿ ਸਿਰਫ਼ ਐਲਾਨ ਕਰਨ ਜਾਂ ਨੀਂਹ ਪੱਥਰ ਰੱਖਣ ਨਾਲ ਵਿਕਾਸ ਨਹੀਂ ਹੁੰਦਾ, ਸਗੋਂ ਲੋਕਾਂ ਨੂੰ ਮੁਕੰਮਲ ਹੋਏ ਪ੍ਰੋਜੈਕਟ ਅਤੇ ਉਨ੍ਹਾਂ ਦੇ ਜ਼ਮੀਨੀ ਨਤੀਜੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ, ਪੰਜਾਬੀਅਤ ਅਤੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਰਹੀ ਹੈ। ਜੈਤੋ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਨੂੰ ਆਪਣੀਆਂ ਅੱਖਾਂ ਨਾਲ ਵੇਖਿਆ ਹੈ। ਅੱਜ ਵੀ ਉਨ੍ਹਾਂ ਕੰਮਾਂ ਦੀ ਚਰਚਾ ਲੋਕਾਂ ਵਿੱਚ ਆਮ ਸੁਣਨ ਨੂੰ ਮਿਲਦੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਜੈਤੋ ਦੇ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਲਈ ਨਿਰੰਤਰ ਯਤਨਸ਼ੀਲ ਰਹੇਗਾ।